‘ਆਪ’ ਸਰਕਾਰ ਨੇ ਏਜੀ ਦਫ਼ਤਰ ਵਿੱਚ ਰਾਖਵਾਂਕਰਨ ਕੀਤਾ: ਵਿਧਾਇਕ
ਬਰਨਾਲਾ ਹੰਡਿਆਇਆ/ (ਰਵਿੰਦਰ ਰਵੀ/ਕੁਲਦੀਪ ਸੂਦ): ਸਰਕਾਰ ਵਲੋਂ ਡਾ. ਭੀਮ ਰਾਓ ਅੰਬੇਦਕਰ ਦੀ ਸੋਚ ’ਤੇ ਪਹਿਰਾ ਦਿੱਤਾ ਜਾ ਰਿਹਾ ਹੈ ਅਤੇ ਸਰਕਾਰ ਬਣਦੇ ਹੀ ਦਫਤਰਾਂ ਵਿਚ ਬਾਬਾ ਸਾਹਿਬ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀਆਂ ਤਸਵੀਰਾਂ ਸਰਕਾਰੀ ਦਫਤਰਾਂ ਵਿਚ ਯਕੀਨੀ ਬਣਾਈਆਂ ਗਈਆਂ ਹਨ। ਇਹ ਪ੍ਰਗਟਾਵਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਭਦੌੜ ਲਾਭ ਸਿੰਘ ਉੱਗੋਕੇ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਛੇ ਮੰਤਰੀ ਕੈਬਨਿਟ ਵਿਚ ਲਾਏ ਗਏ ਹਨ। ਪਹਿਲੀ ਵਾਰ ਇਹ ਹੋਇਆ ਹੈ ਕਿ ਐਡਵੋਕੇਟ ਜਨਰਲ ਦਫ਼ਤਰ ਵਿਚ ਰਾਖਵਾਂਕਰਨ ਹੋਇਆ ਹੈ। ਐੱਸ ਸੀ ਸਕਾਲਰਸ਼ਿਪ ਦਾ ਲਾਭ ਵੱਧ ਤੋਂ ਵੱਧ ਯੋਗ ਵਿਦਿਆਥੀਆਂ ਨੂੰ ਦਿੱਤਾ ਜਾ ਰਿਹਾ ਹੈ ਅਤੇ ਇਸ ਸਕੀਮ ਦਾ ਲਾਭ ਲੈਣਾ ਆਸਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਉਂਦੇ ਸਮੇਂ ਵਿੱਚ ਵੀ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਬਾਬਾ ਸਾਹਿਬ ਦੀ ਜੈਅੰਤੀ ਹਰ ਜ਼ਿਲ੍ਹੇ ਵਿੱਚ ਵੱਡੇ ਪੱਧਰ ’ਤੇ ਮਨਾਈ ਗਈ ਹੈ ਅਤੇ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਸਰੋਕਾਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।