‘ਆਪ’ ਨੇ ਨਸ਼ੇ ਦੇ ਖ਼ਾਤਮੇ ਲਈ ‘ਨਸ਼ਾ ਮੁਕਤੀ ਮੋਰਚਾ’ ਬਣਾਇਆ
ਆਤਿਸ਼ ਗੁਪਤਾ
ਚੰਡੀਗੜ੍ਹ, 15 ਅਪਰੈਲ
ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ‘ਨਸ਼ਾ ਮੁਕਤੀ ਮੋਰਚਾ’ ਬਣਾਇਆ ਗਿਆ ਹੈ। ਇਸ ਮੋਰਚੇ ਵੱਲੋਂ ਪੰਜਾਬ ਦੇ ਹਰ ਘਰ ਤੱਕ ਪਹੁੰਚ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਇੱਥੇ ਜਾਣਕਾਰੀ ਦਿੰਦਿਆਂ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਪਾਰਟੀ ਵੱਲੋਂ ‘ਨਸ਼ਾ ਮੁਕਤੀ ਮੋਰਚਾ’ ਤਹਿਤ ਪੰਜਾਬ ਨੂੰ ਪੰਜ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਪਾਰਟੀ ਦੇ ਸੀਨੀਅਰ ਆਗੂ ਬਲਤੇਜ ਪੰਨੂ ਨੂੰ ਜਾਗਰੂਕਤਾ ਮੁਹਿੰਮ ਦਾ ਮੁੱਖ ਬੁਲਾਰਾ ਬਣਾਇਆ ਗਿਆ ਹੈ।
ਕੈਬਨਿਟ ਮੰਤਰੀ ਸ੍ਰੀ ਅਰੋੜਾ ਨੇ ਕਿਹਾ ਕਿ ਪਾਰਟੀ ਵੱਲੋਂ ਪੰਜਾਬੀ ਅਦਾਕਾਰਾ ਸੋਨੀਆ ਮਾਨ ਨੂੰ ਮਾਝਾ ਜ਼ੋਨ ਦੀ ਕੋਆਰਡੀਨੇਟਰ, ਨਯਨ ਛਾਬੜਾ ਨੂੰ ਦੁਆਬਾ, ਜਗਦੀਪ ਜੱਗਾ ਨੂੰ ਮਾਲਵਾ ਪੂਰਬੀ, ਚੁਸਪਿੰਦਰ ਸਿੰਘ ਚਹਿਲ ਨੂੰ ਮਾਲਵਾ ਪੱਛਮੀ ਅਤੇ ਸੁਖਦੀਪ ਸਿੰਘ ਢਿੱਲੋਂ ਨੂੰ ਮਾਲਵਾ ਕੇਂਦਰੀ ਜ਼ੋਨ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਸ੍ਰੀ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਬੇਮਿਸਾਲ ਸਫਲਤਾ ਮਿਲੀ ਹੈ। ਇਸ ਮੁਹਿੰਮ ਤਹਿਤ ਸੈਂਕੜੇ ਪੁਲੀਸ ਕੇਸ ਦਰਜ ਕਰ ਕੇ ਹਜ਼ਾਰਾਂ ਨਸ਼ਾ ਤਸਕਰਾਂ ਅਤੇ ਅਪਰਾਧੀ ਨੂੰ ਜੇਲ੍ਹਾਂ ਵਿੱਚ ਬੰਦ ਕੀਤਾ ਗਿਆ ਹੈ। ਹੁਣ ਪਾਰਟੀ ਆਪਣੇ ਪੱਧਰ ’ਤੇ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ।
ਲੋਕਾਂ ਦੀ ਭਾਗੀਦਾਰੀ ਜ਼ਰੂਰੀ: ਪੰਨੂ
‘ਨਸ਼ਾ ਮੁਕਤੀ ਮੋਰਚਾ’ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਕਿਹਾ ਕਿ ਕੋਈ ਵੀ ਮੁਹਿੰਮ ਉਦੋਂ ਤੱਕ ਸਫਲ ਨਹੀਂ ਮੰਨੀ ਜਾ ਸਕਦੀ ਜਦੋਂ ਤੱਕ ਉਸ ਵਿੱਚ ਆਮ ਲੋਕਾਂ ਦੀ ਭਾਗੀਦਾਰੀ ਯਕੀਨੀ ਨਹੀਂ ਬਣਾਈ ਜਾਂਦੀ। ਇਸ ਲਈ ਪਾਰਟੀ ਵੱਲੋਂ ਇਸ ਮੁਹਿੰਮ ਵਿੱਚ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੂੰ ਜੋੜਿਆ ਜਾਵੇਗਾ ਅਤੇ ਇਸ ਨੂੰ ਜਨ ਅੰਦੋਲਨ ਬਣਾਇਆ ਜਾਵੇਗਾ। ਸ੍ਰੀ ਪੰਨੂ ਨੇ ਕਿਹਾ ਕਿ ਉਹ ਘਰ-ਘਰ ਪਹੁੰਚ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੇ।