ਆਸ਼ੂ ਨੇ ਮਾਨ ਸਰਕਾਰ ’ਤੇ ਚੁੱਕੇ ਸਵਾਲ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 13 ਅਪਰੈਲ
ਸਾਬਕਾ ਮੰਤਰੀ ਅਤੇ ਲੁਧਿਆਣਾ ਪੱਛਮੀ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਨ ਆਸ਼ੂ ਨੇ ਭਗਵੰਤ ਮਾਨ ਸਰਕਾਰ ਵੱਲੋਂ ਉਨ੍ਹਾਂ ਨੂੰ ਝੂਠੇ ਕੇਸ ਵਿੱਚ ਫਸਾ ਕੇ ਜੇਲ੍ਹ ਭੇਜਣ ’ਤੇ ਸਵਾਲ ਉਠਾਇਆ ਹੈ।
ਸ੍ਰੀ ਆਸ਼ੂ ਨੇ ਅੱਜ ਆਪਣੇ ਫੇਸਬੁੱਕ ਪੇਜ ਤੇ ਇੱਕ ਪੋਸਟ ਪਾਈ ਹੈ ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਉਹ
ਲੋਕਾਂ ਦੀ ਕਚਿਹਰੀ ਵਿੱਚ ਜਾਕੇ ਇਨਸਾਫ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਹੈ ਕਿ ਜੇਲ੍ਹ ਵਿੱਚੋਂ ਬਾਹਰ ਆਉਣ ਤੋਂ ਬਾਅਦ ਉਨ੍ਹਾਂ ਕੋਲ ਦੋ ਰਾਹ ਸੀ…ਇੱਕ ਇਹ ਕਿ ਉਹ ਅਦਾਲਤ ਜਾਂਦੇ ਅਤੇ ਜਿਨ੍ਹਾਂ ਲੋਕਾਂ ਨੇ ਉਨ੍ਹਾਂ ਖ਼ਿਲਾਫ਼ ਝੂਠਾ ਮੁਕੱਦਮਾ ਕੀਤਾ ਉਨ੍ਹਾਂ ਨਾਲ ਅਦਾਲਤੀ ਲੜਾਈ ਲੜਦੇ ਅਤੇ ਦੂਸਰਾ ਇਹ ਸੀ ਕਿ ਉਹ ਲੋਕਾਂ ਦੀ ਕਚਿਹਰੀ ਵਿੱਚ ਜਾਕੇ ਇਨਸਾਫ਼ ਦੀ ਮੰਗ ਕਰਦੇ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪ੍ਰਮਾਤਮਾ ਅਤੇ ਲੋਕਾਂ ਉੱਪਰ ਭਰੋਸਾ ਹੈ ਕਿ ਉਨ੍ਹਾਂ ਨੂੰ ਇਨਸਾਫ਼ ਮਿਲੇਗਿ। ਇਸ ਲਈ ਉਨ੍ਹਾਂ ਲੋਕਾਂ ਦੀ ਕਚਿਹਰੀ ਵਿੱਚ ਜਾਣ ਨੂੰ ਪਹਿਲ ਦਿੱਤੀ। ਪੋਸਟ ਦੇ ਅੰਤ ਵਿੱਚ ਉਨ੍ਹਾਂ ਕਿਹਾ ਕਿ ਹੁਣ ਇਨਸਾਫ਼ ਲੋਕਾਂ ਨੇ ਕਰਨਾ ਹੈ।