‘ਆਪ’ ਦੀ ਕੇਂਦਰ ਨਾਲ ਤਾਲਮੇਲ ਦੀ ਕਮੀ ਦਾ ਖਾਮਿਆਜ਼ਾ ਭੁਗਤ ਰਹੇ ਨੇ ਲੋਕ: ਕੰਗ
ਮਿਹਰ ਸਿੰਘ
ਕੁਰਾਲੀ,6 ਜੁਲਾਈ
ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਹਲਕਾ ਖਰੜ ਦੀਆਂ ਲਿੰਕ ਸੜਕਾਂ ਦੀ ਖਸਤਾ ਹਾਲਤ ਲਈ ‘ਆਪ’ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਸ੍ਰੀ ਕੰਗ ਨੇ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਤੇ ਕੇਂਦਰ ਨਾਲ ਤਾਲਮੇਲ ਦੀ ਕਮੀ ਦਾ ਖਾਮਿਆਜ਼ਾ ਲੋਕ ਭੁਗਤ ਰਹੇ ਹਨ।
ਇਲਾਕੇ ਦੀਆਂ ਸੜਕਾ ਦੀ ਖਸਤਾ ਹਾਲਤ ਬਾਰੇ ਸ੍ਰੀ ਕੰਗ ਨੇ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿੱਚ ਆਈ ਹੈ ਲਿੰਕ ਸੜਕਾਂ ਦੀ ਕਿਸੇ ਨੇ ਸਾਰ ਤੱਕ ਨਹੀਂ ਲਈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਲਾਂ ਵਿੱਚ ਸੜਕਾਂ ਟੋਇਆ ਦਾ ਰੂਪ ਧਾਰਨ ਕਰ ਚੁੱਕੀਆਂ ਹਨ ਜਦਕਿ ਸਰਕਾਰ ਸੁੱਤੀ ਪਈ ਹੇ। ਬਲਾਕ ਮਾਜਰੀ ਅਧੀਨ ਆਉਂਦੇ ਇਲਾਕੇ ਦੀਆਂ ਲਿੰਕ ਸੜਕਾਂ ਦੀ ਹਾਲਤ ਦਿਖਾਉਂਦੇ ਹੋਏ ਸਾਬਕਾ ਮੰਤਰੀ ਕੰਗ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਹਲਕੇ ਦੀਆਂ ਸਾਰੀਆਂ ਲਿੰਕ ਸੜਕਾਂ ਬਣਾਈਆਂ ਅਤੇ ਉਨ੍ਹਾਂ ਦੀ ਮੁਰੰਮਤ ਵੀ ਕਰਵਾਈ। ਪਰ ’ਆਪ’ ਸਰਕਾਰ ਨੇ ਲਿੰਕ ਸੜਕਾਂ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਕਾਰਨ ਅੱਜ ਖਰੜ ਹਲਕੇ ਅਧੀਨ ਆਉਂਦੇ ਇਲਾਕੇ ਦੀਆਂ ਲਿੰਕ ਸੜਕਾਂ ਦੀ ਹਾਲਤ ਮਾੜੀ ਹੈ। ਸ੍ਰੀ ਕੰਗ ਨੇ ਕਿਹਾ ਕਿ ਹਲਕੇ ਦੀ ਸਭ ਤੋਂ ਮਹੱਤਵਪੂਰਨ ਚਟੌਲੀ-ਥਾਣਾ ਗੋਬਿੰਦਗੜ੍ਹ-ਖਿਜ਼ਰਾਬਾਦ, ਅਤੇ ਮੁੰਧੋਂ ਸੰਗਤੀਆਂ-ਗੁੰਨੋਮਾਜਰਾ-ਝੰਡੇਮਾਜਰਾ ਤੋਂ ਇਲਾਵਾ ਹੋਰ ਲਿੰਕ ਸੜਕ ਦੀ ਮਾੜੀ ਹਾਲਤ ਸਰਕਾਰ ਦੀ ਅਸਫਲਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕਰ ਕੇ ਸੱਤਾ ਵਿੱਚ ਆਈ ਹੈ ਪਰ ਸਰਕਾਰ ਦੀਆਂ ਗਲਤ ਨੀਤੀਆਂ ਲੋਕਾਂ ਲਈ ਭਾਰੀ ਪੈ ਰਹੀਆਂ ਹਨ।
ਸ੍ਰੀ ਕੰਗ ਨੇ ਕਿਹਾ ਕਿ ਕੇਂਦਰ ਸਰਕਾਰ ਨਾਲ ਬੇਲੋੜੇ ਟਕਰਾਅ ਅਤੇ ਤਜ਼ਰਬੇ ਦੀ ਘਾਟ ਕਾਰਨ ਪੰਜਾਬ ਵਿੱਚ ਗੈਰ-ਕਾਨੂੰਨੀ ਮਾਈਨਿੰਗ, ਨਸ਼ਾਖੋਰੀ, ਗੈਂਗਸਟਰਵਾਦ ਵਧ ਰਿਹਾ ਹੈ ਅਤੇ ਹਰ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਚੁੱਕਾ ਹੈ ਅਤੇ ’ਆਪ’ ਸਰਕਾਰ ਨੂੰ ਕੋਸ ਰਿਹਾ ਹੈ। ਸ੍ਰੀ ਕੰਗ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਹਲਕੇ ਦੀਆਂ ਸੜਕਾਂ ਦੀ ਸਾਰ ਲਈ ਜਾਵੇ ਤਾਂ ਜੋ ਪਿੰਡਾਂ ਦੇ ਲੋਕਾਂ ਦਾ ਜੀਵਨ ਕੁਝ ਸੁਖਾਲਾ ਹੋ ਸਕੇ।