ਐੱਨਪੀਐੱਸ ਮੁਲਾਜ਼ਮਾਂ ਨੇ ਯੂਪੀਐੱਸ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ
ਕੁਲਦੀਪ ਸਿੰਘ
ਚੰਡੀਗੜ੍ਹ, 4 ਫਰਵਰੀ
ਕੇਂਦਰ ਸਰਕਾਰ ਵੱਲੋਂ ਸਾਲ-2004 ਤੋਂ ਬਾਅਦ ਸਰਕਾਰੀ ਵਿਭਾਗਾਂ ਵਿੱਚ ਭਰਤੀ ਹੋਏ ਪੱਕੇ ਮੁਲਾਜ਼ਮਾਂ ਲਈ ਏਕੀਕ੍ਰਿਤ ਪੈਨਸ਼ਨ ਯੋਜਨਾ (ਯੂਪੀਐੱਸ) ਦਾ ਨੋਟੀਫਿਕੇਸ਼ਨ ਜਾਰੀ ਕੀਤੇ ਜਾਣ ਵਿਰੁੱਧ ਅੱਜ ਪੰਜਾਬ ਦੇ ਐੱਨਪੀਐੱਸ ਮੁਲਾਜ਼ਮਾਂ ਨੇ ਸੂਬੇ ਭਰ ਵਿੱਚ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਕੇਂਦਰ ਵਿਰੁੱਧ ਗੁੱਸਾ ਜ਼ਾਹਿਰ ਕੀਤਾ ਅਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।
ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੂਬਾ ਕਨਵੀਨਰ ਜਸਵੀਰ ਤਲਵਾੜਾ, ਜਨਰਲ ਸਕੱਤਰ ਜਰਨੈਲ ਸਿੰਘ ਪੱਟੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ 25 ਜਨਵਰੀ ਨੂੰ ਯੂਨੀਫਾਈਡ ਪੈਨਸ਼ਨ ਸਕੀਮ ਦੀ ਜੋ ਐੱਸਓਪੀ ਜਾਰੀ ਕੀਤੀ ਹੈ, ਉਹ ਘਾਤਕ ਹੈ। ਇਸ ਨਾਲ ਪੰਜਾਬ ਦੇ ਮੁਲਾਜ਼ਮ ਵਰਗ ਵਿੱਚ ਸਰਕਾਰ ਵਿਰੁੱਧ ਰੋਹ ਪੈਦਾ ਹੋ ਗਿਆ ਹੈ। ਉਨ੍ਹਾਂ ਇਸ ਨੂੰ ਕੇਂਦਰ ਸਰਕਾਰ ਦਾ ਇੱਕ ਹੋਰ ਧੋਖਾ ਕਰਾਰ ਦਿੱਤਾ ਹੈ ਕਿਉਂਕਿ ਇਸ ਸਕੀਮ ਨਾਲ ਸਰਕਾਰ ਮੁਲਾਜ਼ਮਾਂ ਦਾ ਹੀ ਪੈਸਾ ਹੜੱਪ ਕੇ ਪੈਨਸ਼ਨ ਦੇਣਾ ਚਾਹੁੰਦੀ ਹੈ। ਇਹ ਮੁਲਾਜ਼ਮ ਨੂੰ ਸੇਵਾਮੁਕਤੀ ਤੋਂ ਬਾਅਦ ਖਾਲੀ ਹੱਥ ਘਰ ਨੂੰ ਤੋਰਨ ਦੀ ਸਕੀਮ ਹੈ ਜਿਸ ਨੂੰ ਕਿਸੇ ਵੀ ਸੂਰਤ ਵਿੱਚ ਮਨਜ਼ੂਰ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਅਧੂਰੇ ਨੋਟੀਫਿਕੇਸ਼ਨ ਨੂੰ ਪੂਰਾ ਕਰ ਕੇ ਸੰਨ-1972 ਦੇ ਨਿਯਮਾਂ ਅਨੁਸਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰੇ। ਉਨ੍ਹਾਂ ਇਹ ਵੀ ਕਿਹਾ ਕਿ ‘ਆਪ’ ਦੇ ਸੀਨੀਅਰ ਆਗੂ ਸੰਜੇ ਸਿੰਘ ਇਸ ਸਕੀਮ ਨੂੰ ਪਹਿਲਾਂ ਹੀ ਮੁਲਾਜ਼ਮਾਂ ਨਾਲ ਧੋਖਾ ਕਰਾਰ ਦੇ ਚੁੱਕੇ ਹਨ। ਇਸ ਲਈ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸੂਬੇ ਵਿੱਚ ਓਪੀਐੱਸ ਲਾਗੂ ਕਰੇ ਅਤੇ ਤੁਰੰਤ ਜੀਪੀਐੱਫ ਖਾਤੇ ਖੋਲ੍ਹੇ ਅਤੇ ਮੁਲਾਜ਼ਮਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਕਰੇ।