ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਹੁਦੇ ਤੋਂ ਲਾਂਭੇ ਕਰਨ ਦਾ ਫ਼ੈਸਲਾ ਮੰਦਭਾਗਾ: ਜਥੇਦਾਰ ਅਮਰੀਕ ਸਿੰਘ
ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 10 ਮਾਰਚ
ਮੁਹਾਲੀ ਨਗਰ ਕੌਂਸਲ ਹੁਣ ਨਗਰ ਨਿਗਮ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਜਥੇਦਾਰ ਅਮਰੀਕ ਸਿੰਘ ਮੁਹਾਲੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਦਾ ਫ਼ੈਸਲਾ ਬੇਹੱਦ ਨਿੰਦਣਯੋਗ ਅਤੇ ਮੰਦਭਾਗਾ ਹੈ।
ਅੱਜ ਇੱਥੇ ਜਾਰੀ ਬਿਆਨ ਵਿੱਚ ਜਥੇਦਾਰ ਅਮਰੀਕ ਸਿੰਘ ਮੁਹਾਲੀ ਨੇ ਕਿਹਾ ਕਿ ਐੱਸਜੀਪੀਸੀ ਦੀ ਅੰਤਰਿੰਗ ਕਮੇਟੀ (ਜਿਸ ਦਾ ਕੋਈ ਮੁਖੀ ਹੀ ਨਹੀਂ ਹੈ) ਕੋਲ ਕੋਈ ਅਧਿਕਾਰ ਹੀ ਨਹੀਂ ਹੈ ਕਿ ਇਸ ਢੰਗ ਨਾਲ ਤਖ਼ਤਾਂ ਦੇ ਜਥੇਦਾਰਾਂ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਇਆ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਮਾਂ ਪੂਰਾ ਹੋਏ ਨੂੰ ਕਰੀਬ ਚਾਰ ਸਾਲ ਹੋ ਗਏ ਹਨ ਪ੍ਰੰਤੂ ਹੁਣ ਤੱਕ ਦੁਬਾਰਾ ਚੋਣਾਂ ਨਹੀਂ ਹੋਈਆਂ। ਉਂਜ ਵੀ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਸਤੀਫ਼ਾ ਦੇ ਚੁੱਕੇ ਹਨ। ਪ੍ਰਧਾਨ ਦੀ ਗੈਰਮੌਜੂਦਗੀ ਵਿੱਚ ਅਜਿਹੇ ਮਹੱਤਵਪੂਰਨ ਫ਼ੈਸਲੇ ਨਹੀਂ ਲਏ ਜਾ ਸਕਦੇ ਹਨ।