ਸੁਰਿੰਦਰ ਸਿੰਘ ਗੁਰਾਇਆਟਾਂਡਾ, 11 ਅਪਰੈਲਇੱਥੇ ਅੱਜ ਅਕਾਲ ਤਖ਼ਤ ਤੋਂ ਬਣੀ ਪੰਜ ਮੈਂਬਰੀ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਦੀ ਸ਼ੁਰੂਆਤ ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਦਸੂਹਾ ਦੀ ਅਗਵਾਈ ਵਿੱਚ ਹੋਈ। ਇਸ ਮੌਕੇ ਭਰਤੀ ਮੁਹਿੰਮ ਦੀ ਸ਼ੁਰੂਆਤ ਕਰਨ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਮਨਜੀਤ ਸਿੰਘ ਦਸੂਹਾ ਵੱਲੋਂ ਭਰਤੀ ਮੁਹਿੰਮ ਲਈ ਕੀਤੇ ਵੱਡੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਤੋਂ ਭਗੌੜਿਆਂ ਨੂੰ ਸਬਕ ਸਿਖਾਉਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਥ ਦਾ ਦਰਦ ਰੱਖਣ ਲੋਕ ਚਾਹੁੰਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ ਹੋਵੇ। ਲੋਕ ਬਾਦਲ ਪਰਿਵਾਰ ਖ਼ਿਲਾਫ਼ ਹਨ ਨਾ ਕਿ ਸ਼੍ਰੋਮਣੀ ਅਕਾਲੀ ਦਲ ਦੇ। ਇਸ ਮੌਕੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਜਿਲ੍ਹਾ ਹੁਸ਼ਿਆਰਪੁਰ ਵਿੱਚ ਪੰਜ ਮੈਂਬਰੀ ਕਮੇਟੀ ਦੀ ਭਰਤੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਸਾਹਿਬ ਵਾਲਿਆਂ ਵੱਲੋਂ ਉਨ੍ਹਾਂ ਦੇ ਪੁੱਤਰ ਭਾਈ ਭੁਪਿੰਦਰ ਸਿੰਘ ਨੇ ਹਾਜ਼ਰੀ ਭਰਦਿਆਂ ਪੰਥ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸਾਬਕਾ ਚੇਅਰਮੈਨ ਸਤਵਿੰਦਰ ਪਾਲ ਢੱਟ, ਸਾਬਕਾ ਯੂਥ ਪ੍ਰਧਾਨ ਜ਼ਿਲ੍ਹਾ ਗੁਰਿੰਦਰ ਸਿੰਘ ਗੋਲਡੀ, ਅਮਨਦੀਪ ਸਿੰਘ ਗਿੱਲ ਅਤੇ ਸਰਬਜੀਤ ਸਿੰਘ ਗੋਲਡੀ ਦਸੂਹਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਸੁਖਵਿੰਦਰ ਸਿੰਘ ਮੂਨਕ ਨੇ ਨਿਭਾਈ।