ਐਡਵੋਕੇਟ ਘੁੰਮਣ ਵੱਲੋਂ ਵੱਖ-ਵੱਖ ਥਾਈਂ ਮੀਟਿੰਗਾਂ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 8 ਜੂਨ
ਹਲਕਾ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਚੋਣ ਮੁਹਿੰਮ ਦੌਰਾਨ ਆਮ ਲੋਕਾਂ ਦੇ ਕਈ ਮੁੱਦੇ ਉਠਾਕੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਅੱਜ ਚੋਣ ਪ੍ਰਚਾਰ ਮੁਹਿੰਮ ਦੌਰਾਨ ਉਨ੍ਹਾਂ ਵੱਖ- ਵੱਖ ਥਾਵਾਂ ’ਤੇ ਕੀਤੀਆਂ ਮੀਟਿੰਗਾਂ ਦੌਰਾਨ ਕਾਂਗਰਸ, ਦਿੱਲੀ ਸਰਕਾਰ ‘ਤੇ ਸਿੱਖ ਵਿਰੋਧੀਆਂ ਦੀਆਂ ਹੰਕਾਰਪੂਰਕ ਨੀਤੀਆਂ ਦੀ ਨਿੰਦਾ ਕੀਤੀ। ਐਡਵੋਕੇਟ ਘੁੰਮਣ ਨੇ ਅਕਾਲੀ ਆਗੂ ਗੁਰਦੀਪ ਸਿੰਘ ਲੀਲ ਵੱਲੋਂ ਭਾਈ ਰਣਧੀਰ ਸਿੰਘ ਨਗਰ ਵਿੱਚ ਰੱਖੀ ਮੀਟਿੰਗ ਦੌਰਾਨ ਕਿਹਾ ਕਿ ਉਹ ਹਲਕਾ ਪੱਛਮੀ ਦੇ ਲੋਕਾਂ ਦੀ ਆਵਾਜ਼ ਪੂਰਨ ਤੌਰ ਤੇ ਬੁਲੰਦ ਕਰਕੇ ਇਲਾਕੇ ਦਾ ਵਿਕਾਸ ਕਰਵਾਉਣਗੇ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦਾ ਮੁੱਖ ਏਜੰਡਾ ਹਲਕੇ ਦੀ ਹਰ ਸਮੱਸਿਆ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਉਣਾ ਹੈ। ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਦਾ ਸੁਧਾਰ ਕਰਨਾ ਉਨ੍ਹਾਂ ਦੀ ਪਹਿਲ ਵਿੱਚ ਸ਼ਾਮਲ ਹੋਵੇਗਾ।
ਉਨ੍ਹਾਂ ਵਾਅਦਾ ਕੀਤਾ ਕਿ ਕਿਸਾਨਾਂ ਦੀ ਜ਼ਮੀਨ ਨੂੰ ਸੁਰੱਖਿਅਤ ਰੱਖਿਆ ਜਾਵੇਗਾ ਅਤੇ ਕਿਸੇ ਵੀ ਭੂ ਮਾਫ਼ੀਆ ਜਾਂ ਦਿੱਲੀ ਤੋਂ ਆਏ ਭਗੌੜੇ ਬਿਲਡਰਾਂ ਨੂੰ ਪਿੰਡਾਂ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿੱਥੇ ‘ਆਪ’ ਪਾਰਟੀ ਝੂਠੀ ਤੇ ਨਿਕੰਮੀ ਹੈ, ਉੱਥੇ ਕਾਂਗਰਸ ਪਾਰਟੀ ਸਿੱਖ ਵਿਰੋਧੀ ਹੈ ਜਿਸਦੇ ਹੱਥ ਜੂਨ ਚੁਰਾਸੀ ਅਤੇ ਨਵੰਬਰ ਚੁਰਾਸੀ ਦੇ ਨਿਰਦੋਸ਼ ਲੋਕਾਂ ਦੇ ਕਤਲ ਹੋਏ ਲੋਕਾਂ ਦੇ ਖੂਨ ਨਾਲ ਰੰਗੇ ਹੋਏ ਹਨ।
ਐਡਵੋਕੇਟ ਘੁੰਮਣ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਲੋਕ ਹਿਤੈਸ਼ੀ ਅਤੇ ਵਿਕਾਸ ਕਰਨ ਵਾਲੀ ਪਾਰਟੀ ਹੈ ਜਿਸ ਦਾ ਨਿਸ਼ਾਨਾ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ਵੱਲ ਲਿਜਾਣਾ ਹੈ। ਸਿਆਸੀ ਵਿਰੋਧੀਆਂ ਦੇ ਝੂਠੇ ਦਾਵਿਆਂ ਨੂੰ ਅਣਦੇਖਾ ਕਰਦਿਆਂ, ਐਡਵੋਕੇਟ ਘੁੰਮਣ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਪਣੀਆਂ ਨੀਤੀਆਂ ਅਤੇ ਪ੍ਰਚਾਰ ਦੇ ਜ਼ਰੀਏ ਹਲਕੇ ਦੀ ਭਲਾਈ ਲਈ ਕੰਮ ਕਰਨਗੇ।