‘ਆਪ’ ਦੇ ਰਾਜ ਵਿੱਚ ਵਿਕਾਸ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ : ਬੈਂਸ
ਗੁਰਿੰਦਰ ਸਿੰਘ
ਲੁਧਿਆਣਾ, 12 ਮਾਰਚ
ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਹੈ ਕਿ ਪਿਛਲੇ ਤਿੰਨ ਸਾਲਾਂ ਦੌਰਾਨ ‘ਆਪ’ ਸਰਕਾਰ ਦੇ ਰਾਜ ਵਿੱਚ ਵਿਕਾਸ ਸਿਰਫ਼ ਇਸ਼ਤਿਹਾਰਾਂ ਅਤੇ ਬੋਰਡਾਂ ਤੱਕ ਹੀ ਸੀਮਤ ਹੈ ਜਦਕਿ ਵਿਕਾਸ ਵੱਲ ‘ਆਪ’ ਆਗੂਆਂ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ। ਉਹ ਅੱਜ ਵਾਰਡ ਨੰਬਰ 46 ਦੇ ਵਾਸੀਆਂ ਦੀਆਂ ਸਮੱਸਿਆਵਾਂ ਸੁਨਣ ਮੌਕੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਲੁਧਿਆਣਾ ਸ਼ਹਿਰ ਵਿੱਚ ਵਿਕਾਸ ਕਾਰਜਾਂ ਦੇ ਨਾਂ ’ਤੇ ਸਿਰਫ਼ ਕਾਗਜ਼ੀ ਕਾਰਵਾਈ ਹੀ ਪੂਰੀ ਕੀਤੀ ਜਾ ਰਹੀ ਹੈ ਜਦਕਿ ਵਿਕਾਸ ਦੇ ਵੱਡੇ ਵੱਡੇ ਬੋਰਡ ਲਗਾ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, ‘‘ਅਸਲ ਵਿੱਚ ਪਿਛਲੇ ਤਿੰਨ ਸਾਲਾਂ ਤੋਂ ਸਮਾਰਟ ਸਿਟੀ ਬਣਨ ਵਾਲਾ ਲੁਧਿਆਣਾ ਨਰਕ ਸਿਟੀ ਬਣ ਚੁੱਕਾ ਹੈ।’’
ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਟੁੱਟੀਆਂ ਪਈਆਂ ਹਨ ਅਤੇ ਜਗ੍ਹਾ ਜਗ੍ਹਾ ਟੋਏ ਪਏ ਹੋਏ ਹਨ ਪਰ ‘ਆਪ’ ਆਗੂ ਗੂੜ੍ਹੀ ਨੀਂਦ ਸੁੱਤੇ ਪਏ ਹਨ। ਉਨ੍ਹਾਂ ਕਿਹਾ ਕਿ ਤਿੰਨ ਸਾਲਾਂ ਮਗਰੋਂ ਹੋਈਆਂ ਨਗਰ ਨਿਗਮ ਚੋਣਾਂ ਵਿੱਚ ਮੇਅਰ ਚੁਣੇ ਜਾਣ ਮਗਰੋਂ ਸ਼ਹਿਰਵਾਸੀਆਂ ਨੂੰ ਵਿਕਾਸ ਕਾਰਜਾਂ ਦੀ ਆਸ ਬੱਝੀ ਸੀ ਪਰ ‘ਆਪ’ ਸਰਕਾਰ ਦੀ ਬਣੀ ਮੇਅਰ ਵੀ ‘ਆਪ’ ਆਗੂਆਂ ਵਾਂਗ ਸ਼ਹਿਰ ਦੇ ਵਿਕਾਸ ਕਾਰਜ ਕਰਵਾਉਣ ਦੀ ਥਾਂ ਸਿਰਫ਼ ਫੀਤੇ ਕੱਟਣ ਵਿੱਚ ਹੀ ਲੱਗੀ ਹੋਈ ਹੈ।
ਇਸ ਮੌਕੇ ਕੌਂਸਲਰ ਸੁਖਦੇਵ ਸਿੰਘ ਸ਼ੀਰਾ ਅਤੇ ਸਮੂਹ ਮੁਹੱਲਾ ਨਿਵਾਸੀਆਂ ਵੱਲੋਂ ਸਾਬਕਾ ਵਿਧਾਇਕ ਬੈਂਸ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।