ਉਗਰਾਹਾਂ ਜਥੇਬੰਦੀ ਵੱਲੋਂ ਕੇਂਦਰੀ ਬਜਟ ਕਿਸਾਨ ਵਿਰੋਧੀ ਕਰਾਰ
ਭਗਵਾਨ ਦਾਸ ਗਰਗ
ਨਥਾਣਾ, 4 ਫਰਵਰੀ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਇਥੇ ਬਲਾਕ ਪੱਧਰੀ ਮੀਟਿੰਗ ਦੌਰਾਨ ਕੇਂਦਰ ਸਰਕਾਰ ਦਾ ਬਜਟ ਕਿਸਾਨ ਵਿਰੋਧੀ ਕਰਾਰ ਦਿੱਤਾ ਗਿਆ। ਜਥੇਬੰਧੀ ਨੇ ਇੱਕ ਮਤਾ ਪਾਸ ਕਰ ਕੇ ਬਜਟ ਨੂੰ ਕਾਰਪੋਰੇਟ ਘਰਾਣਿਆਂ ਪੱੱਖੀ ਕਰਾਰ ਦਿੱਤਾ। ਆਗੂਆਂ ਨੇ ਆਖਿਆ ਕਿ ਭਲਕੇ 5 ਫਰਵਰੀ ਨੂੰ ਇਸ ਬਜਟ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ, ਇਸ ਲਈ ਕਿਸਾਨ ਜਥੇਬੰਦੀਆਂ ਦੇ ਕਾਰਕੁਨ ਨਥਾਣਾ ਬੱਸ ਅੱਡੇ ਵਿੱਚ ਪੁੱਜਣ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਰਹੀਆਂ ਹਨ ਜਦਕਿ ਕੇਂਦਰ ਸਰਕਾਰ ਨਵਾਂ ਖੇਤੀ ਖਰੜਾ ਲਾਗੂ ਕਰਨ ਦੇ ਰਾਹ ਪੈ ਰਹੀ ਹੈ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਲੰਮੇ ਸਮੇਂ ਤੋਂ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਦੀ ਆ ਰਹੀ ਹੈ।
ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਬਲਾਕ ਆਗੂ ਅਵਤਾਰ ਸਿੰਘ ਨੇ ਦੱਸਿਆ ਕਿ ਮੀਟਿੰਗ ਦੇ ਫੈਸਲੇ ਅਨੁਸਾਰ 13 ਫਰਵਰੀ ਨੂੰ ਪਿੰਡ ਜਿਉਦ ਵਿਖੇ ਜ਼ਮੀਨੀ ਸੰਗਰਾਮ ਕਾਨਫਰੰਸ ਕੀਤੀ ਜਾ ਰਹੀ ਹੈ। ਵੱਖ-ਵੱਖ ਮਤੇ ਪਾਸ ਕਰਕੇ ਖੇਤੀ ਮੰਡੀਕਰਨ ਨੀਤੀ ਖਰੜਾ ਰੱਦ ਕਰਨ, ਖੇਤੀ ਜ਼ਮੀਨਾਂ ਦਾ ਐੱਮਐੱਸਪੀ ਦੇਣ, ਸਵਾਮੀ ਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਖ਼ਿਲਾਫ਼ ਦਰਜ ਕੇਸ ਵਾਪਸ ਲੈਣ ਅਤੇ ਕਰਜ਼ੇ ਮੁਆਫ਼ ਕਰਨ ਦੀ ਮੰਗ ਕੀਤੀ ਗਈ। ਬਲਾਕ ਦੇ ਖਜ਼ਾਨਚੀ ਜਗਜੀਤ ਸਿੰਘ ਨੇ ਮੰਡੀਕਰਨ ਨੀਤੀ ਦਾ ਖਰੜਾ ਰੱਦ ਕਰਵਾਉਣ ਲਈ 8 ਫਰਵਰੀ ਨੂੰ ਸੂਬੇ ਦੇ ਸਾਰੇ ਲੋਕ ਸਭਾ ਮੈਬਰਾਂ ਨੂੰ ਮੰਗ ਪੱਤਰ ਦੇਣ ਦੀ ਜਾਣਕਾਰੀ ਸਾਂਝੀ ਕੀਤੀ।