ਆਧੁਨਿਕ ਮਸ਼ੀਨ ਨਾਲ ਹੋਵੇਗੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਛਪਾਈ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 10 ਜੂਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਛਪਾਈ ਲਈ ਆਧੁਨਿਕ ਮਸ਼ੀਨ ਦੀ ਸ਼ੁਰੂਆਤ ਕੀਤੀ ਹੈ। ਇਸ ਮਸ਼ੀਨ ਨਾਲ ਗੁਰੂ ਗ੍ਰੰਥ ਸਾਹਿਬ ਦੀ ਛਪਾਈ ਵੇਲੇ ‘ਸੇਵਾ ਪਛਾਣ ਅੰਕ’ ਕੋਡ ਦੇ ਰੂਪ ਵਿਚ ਅੰਕਿਤ ਕੀਤਾ ਜਾਵੇਗਾ ਅਤੇ ਇਸ ਨਾਲ ਸਰੂਪ ਸਬੰਧੀ ਜਾਣਕਾਰੀ ਨੂੰ ਸੰਭਾਲਿਆ ਜਾ ਸਕੇਗਾ ਤਾਂ ਜੋ ਛਪਣ ਵਾਲੇ ਹਰ ਪਾਵਨ ਸਰੂਪ ਦੀ ਮੁਕੰਮਲ ਜਾਣਕਾਰੀ ਰੱਖੀ ਜਾ ਸਕੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਗੁਰਦੁਆਰਾ ਰਾਮਸਰ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਨਵੀਨੀਕਰਨ ਕੀਤੇ ਅਸਥਾਨ, ਪਬਲੀਕੇਸ਼ਨ ਵਿਭਾਗ ਦੇ ਦਫ਼ਤਰ ਤੇ ਗੁਰਮਤਿ ਲਿਟਰੇਚਰ ਹਾਊਸ ਦੇ ਨਾਲ-ਨਾਲ ਛਪਾਈ ਮਸ਼ੀਨ ਦਾ ਉਦਘਾਟਨ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਅੱਜ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਛਪਾਈ ਲਈ ਆਧੁਨਿਕ ਮਸ਼ੀਨ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮਸ਼ੀਨ ਨਾਲ ਗੁਰੂ ਗ੍ਰੰਥ ਸਾਹਿਬ ਦੀ ਛਪਾਈ ਵੇਲੇ ਇਕ ‘ਸੇਵਾ ਪਛਾਣ ਅੰਕ’ ਕੋਡ ਦੇ ਰੂਪ ਵਿਚ ਅੰਕਿਤ ਕੀਤਾ ਜਾਵੇਗਾ। ਇਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਸਬੰਧੀ ਜਾਣਕਾਰੀ ਨੂੰ ਸੰਭਾਲਿਆ ਜਾ ਸਕੇਗਾ ਤਾਂ ਜੋ ਛਪਣ ਵਾਲੇ ਹਰ ਪਾਵਨ ਸਰੂਪ ਦੀ ਮੁਕੰਮਲ ਜਾਣਕਾਰੀ ਰੱਖੀ ਜਾ ਸਕੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਭਵਨ ਦੇ ਨਵੀਨੀਕਰਨ ਦਾ ਮੁੱਖ ਉਦੇਸ਼ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ਨ ਅਤੇ ਸੰਭਾਲ ਦੀ ਪ੍ਰਕਿਰਿਆ ਨੂੰ ਹੋਰ ਸੰਚਾਰੂ ਅਤੇ ਮਰਿਆਦਾ ਪੂਰਨ ਬਣਾਉਣਾ ਹੈ। ਨਵੇਂ ਢਾਂਚੇ ਵਿਚ ਆਧੁਨਿਕ ਤਕਨੀਕਾਂ ਅਤੇ ਸਹੂਲਤਾਂ ਨੂੰ ਸ਼ਾਮਲ ਕੀਤਾ ਗਿਆ ਹੈ ਜਿਸ ਨਾਲ ਪਾਵਨ ਸਰੂਪਾਂ ਦੀ ਸੇਵਾ ਸੰਭਾਲ ਵਿਚ ਪੂਰਨ ਸੁਰੱਖਿਆ ਅਤੇ ਸਤਿਕਾਰ ਨੂੰ ਯਕੀਨੀ ਬਣਾਇਆ ਜਾ ਸਕੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਕਾਰ ਸੇਵਾ ਵਾਲੇ ਮਹਾਂਪੁਰਖਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀਵਾਲੇ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਬਾਬਾ ਸੁੱਚਾ ਸਿੰਘ ਤੇ ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਵਾਲੇ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਤੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਆਦਿ ਹਾਜ਼ਰ ਸਨ।