ਅੰਬੇਡਕਰ ਦੇ ਬੁੱਤ ਦੀ ਭੰਨ-ਤੋੜ ਖ਼ਿਲਾਫ਼ ਕੌਮੀ ਮਾਰਗ ਜਾਮ
ਗੁਰਨਾਮ ਸਿੰਘ ਚੌਹਾਨ
ਪਾਤੜਾਂ, 29 ਜਨਵਰੀ
ਅੰਮ੍ਰਿਤਸਰ ਵਿੱਚ ਹੈਰੀਟੇਜ ਸਟਰੀਟ ’ਚ ਸਥਾਪਤ ਭਾਰਤੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਗਣਤੰਤਰ ਦਿਵਸ ਮੌਕੇ ਖੰਡਿਤ ਕੀਤੇ ਜਾਣ ਦੀ ਘਟਨਾ ਮਗਰੋਂ ਪੰਜਾਬ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਲੋਕਾਂ ਵੱਲੋਂ ਅੱਜ ਸ਼ਹਿਰ ਦੇ ਭਗਤ ਸਿੰਘ ਚੌਕ ਵਿੱਚ ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ ਜਾਮ ਕੀਤਾ ਗਿਆ ਅਤੇ ਪਾਤੜਾਂ ਪ੍ਰਸ਼ਾਸਨ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਮੰਗ ਪੱਤਰ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਮੁਲਜ਼ਮ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਤੇ ਸਾਜਿਸ਼ ਦਾ ਪਰਦਾਫਾਸ਼ ਕਰਨ ਦੀ ਮੰਗ ਕੀਤੀ। ਇਸ ਮੌਕੇ ਸ੍ਰੀ ਗੁਰੂ ਰਵਿਦਾਸ ਕਮੇਟੀ ਪਾਤੜਾਂ, ਭਗਵਾਨ ਵਾਲਮੀਕਿ ਸਭਾ ਪਾਤੜਾਂ, ਸਵੀਪਰ ਯੂਨੀਅਨ ਨਗਰ ਕੌਂਸਲ ਪਾਤੜਾਂ, ਜਾਹਰ ਵੀਰ ਸੇਵਾ ਦਲ ਪਾਤੜਾਂ, ਬਹੁਜਨ ਸਮਾਜ ਪਾਰਟੀ, ਡਾ. ਅੰਬੇਡਕਰ ਕਿਰਤੀ ਮਜ਼ਦੂਰ ਸੰਘ, ਪੰਜਾਬ ਵੱਲੋਂ ਸਾਂਝੇ ਤੌਰ ’ਤੇ ਪ੍ਰਦਰਸ਼ਨ ਕੀਤਾ ਗਿਆ। ਡਾ. ਅੰਬੇਡਕਰ ਕਿਰਤੀ ਮਜ਼ਦੂਰ ਸੰਘ ਪੰਜਾਬ ਦੇ ਸੂਬਾ ਪ੍ਰਧਾਨ ਡਾ. ਜਤਿੰਦਰ ਸਿੰਘ ਮੱਟੂ ਨੇ ਕਿਹਾ ਕਿ ਗਣਤੰਤਰ ਦਿਵਸ ਵਾਲੇ ਦਿਨ ਚੱਪੇ ਚੱਪੇ ’ਤੇ ਪੁਲੀਸ ਤਾਇਨਾਤ ਹੋਣ ਦੇ ਬਾਵਜੂਦ ਗੁਰੂ ਨਗਰੀ ਵਿਖੇ ਅਜਿਹੀ ਵਾਰਦਾਤ ਦਾ ਹੋਣਾ ਪੰਜਾਬ ਸਰਕਾਰ ਦੇ ਪ੍ਰਬੰਧ ’ਤੇ ਸਵਾਲੀਆ ਨਿਸ਼ਾਨ ਹੈ। ਉਨ੍ਹਾਂ ਮੰਗ ਕੀਤੀ ਕਿ ਮੁਲਜ਼ਮ ਖ਼ਿਲਾਫ਼ ਦੇਸ਼ਧ੍ਰੋਹ ਦਾ ਕੇਸ ਦਰਜ ਕਰਕੇ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇ।
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਇੱਥੇ ਨਗਰ ਕੌਂਸਲ ਦੇ ਦਫ਼ਤਰ ਵਿਖੇ ਅੱਜ ਪੰਜਾਬ ਸਫਾਈ ਮਜ਼ਦੂਰ ਯੂਨੀਅਨ ਵੱਲੋਂ ਡਾ. ਬੀਆਰ ਅੰਬੇਡਕਰ ਦੇ ਬੁੱਤ ਦੀ ਭੰਨ-ਤੋੜ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਗੁਰਮੇਲ ਸਿੰਘ, ਮੀਤ ਪ੍ਰਧਾਨ ਤਰਸੇਮ ਸਿੰਘ, ਸਕੱਤਰ ਹਰਕ੍ਰਿਸ਼ਨ ਸਿੰਘ, ਚੇਅਰਮੈਨ ਕਾਕਾ ਸਿੰਘ, ਸੋਨੂੰ ਰਾਣੀ, ਮਨਜੀਤ ਕੌਰ, ਕੁਲਵਿੰਦਰ ਕੌਰ ਅਤੇ ਰਾਣੀ ਕੌਰ ਨੇ ਕਿਹਾ ਕਿ ਡਾ. ਬੀਆਰ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਦੀ ਘਟੀਆ ਹਰਕਤ ਨਾਲ ਕਰੋੜਾਂ ਲੋਕਾਂ ਦੇ ਮਨਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਮੰਗ ਕੀਤੀ ਕਿ ਘਟਨਾ ਦੇ ਜ਼ਿੰਮੇਵਾਰ ਸ਼ਰਾਰਤੀ ਅਨਸਰ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਇਸੇ ਤਰ੍ਹਾਂ ਭਾਰਤੀ ਅੰਬੇਡਕਰ ਮਿਸ਼ਨ ਭਾਰਤ ਦੇ ਸਕੱਤਰ ਜਗਸੀਰ ਸਿੰਘ ਖੇੜੀ ਚੰਦਵਾਂ ਨੇ 30 ਜਨਵਰੀ ਨੂੰ ਸੰਗਰੂਰ ਬੰਦ ਕਰਨ ਦੀ ਅਪੀਲ ਕੀਤੀ।
ਪਟਿਆਲਾ (ਗੁਰਨਾਮ ਸਿੰਘ ਅਕੀਦਾ): ਅੰਮ੍ਰਿਤਸਰ ’ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ’ਤੇ ਅੰਤਰਰਾਸ਼ਟਰੀ ਹਿੰਦੂ ਪ੍ਰੀਸ਼ਦ ਦੇ ਪੰਜਾਬ ਕਾਰਜਕਾਰੀ ਪ੍ਰਧਾਨ ਵਿਜੈ ਕਪੂਰ ਨੇ ਕਿਹਾ ਕਿ ਇਹ ਘਟਨਾ ਬਹੁਤ ਹੀ ਨਿੰਦਣਯੋਗ ਹੈ। ਇਹ ਘਟਨਾ ਬਾਬਾ ਸਾਹਿਬ ਦੇ ਵਿਚਾਰਾਂ, ਸੰਵਿਧਾਨ ਅਤੇ ਸਮਾਜਿਕ ਨਿਆਂ ਦੇ ਮੂਲ ਸਿਧਾਂਤਾਂ ’ਤੇ ਹਮਲਾ ਹੈ। ਉਨ੍ਹਾਂ ਕਿਹਾ ਕਿ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਸਮਾਜ ਨੂੰ ਵੰਡਣ ਅਤੇ ਅਸ਼ਾਂਤੀ ਫੈਲਾਉਣ ਦੀ ਸਾਜ਼ਿਸ਼ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਇਹ ਮਾਮਲਾ ਫਾਸਟ-ਟਰੈਕ ਅਦਾਲਤ ਵਿੱਚ ਚਲਾਉਣ ਦੀ ਮੰਗ ਕੀਤੀ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਡਾ. ਬੀ ਆਰ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਖ਼ਿਲਾਫ਼ ਇੱਥੋਂ ਦੀਆਂ ਸ੍ਰੀ ਗੁਰੂ ਰਵਿਦਾਸ ਧਾਰਮਿਕ ਕਮੇਟੀਆਂ, ਬਰਾਸ ਫਾਊਂਡੇਸ਼ਨ ਗੋਬਿੰਦਗੜ੍ਹ ਖੋਖਰ, ਡਾ. ਭੀਮ ਰਾਓ ਅੰਬੇਡਕਰ ਸੰਘਰਸ਼ ਕਮੇਟੀ ਲਹਿਰਾਗਾਗਾ, ਅੰਬੇਡਕਰੀ ਚੇਤਨਾ ਮੰਚ, ਭਗਵਾਨ ਵਾਲਮਿਕੀ ਸਭਾ, ਐੱਸਸੀ/ਐੱਸਟੀ ਕਮੇਟੀਆਂ, ਸਤਿਗੁਰੂ ਰਵਿਦਾਸ ਪ੍ਰਚਾਰਕ ਕਮੇਟੀ ਆਦਿ ਵਿੱਚ ਭਾਰੀ ਰੋਸ ਹੈ। ਜਥੇਬੰਦੀਆਂ ਦੇ ਆਗੂਆਂ ਦੇ ਵਫ਼ਦ ਨੇ ਐੱਸਡੀਐੱਮ ਦਫਤਰ ਵਿਚ ਨਾਇਬ ਤਹਿਸੀਲਦਾਰ ਗੁਰਚਰਨ ਸਿੰਘ ਨੂੰ ਮੰਗ ਪੱਤਰ ਦੇਕੇ ਇਸ ਘਟਨਾ ਦੀ ਜਾਂਚ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਘਟਨਾ ਸਿੱਧਾ ਸੰਵਿਧਾਨ ’ਤੇ ਹਮਲਾ ਹੈ।
ਬੁੱਤ ਤੋੜਨ ਵਾਲੇ ਖ਼ਿਲਾਫ਼ ਐੱਨਐੱਸਏ ਲਾਉਣ ਦੀ ਮੰਗ
ਮਾਲੇਰਕੋਟਲਾ (ਹੁਸ਼ਿਆਰ ਸਿੰਘ ਰਾਣੂ): ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿੱਚ ‘ਭਾਰਤ ਰਤਨ’ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਭੰਨ-ਤੋੜ ਕਰਨ ਵਾਲੇ ਖ਼ਿਲਾਫ਼ ਕੌਮੀ ਸੁਰੱਖਿਆ ਐਕਟ (ਐੱਨਐੱਸਏ) ਤਹਿਤ ਕੇਸ ਦਰਜ ਕਰਨ ਦੀ ਮੰਗ ਲਈ ਭਾਰਤੀ ਅੰਬੇਡਕਰ ਮਿਸ਼ਨ ਭਾਰਤ ਦੀ ਜ਼ਿਲ੍ਹਾ ਇਕਾਈ ਦੇ ਵਫ਼ਦ ਵੱਲੋਂ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਜੋਤੀ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ। ਮਿਸ਼ਨ ਦੇ ਕੌਮੀ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ, ਹਰਬੰਸ ਸਿੰਘ ਦੌਦ, ਪਰਮਿੰਦਰ ਸਿੰਘ ਸਰਵਰਪੁਰ, ਹਰਫੂਲ ਸਿੰਘ, ਤਾਰਾ ਸਿੰਘ, ਗੁਰਜੰਟ ਸਿੰਘ ਆਦਿ ਸ਼ਾਮਲ ਸਨ। ਦਰਸ਼ਨ ਕਾਂਗੜਾ ਨੇ ਕਿਹਾ ਕਿ ਬਾਬਾ ਸਾਹਿਬ ਦੇ ਬੁੱਤ ਤੇ ਸੰਵਿਧਾਨ ਦਾ ਨਿਰਾਦਰ ਕਰਨ ਵਾਲੇ ਦੇਸ਼ਧ੍ਰੋਹੀ ਹਨ ਅਤੇ ਉਨ੍ਹਾਂ ਖ਼ਿਲਾਫ਼ ਦੇਸ਼ਧਰੋਹ ਦਾ ਮੁਕੱਦਮਾ ਦਰਜ ਹੋਣਾ ਚਾਹੀਦਾ ਹੈ। ਇਸ ਮੌਕੇ ਸਤਨਾਮ ਸਿੰਘ, ਦਵਿੰਦਰ ਸਿੰਘ, ਚੰਦ ਸਿੰਘ, ਸੁਖਦੇਵ ਸਿੰਘ, ਅਮਨਦੀਪ ਸਿੰਘ, ਗੁਰਪ੍ਰਤਾਪ ਸਿੰਘ ਮੁਹੰਮਦ ਇਸ਼ਫਾਕ ਆਦਿ ਹਾਜ਼ਰ ਸਨ।