ਅੰਬੇਡਕਰ ਵੱਲੋਂ ਦਿਖਾਏ ਮਾਰਗ ’ਤੇ ਚੱਲਣਾ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ: ਚੀਮਾ
ਹਤਿੰਦਰ ਮਹਿਤਾ
ਜਲੰਧਰ, 14 ਅਪਰੈਲ
ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਸਿਧਾਤਾਂ ਨੂੰ ਕਾਇਮ ਰੱਖਣ ਲਈ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਕੀਤੀਆਂ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਕਿਹਾ ਕਿ ਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ (ਐੱਸਸੀ) ਵਰਗ ਦੇ ਮੰਤਰੀਆਂ ਦੇ ਨਾਲ ’ਆਪ’ ਸਰਕਾਰ ਨੇ ਪ੍ਰਤੀਨਿਧਤਾ ਅਤੇ ਸਮਾਵੇਸ਼ ਦੀ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਸਰਕਾਰ ਨੇ ਐਡਵੋਕੇਟ ਜਨਰਲ ਦੇ ਦਫ਼ਤਰ ਵਿੱਚ ਰਾਖਵਾਂਕਰਨ ਲਾਗੂ ਕਰ ਕੇ ਕਾਨੂੰਨੀ ਖੇਤਰ ਵਿੱਚ ਸਾਰਿਆਂ ਲਈ ਬਰਾਬਰ ਮੌਕੇ ਯਕੀਨੀ ਬਣਾਏ ਹਨ।
ਡਾ. ਅੰਬੇਡਕਰ ਦੇ 134ਵੇਂ ਜਨਮ ਦਿਵਸ ਨੂੰ ਮਨਾਉਣ ਲਈ ਡੇਵਿਅਟ ਕਾਲਜ ਵਿੱਚ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨੌਜਵਾਨਾਂ ਨੂੰ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਨੂੰ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅੰਬੇਡਕਰ ਵੱਲੋਂ ਦਰਸਾਏ ਗਏ ਮਾਰਗ ’ਤੇ ਚੱਲਣਾ ਹੀ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੈ। ਕੈਬਨਿਟ ਮੰਤਰੀ ਸ੍ਰੀ ਚੀਮਾ, ਜਿਨ੍ਹਾਂ ਨਾਲ ਵਿਧਾਇਕ ਬਲਕਾਰ ਸਿੰਘ ਅਤੇ ਇੰਦਰਜੀਤ ਕੌਰ ਮਾਨ, ਮੇਅਰ ਵਿਨੀਤ ਧੀਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਸਨ, ਨੇ ਜ਼ੋਰ ਦੇ ਕੇ ਕਿਹਾ ਕਿ ਡਾ. ਅੰਬੇਡਕਰ ਦਾ ਸਮਾਜਿਕ ਅਤੇ ਰਾਜਨੀਤਿਕ ਸਮਾਨਤਾ ਦਾ ਦ੍ਰਿਸ਼ਟੀਕੋਣ ਅੱਜ ਵੀ ਪਹਿਲਾਂ ਜਿੰਨਾ ਹੀ ਪ੍ਰਸੰਗਿਕ ਹੈ। ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਡਾ. ਅੰਬੇਡਕਰ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ’ਤੇ ਚਾਨਣਾ ਪਾਇਆ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਨਿਖੇਧੀ ਕੀਤੀ। ਇਸ ਮੌਕੇ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਦੇ ਸਲਾਹਕਾਰ ਦੀਪਕ ਬਾਲੀ, ਪਵਨ ਕੁਮਾਰ ਟੀਨੂੰ, ਵਧੀਕ ਡਿਪਟੀ ਕਮਿਸ਼ਨਰ ਜਸਵੀਰ ਸਿੰਘ, ਪ੍ਰਿੰਸੀਪਲ ਪ੍ਰੇਮ ਕੁਮਾਰ, ਡਿਪਟੀ ਮੇਅਰ ਮਲਕੀਤ ਸਿੰਘ, ਕੌਂਸਲਰ ਅਸ਼ਵਨੀ ਅਗਰਵਾਲ ਸਣੇ ਵੱਡੀ ਗਿਣਤੀ ਵਿੱਚ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
ਪੰਜਾਬ ਸਿੱਖਿਆ ਕ੍ਰਾਂਤੀ ਅੰਬੇਡਕਰ ਦੀ ਵਿਚਾਰਧਾਰਾ ਦੀ ਪ੍ਰਤੀਕ: ਚੀਮਾ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਵਿੱਚ ਸ਼ੁਰੂ ਕੀਤੀ ਗਈ ਪੰਜਾਬ ਸਿੱਖਿਆ ਕ੍ਰਾਂਤੀ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਨੂੰ ਦਰਸਾਉਂਦੀ ਹੈ। ਡਾ. ਬੀ.ਆਰ.ਅੰਬੇਡਕਰ ਚੌਕ ਵਿੱਚ ਬਾਬਾ ਸਾਹਿਬ ਦੇ 134ਵੇਂ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਵੱਲੋਂ ਸਮਾਜਿਕ ਸਸ਼ਕਤੀਕਰਨ ਲਈ ਸਿੱਖਿਆ ਖੇਤਰ ਦੀ ਮਜ਼ਬੂਤੀ ’ਤੇ ਜ਼ੋਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਪ੍ਰਾਪਤੀਆਂ ਹੀ ਇਸ ਮਹਾਨ ਆਗੂ ਦੀ ਵਿਚਾਰਧਾਰਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।