ਖੇਤਰੀ ਪ੍ਰਤੀਨਿਧਲੁਧਿਆਣਾ, 15 ਅਪਰੈਲਜਨ ਚੇਤਨਾ ਲੁਧਿਆਣਾ ਵੱਲੋਂ ਭਾਰਤ ਦੇ ਮਹਾਨ ਸਪੂਤ ਡਾ. ਭੀਮ ਰਾਓ ਅੰਬੇਡਕਰ ਦੇ ਭਾਰਤੀ ਸੰਵਿਧਾਨ ਵਿੱਚ ਪਾਏ ਯੋਗਦਾਨ ਨੂੰ ਯਾਦਗਾਰ ਬਣਾਉਂਦਿਆਂ ਗੁਰੂ ਨਾਨਕ ਭਵਨ ਦੇ ਮਿਨੀ ਆਡੀਟੋਰੀਅਮ ਵਿੱਚ ‘ਭਾਰਤ ਰਤਨ ਡਾ. ਬੀ. ਆਰ. ਅੰਬੇਡਕਰ ਅਤੇ ਭਾਰਤੀ ਲੋਕਤੰਤਰ’ ਵਿਸ਼ੇ ’ਤੇ ਗੋਸ਼ਟੀ ਕਰਵਾਈ ਗਈ। ਸੰਸਥਾ ਦੇ ਪ੍ਰਧਾਨ ਡਾ. ਵਿਨੇ ਸੋਫਤ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਪਿਛਲੇ ਵਰ੍ਹਿਆਂ ਵਿੱਚ ਜਨ ਚੇਤਨਾ ਵੱਲੋਂ ਕੀਤੇ ਗਏ ਕੰਮਾਂ ਦਾ ਵੇਰਵਾ ਦਿੱਤਾ। ਡਾ. ਅੰਬੇਡਕਰ ਸਟੱਡੀ ਸਰਕਲ ਦੇ ਕਨਵੀਨਰ ਕਮਲ ਕਟਾਰੀਆਂ ਨੇ ਬਾਬਾ ਸਾਹਿਬ ਦੇ ਜੀਵਨ ਤੇ ਚਾਨਣਾ ਪਾਉਂਦਿਆਂ ਭਾਰਤੀ ਸਮਾਜ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਚਰਚਾ ਕੀਤੀ। ਇਸ ਮੌਕੇ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਸਿਰਸਾ ਦੇ ਸਾਬਕਾ ਉਪ ਕੁਲਪਤੀ ਅਤੇ ਮਹਾਰਸ਼ੀ ਦਯਾਨੰਦ ਯੂਨੀਵਰਸਿਟੀ ਰੋਹਤਕ, ਹਰਿਆਣਾ ਦੇ ਸਾਬਕਾ ਪ੍ਰਧਾਨ ਵਿਜੈ ਕੁਮਾਰ ਕਾਇਤ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਦਿਆਂ ਬਾਬਾ ਸਾਹਿਬ ਦੇ ਜੀਵਨ ਦੇ ਹਰ ਪਹਿਲੂ ਦੀ ਚਰਚਾ ਕਰਦਿਆਂ ਭਾਰਤੀ ਲੋਕਤੰਤਰ ਅਤੇ ਵਿਸ਼ੇਸ਼ ਤੌਰ ’ਤੇ ਮਹਿਲਾਵਾਂ ਲਈ ਬਾਬਾ ਸਾਹਿਬ ਵੱਲੋਂ ਕੀਤੇ ਗਏ ਕੰਮਾਂ ’ਤੇ ਚਾਨਣਾ ਪਾਇਆ। ਪ੍ਰਧਾਨ ਪ੍ਰੋਫੈਸਰ ਅਵਤਾਰ ਸਿੰਘ ਨੇ ਸਨਾਤਨ ਧਰਮ ਤੇ ਪੁਰਾਤਨ ਗ੍ਰੰਥਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਅੱਜ ਸਮਾਜ ਨੂੰ ਜੋੜਨ ਲਈ ਰੋਟੀ ਤੇ ਬੇਟੀ ਦੀ ਸਾਂਝ ਹੋਣੀ ਬਹੁਤ ਜ਼ਰੂਰੀ ਹੈ। ਡੀਐਮਸੀਐਚ ਵੱਲੋਂ ਡਾ. ਸ਼ੀਬਾ ਟੱਕਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਜਨਚੇਤਨਾ ਦੇ ਉਪ ਪ੍ਰਧਾਨ ਸੰਜੇ ਕੁਮਾਰ ਨੇ ਆਏ ਹੋਏ ਵਿਦਵਾਨਾਂ ਤੇ ਸਰੋਤਿਆਂ ਦਾ ਧੰਨਵਾਦ ਕੀਤਾ।