ਸੁਰਿੰਦਰ ਸਿੰਘ ਚੌਹਾਨ/ਮੁਖਤਿਆਰ ਸਿੰਘ ਨੌਗਾਵਾਂਦੇਵੀਗੜ੍ਹ, 27 ਜੂਨਵਧੀਕ ਡਿਪਟੀ ਕਮਿਸ਼ਨਰ (ਜ) ਪਟਿਆਲਾ ਇਸ਼ਾ ਸਿੰਗਲ ਵੱਲੋਂ ਅੱਜ ਸਬ ਡਵੀਜ਼ਨ ਦੂਧਨਸਾਧਾਂ ਵਿੱਚੋਂ ਲੰਘਦੀ ਮੀਰਾਪੁਰ ਚੋਅ, ਅਦਾਲਤੀ ਵਾਲਾ ਡਰੇਨ ਅਤੇ ਟਾਂਗਰੀ ਨਦੀ ਦਾ ਦੌਰਾ ਕੀਤਾ। ਇਸ ਮੌਕੇ ਐੱਸਡੀਐੱਮ ਦੂਧਨਸਾਧਾਂ ਕਿਰਪਾਲਵੀਰ ਸਿੰਘ ਅਤੇ ਡਰੇਨੇਜ਼ ਵਿਭਾਗ ਦੇ ਅਧਿਕਾਰੀ ਮੌਜੂਦ ਸਨ।ਏਡੀਸੀ ਨੇ ਮੀਰਾਂਪੁਰ ਚੋਅ ਦੀ ਸਫ਼ਾਈ ’ਚ ਦੇਰੀ ਦਾ ਗੰਭੀਰ ਨੋਟਿਸ ਲੈਂਦਿਆਂ ਚੋਅ ਦੀ ਸਫ਼ਾਈ ਦਾ ਕੰਮ ਤੁਰੰਤ ਮੌਕੇ ’ਤੇ ਸ਼ੁਰੂ ਕਰਵਾਉਂਦਿਆਂ ਕਿਹਾ ਕਿ ਅਜਿਹੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚੋਂ ਲੰਘਦੀਆਂ ਸਾਰੀਆਂ ਡਰੇਨਾਂ, ਨਦੀਆਂ ਤੇ ਨਾਲਿਆਂ ਦੀ ਸਫ਼ਾਈ ਦਾ ਕੰਮ ਜੰਗੀ ਪੱਧਰ ’ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਪਟਿਆਲਾ ਦੀਆਂ ਹਦਾਇਤਾਂ ਅਨੁਸਾਰ ਏਡੀਸੀਜ਼ ਪੱਧਰ ਦੇ ਅਧਿਕਾਰੀ ਰੋਜ਼ਾਨਾ ਮੌਕੇ ’ਤੇ ਜਾ ਕੇ ਸਫ਼ਾਈ ਕਾਰਜਾਂ ਦਾ ਜਾਇਜ਼ਾ ਲੈ ਰਹੇ ਹਨ।ਇਸ਼ਾ ਸਿੰਗਲ ਨੇ ਵੱਖ ਵੱਖ ਵਿਭਾਗਾਂ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਮੂਹ ਵਿਭਾਗ ਆਪਣੇ ਵਿਭਾਗ ਨਾਲ ਸਬੰਧਤ ਪ੍ਰਬੰਧ ਪੂਰਨ ਤੌਰ ’ਤੇ ਮੁਕੰਮਲ ਕਰਨਾ ਯਕੀਨੀ ਬਣਾਉਣ ਤਾਂ ਜੋ ਮਾਨਸੂਨ ਦੇ ਸੀਜ਼ਨ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਐੱਸਡੀਐੱਮ ਦੂਧਨਸਾਧਾਂ ਕਿਰਪਾਲਵੀਰ ਸਿੰਘ ਨੇ ਦੱਸਿਆ ਕਿ ਸਬ-ਡਵੀਜ਼ਨ ਦੂਧਨਸਾਧਾਂ ਵਿੱਚੋਂ ਲੰਘਦੇ ਚੋਅ, ਡਰੇਨ ਤੇ ਨਦੀਆਂ ਦੀ ਸਾਫ਼ ਸਫ਼ਾਈ ਦੀ ਨਿਗਰਾਨੀ ਉਹ ਖ਼ੁਦ ਕਰ ਰਹੇ ਹਨ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹਨ।ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਨੇ ਪਟਿਆਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਨਸੂਨ ਸੀਜ਼ਨ ਤੋਂ ਪਹਿਲਾਂ ਨਦੀਆਂ-ਨਾਲਿਆਂ ਦੀ ਸਫ਼ਾਈ ਸਮੇਤ ਹਰੇਕ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ। ਇਸ ਲਈ ਪਟਿਆਲਾ ਵਾਸੀ ਨਿਸ਼ਚਿਤ ਰਹਿੰਦਿਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ।