ਆਦਰਸ਼ ਸਕੂਲ ਚਾਉਕੇ ਦਾ ਮਾਮਲਾ: ਹਰ ਸੱਚ ਦੀ ਆਵਾਜ਼ ਨੂੰ ਜਬਰ ਨਾਲ ਦਬਾਉਣਾ ਚਾਹੁੰਦੀ ਹੈ ਸਰਕਾਰ: ਉਗਰਾਹਾਂ
ਰਮਨਦੀਪ ਸਿੰਘ
ਰਾਮਪੁਰਾ ਫੂਲ, 12 ਅਪਰੈਲ
ਆਦਰਸ਼ ਸਕੂਲ ਚਾਉਕੇ ਦੇ ਪ੍ਰਦਰਸ਼ਨਕਾਰੀ ਅਧਿਆਪਕਾਂ ਤੇ ਉਨ੍ਹਾਂ ਦੀਆਂ ਹਮਾਇਤੀ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨੂੰ ਪੁਲੀਸ ਵੱਲੋਂ ਗ੍ਰਿਫ਼ਤਾਰ ਕਰਨ ਖ਼ਿਲਾਫ਼ ਅਧਿਆਪਕਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਾਉਣ ਲਈ ਆਦਰਸ਼ ਸਕੂਲ ਚਾਉਂਕੇ ਦੇ ਅਧਿਆਪਕਾਂ, ਬੱਚਿਆਂ ਦੇ ਮਾਪਿਆਂ ਤੇ ਜਨਤਕ ਜਥੇਬੰਦੀਆਂ ਵੱਲੋਂ ਰਾਮਪੁਰਾ ਦੀ ਦਾਣਾ ਮੰਡੀ ’ਚ ਰੈਲੀ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ਔਰਤਾਂ ਸਣੇ ਜਥੇਬੰਦੀਆਂ ਦੇ ਕਾਰਕੁਨਾਂ ਨੇ ਹਿੱਸਾ ਲਿਆ। ਇਸ ਮੌਕੇ ਬੀਕੇਯੂ ਉਗਰਾਹਾਂ ਦੇ ਸੂਬਾ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਦਰਸ਼ ਸਕੂਲ ਚਾਉਕੇ ਦੇ ਅਧਿਆਪਕਾਂ ਨੂੰ ਹੀ ਨਹੀਂ ਸਗੋਂ ਪੰਜਾਬ ਵਿਚ ਉੱਠਣ ਵਾਲੀ ਹਰ ਇੱਕ ਸੱਚ ਦੀ ਆਵਾਜ਼ ਨੂੰ ਪੁਲੀਸ ਦੇ ਜਬਰ ਨਾਲ ਦਿਵਾਉਣਾ ਚਾਹੁੰਦੀਆਂ ਹੈ ਜੋ ਪੰਜਾਬ ਦੇ ਅਣਖੀ ਵਿਅਕਤੀ ਕਦੇ ਵੀ ਪ੍ਰਵਾਨ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਉਹ ਹਰ ਇਕ ਸਵਾਲ ਦਾ ਜਵਾਬ ਸਰਕਾਰ ਤੋਂ ਲੈਣਗੇ। ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੋਸ਼ ਲਾਇਆ ਕਿ ਪੰਜ ਅਪਰੈਲ ਦੇ ਧਰਨੇ ਦੌਰਾਨ ਗ੍ਰਿਫ਼ਤਾਰ ਕੀਤੀਆਂ ਅਧਿਆਪਕਾਂ, ਕਿਸਾਨਾਂ ਤੇ ਔਰਤਾਂ ’ਤੇ ਤਸ਼ੱਦਦ ਢਾਹਿਆ ਗਿਆ, ਜਿਸ ਕਾਰਨ ਮਹਿਲਾ ਕਿਸਾਨ ਆਗੂਆਂ ਹਸਪਤਾਲ ’ਚ ਜ਼ੇਰੇ ਇਲਾਜ ਹਨ। ਉਨ੍ਹਾਂ ਆਖਿਆ ਕਿ ਭਗਵੰਤ ਮਾਨ ਸਰਕਾਰ ਲੋਕ ਵਿਰੋਧੀ ਨਿੱਜੀਕਰਨ, ਵਪਾਰੀਕਰਨ ਦੀਆਂ ਨੀਤੀਆਂ ਨੂੰ ਤੇਜ਼ੀ ਨਾਲ ਲਾਗੂ ਕਰ ਰਹੀ ਹੈ ਅਤੇ ਸਿੱਖਿਆ, ਸਿਹਤ, ਬਿਜਲੀ, ਜਲ, ਜੰਗਲ, ਜ਼ਮੀਨਾਂ ’ਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਾਉਣ ਲਈ ਜਬਰ ’ਤੇ ਉੱਤਰ ਆਈ ਹੈ। ਉਨ੍ਹਾਂ ਮੰਗ ਕੀਤੀ ਕਿ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ, ਮਹਿਲਾਵਾਂ ਤੇ ਅਧਿਆਪਕਾਂ ਸਣੇ ਕਿਸਾਨਾਂ, ਮਜ਼ਦੂਰਾਂ ’ਤੇ ਜਬਰ ਢਾਹੁਣ ਵਾਲੇ ਪੁਲੀਸ ਕਰਮਚਾਰੀਆਂ ਸਣੇ ਸਭਨਾਂ ਦੋਸ਼ੀਆਂ ’ਤੇ ਢੁਕਵੀਂ ਕਾਨੂੰਨੀ ਕਾਰਵਾਈ ਕੀਤੀ ਜਾਵੇ। ਵਰਨਣਯੋਗ ਹੈ ਕਿ ਇਹ ਆਦਰਸ਼ ਸਕੂਲ ਸਰਕਾਰ ਵੱਲੋਂ ਪ੍ਰਾਈਵੇਟ ਭਾਈਵਾਲ ਨਾਲ ਮਿਲ ਕੇ ਚਲਾਇਆ ਜਾ ਰਿਹਾ ਸੀ ਇਸ ਵਿਚ ਪੜ੍ਹਾਉਣ ਵਾਲੇ ਕੁਝ ਅਧਿਆਪਕਾਂ ਅਤੇ ਬੱਚਿਆਂ ਦੇ ਮਾਪਿਆਂ ਦਾ ਸਕੂਲ ਮੈਨੇਜਮੈਂਟ ਨਾਲ ਵਿਵਾਦ ਚੱਲ ਰਿਹਾ ਹੈ, ਜਿਸ ਦੇ ਸਬੰਧ ਵਿੱਚ ਪਹਿਲਾ ਪ੍ਰਸ਼ਾਸਨ ਵੱਲੋਂ 26 ਮਾਰਚ ਨੂੰ ਸਕੂਲ ਅੱਗੇ ਬੈਠੇ ਪ੍ਰਦਰਸ਼ਨਕਾਰੀ ਅਧਿਆਪਕਾ ਨੂੰ ਖਦੇੜ ਦਿੱਤਾ ਸੀ ਉਨ੍ਹਾਂ ਦੂਸਰੇ ਹੀ ਦਿਨ ਭਰਾਤਰੀ ਜਥੇਬੰਦੀਆਂ ਦੀ ਹਮਾਇਤ ਨਾਲ ਸਕੂਲ ਨੂੰ ਜਿੰਦਾ ਲਗਾ ਦਿੱਤਾ ਸੀ ਅਤੇ ਪ੍ਰਸ਼ਾਸਨ ਵੱਲੋਂ ਫਿਰ ਕਾਰਵਾਈ ਕਰਦਿਆਂ ਪ੍ਰਦਰਸ਼ਨਕਾਰੀਆਂ ਨੂੰ ਸਕੂਲ ਅੱਗੋਂ ਖਦੇੜ ਦਿੱਤਾ, ਜਿਸ ਦੇ ਰੋਸ ਵੱਜੋ ਪ੍ਰਦਰਸ਼ਨਕਾਰੀ ਥਾਣਾ ਸਦਰ ਰਾਮਪੁਰਾ ਅੱਗੇ ਇਕੱਠੇ ਹੋ ਗਏ ਉਸੇ ਵਖਤ ਪੁਲੀਸ ਵੱਲੋਂ ਉਨ੍ਹਾਂ ਤੇ ਹਲਕਾ ਬਲ ਪ੍ਰਯੋਗ ਕਰਦਿਆਂ ਉਨ੍ਹਾਂ ਨੂੰ ਥਾਣੇ ਅੱਗਿਓਂ ਹਟਾ ਦਿੱਤਾ ਸੀ। ਇਸ ਸਬੰਧੀ ਜਥੇਬੰਦੀਆਂ ਦੀ 15 ਅਪਰੈਲ ਨੂੰ ਰਾਮਪੁਰਾ ਵਿੱਚ ਸਾਂਝੀ ਮੀਟਿੰਗ ਕਰਕੇ ਅਗਲੇ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ। ਇਸ ਵਿਸ਼ਾਲ ਰੈਲੀ ਉਪਰੰਤ ਰਾਮਪੁਰੇ ਦੀਆਂ ਸੜਕਾਂ ’ਤੇ ਭਗਵੰਤ ਮਾਨ ਸਰਕਾਰ ਤੇ ਪੁਲੀਸ ਪ੍ਰਸ਼ਾਸਨ ਦੀ ਧੱਕੇਸ਼ਾਹੀ ਖ਼ਿਲਾਫ਼ ਰੋਹ ਭਰਪੂਰ ਮੁਜ਼ਾਹਰਾ ਕੀਤਾ ਗਿਆ। ਅੱਜ ਦੇ ਇਕੱਠ ਨੂੰ ਆਦਰਸ਼ ਸਕੂਲ ਚਾਉਕੇ ਦੇ ਅਧਿਆਪਕ ਆਗੂ ਪਵਨਦੀਪ ਕੌਰ,ਬਲਵਿੰਦਰ ਸਿੰਘ,ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ,ਬੀਕੇਯੂ ਡਕੌਂਦਾ ਧਨੇਰ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ,ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਲਛਮਣ ਸਿੰਘ ਸੇਵੇਵਾਲਾ,ਬੀਕੇਯੂ ਡਕੌਂਦਾ ਧਨੇਰ ਦੇ ਆਗੂ ਗੁਰਦੀਪ ਸਿੰਘ ਰਾਮਪੁਰਾ,ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਪ੍ਰਧਾਨ ਦਿਗਵਿਜੈ ਪਾਲ ਸ਼ਰਮਾ,ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਦੇ ਡਾਕਟਰ ਪਰਮਿੰਦਰ ਸਿੰਘ,ਕਿਰਤੀ ਕਿਸਾਨ ਯੂਨੀਅਨ ਦੇ ਸਵਰਨ ਸਿੰਘ ਪੂਹਲੀ,ਬੀਕੇਯੂ ਕ੍ਰਾਂਤੀਕਾਰੀ ਦੇ ਸੁਖਵਿੰਦਰ ਕੌਰ,ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਦੇ ਪ੍ਰਗਟ ਸਿੰਘ,ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗ ਗੁਰਵਿੰਦਰ ਪੰਨੂ ਨੇ ਸੰਬੋਧਨ ਕੀਤਾ।