ਆਤਿਸ਼ੀ ਨੇ ਹੋਲੀ ’ਤੇ ਔਰਤਾਂ ਨੂੰ ਮੁਫ਼ਤ ਸਿਲੰਡਰ ਦੇਣ ਦੇ ਵਾਅਦੇ ’ਤੇ ਭਾਜਪਾ ਨੂੰ ਘੇਰਿਆ
ਨਵੀਂ ਦਿੱਲੀ, 11 ਮਾਰਚ
ਆਮ ਆਦਮੀ ਪਾਰਟੀ ਨੇ ਕੌਮੀ ਰਾਜਧਾਨੀ ਖੇਤਰ ਦਿੱਲੀ ਦੀ ਸੱਤਾ ’ਤੇ ਹੁਣੇ ਜਿਹੇ ਕਾਬਜ਼ ਹੋਈ ਭਾਰਤੀ ਜਨਤਾ ਪਾਰਟੀ ਨੂੰ ਹੋਲੀ ਮੌਕੇ ਔਰਤਾਂ ਨੂੰ ਮੁਫ਼ਤ ਰਸੋਈ ਗੈਸ ਸਿਲੰਡਰ ਦੇਣ ਦੇ ਕੀਤੇ ਵਾਅਦੇ ’ਤੇ ਘੇਰਿਆ।‘ਆਪ’ ਦੀ ਸੀਨੀਅਰ ਆਗੂ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੇ ਅੱਜ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਰਾਜਧਾਨੀ ਵਿੱਚ ਔਰਤਾਂ ਭਾਜਪਾ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦਾ ਇੰਤਜ਼ਾਰ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਹ ਭਾਜਪਾ ਸਰਕਾਰ ਅਤੇ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਪੁੱਛਣਾ ਚਾਹੁੰਦੀ ਹੈ ਕਿ ਕੀ ਉਹ ਹੋਲੀ ’ਤੇ ਦਿੱਲੀ ਦੀਆਂ ਔਰਤਾਂ ਨੂੰ ਮੁਫ਼ਤ ਰਸੋਈ ਗੈਸ ਸਿਲੰਡਰ ਦੇਣ ਦਾ ਆਪਣਾ ਵਾਅਦਾ ਪੂਰਾ ਕਰੇਗੀ ਜਾਂ ਇਹ ਵੀ ਔਰਤਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਦੇਣ ਵਰਗਾ ਜੁਮਲਾ ਹੀ ਸਾਬਤ ਹੋਵੇਗਾ। ਜ਼ਿਕਰਯੋਗ ਹੈ ਕਿ ਭਾਜਪਾ ਨੇ ਪੰਜ ਫਰਵਰੀ ਨੂੰ ਵਿਧਾਨ ਸਭਾ ਚੋਣਾਂ ਦੌਰਾਨ ਆਪਣੇ ਘੋਸ਼ਣਾ ਪੱਤਰ ਵਿੱਚ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੀਆਂ ਔਰਤਾਂ ਨੂੰ ਪੰਜ ਸੌ ਰੁਪਏ ਵਿੱਚ ਗੈਸ ਸਿਲੰਡਰ ਦੇਣ ਦੇ ਨਾਲ-ਨਾਲ ਹੋਲੀ ਅਤੇ ਦੀਵਾਲੀ ਮੌਕੇ ਦੋ ਵਾਰ ਮੁਫ਼ਤ ਸਿਲੰਡਰ ਮੁਹੱਈਆ ਕਰਾਉਣ ਦਾ ਵਾਅਦਾ ਕੀਤਾ ਸੀ। ਭਾਜਪਾ ਸਰਕਾਰ ਨੇ ਦਿੱਲੀ ਵਿੱਚ ਗਰੀਬ ਪਰਿਵਾਰਾਂ ਦੀਆਂ ਔਰਤਾਂ ਨੂੰ ਹਰ ਮਹੀਨੇ 2500 ਰੁਪਏ ਦੀ ਵਿੱਤੀ ਸਹਾਇਤਾ ਦੇਣ ਲਈ ਮਹਿਲਾ ਸਮ੍ਰਿਧੀ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਇਸ ਯੋਜਨਾ ਲਈ 51,00 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਯੋਜਨਾ ਲਈ ਅਜੇ ਰਜਿਸਟਰੇਸ਼ਨ ਹੋਣੀ ਬਾਕੀ ਹੈ। ‘ਆਪ’ ਆਗੂ ਅਤੇ ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਆਗੂ ਨੇ ਕਿਹਾ ਕਿ ਭਾਜਪਾ ਨੇ ਦਿੱਲੀ ਦੀਆਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਅਜੇ ਤੱਕ 2500 ਰੁਪਏ ਜਮ੍ਹਾਂ ਕਰਵਾਉਣ ਦੇ ਵਾਅਦੇ ਨੂੰ ਅਮਲੀਜਾਮਾ ਨਹੀਂ ਪਹਿਨਾਇਆ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਔਰਤਾਂ ਭਾਜਪਾ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਉਣ ਲੱਗ ਪਈਆਂ ਹਨ ਅਤੇ ਉਹ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੀਆਂ ਹਨ। -ਪੀਟੀਆਈ