ਏਡੀਸੀ ਵੱਲੋਂ ਹੁਨਰ ਸਿਖਲਾਈ ਪ੍ਰਦਾਨ ਕਰਨ ਵਾਲੇ ਵਿਭਾਗਾਂ ਨਾਲ ਮੀਟਿੰਗ
ਪੱਤਰ ਪ੍ਰੇਰਕ
ਜਲੰਧਰ, 27 ਮਾਰਚ
ਵਧੀਕ ਡਿਪਟੀ ਕਮਿਸ਼ਨਰ (ਜ) ਅਪਰਨਾ ਐਮ.ਬੀ. ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਅੱਜ ਜ਼ਿਲ੍ਹੇ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਕਰਵਾਈਆਂ ਜਾ ਰਹੀਆਂ ਹੁਨਰ ਵਿਕਾਸ ਟ੍ਰੇਨਿੰਗਾਂ ਦੀ ਮੈਪਿੰਗ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ-ਵੱਖ ਵਿਭਾਗਾਂ, ਪੋਲੀਟੈਕਨਿਕ ਕਾਲਜਾਂ ਅਤੇ ਆਈ.ਟੀ.ਆਈਜ਼ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਹੁਨਰ ਵਿਕਾਸ ਸਿਖ਼ਲਾਈ ਪ੍ਰਦਾਨ ਕਰਨ ਵਾਲੇ ਸਾਰੇ ਵਿਭਾਗਾਂ ਨੂੰ ਬਿਹਤਰ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਿਖ਼ਲਾਈ ਪ੍ਰਦਾਨ ਕਰਨ ਵਿੱਚ ਜੇਕਰ ਕਿਤੇ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦੀ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ.) ਨੂੰ ਸਕੂਲਾਂ ਵਿੱਚੋਂ ਪਾਸ ਹੋਣ ਵਾਲੇ ਵਿਦਿਆਰਥੀਆਂ ਦਾ ਡੇਟਾ ਸਮੂਹ ਵਿਭਾਗਾਂ ਨਾਲ ਸਾਂਝਾ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਵਧੀਕ ਸਹਾਇਕ ਕਮਿਸ਼ਨਰ (ਯੂ.ਟੀ.) ਨਵਦੀਪ ਸਿੰਘ, ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਨੀਲਮ ਮਹੇ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ, ਰੁਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਅਫ਼ਸਰ ਨਰੇਸ਼ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪੋਲੀਟੈਕਨਿਕ ਕਾਲਜਾਂ ਅਤੇ ਆਈਟੀਆਈਜ਼ ਦੇ ਨੁਮਾਇੰਦੇ ਅਤੇ ਡੀਪੀਐੱਮਯੂ ਜਲੰਧਰ ਦਾ ਸਟਾਫ ਮੌਜੂਦ ਸੀ।