‘ਆਪ’ ਨੇ ਪੰਜਾਬ ’ਚ ਵਿੱਤੀ ਸੰਕਟ ਪੈਦਾ ਕੀਤਾ: ਬਾਜਵਾ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਜੂਨ
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅਪਰੈਲ ਅਤੇ ਮਈ ਵਿੱਚ 11,200 ਕਰੋੜ ਰੁਪਏ ਦਾ ਕਰਜ਼ਾ ਲੈਣ ’ਤੇ ਪੰਜਾਬ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਝੂਠਾ ਪ੍ਰਚਾਰ ਰਹੀ ਹੈ ਕਿ ਅਪਰੈਲ ਅਤੇ ਮਈ ਮਹੀਨੇ ਵਿਚ ਸਿਰਫ਼ 1000 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮ ਅਤੇ ਪੈਨਸ਼ਨਰ ਪਹਿਲਾਂ ਹੀ ‘ਆਪ’ ਸਰਕਾਰ ਵਿਰੁੱਧ ਡਟੇ ਹੋਏ ਹਨ ਕਿਉਂਕਿ ਉਨ੍ਹਾਂ ਦੀਆਂ ਤਨਖਾਹਾਂ ਅਤੇ ਪੈਨਸ਼ਨਾਂ ਵਿੱਚ ਕਈ ਮਹੀਨਿਆਂ ਦੀ ਦੇਰੀ ਹੋਈ ਹੈ। ਇੰਨੇ ਵੱਡੇ ਕਰਜ਼ੇ ਨੂੰ ਥੋੜ੍ਹੇ ਸਮੇਂ ਵਿੱਚ ਇਕੱਠਾ ਕਰਨ ਦਾ ਇੱਕ ਮੁੱਖ ਕਾਰਨ ਮੁਲਾਜ਼ਮਾਂ ਨੂੰ ਤਨਖਾਹਾਂ ਅਤੇ ਪੈਨਸ਼ਨਾਂ ਦੇਣਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ’ਚ ਵਿੱਤੀ ਸੰਕਟ ਪੈਦਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਅਨੁਸਾਰ ਮਾਲੀਆ ਜੁਟਾਉਣ ’ਚ ਅਸਫ਼ਲ ਰਹੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣਾ ਖਜ਼ਾਨਾ ਭਰਨ ਦੀ ਬਜਾਏ ਜ਼ਿਆਦਾ ਕਰਜ਼ਾ ਇਕੱਠਾ ਕਰ ਲਿਆ ਹੈ।