ਐੱਨਪੀਐੱਸ ਮੁਲਾਜ਼ਮਾਂ ਨੇ ਯੂਪੀਐੱਸ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕੀਆਂ
ਸੰਜੀਵ ਬੱਬੀ
ਚਮਕੌਰ ਸਾਹਿਬ, 4 ਫਰਵਰੀ
ਕੇਂਦਰ ਸਰਕਾਰ ਵੱਲੋਂ ਏਕੀਕ੍ਰਿਤ ਪੈਨਸ਼ਨ ਯੋਜਨਾ (ਯੂਪੀਐੱਸ) ਦਾ ਨੋਟੀਫਿਕੇਸ਼ਨ ਬੀਤੇ 25 ਜਨਵਰੀ ਨੂੰ ਜਾਰੀ ਹੋਣ ਤੇ ਕਰਮਚਾਰੀਆਂ ਅੰਦਰ ਰੋਸ ਦੀ ਲਹਿਰ ਫੈਲ ਗਈ ਹੈ। ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਗੁਰਿੰਦਰਪਾਲ ਸਿੰਘ ਖੇੜੀ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਐੱਨਪੀਐੱਸ ਮੁਲਾਜ਼ਮਾਂ ਨਾਲ ਇੱਕ ਹੋਰ ਧੋਖਾ ਹੈ ਅਤੇ ਇਸ ਨੋਟੀਫਿਕੇਸ਼ਨ ਦੇ ਵਿਰੋਧ ਵਜੋਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਇੱਥੇ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਵਿੱਚ ਯੂਨੀਫਾਈਡ ਪੈਨਸ਼ਨ ਸਕੀਮ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕੀਆਂ ਗਈਆਂ। ਇਸ ਸਮੇਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਬੀਤੇ ਦਿਨੀ ਕੇਂਦਰ ਸਰਕਾਰ ਨੇ ਯੂਨੀਫਾਈਡ ਪੈਨਸ਼ਨ ਸਕੀਮ ਦੀ ਜੋ ਐੱਸ.ਓ.ਪੀ ਜਾਰੀ ਕੀਤੀ ਹੈ, ਉਹ ਬਹੁਤ ਹੀ ਘਾਤਕ ਹੈ, ਕਿਉਂਕਿ ਉਪਰੋਕਤ ਸਕੀਮ ਦੇ ਅਨੁਸਾਰ ਸਰਕਾਰ ਮੁਲਾਜ਼ਮਾਂ ਦਾ ਪੈਸਾ ਹੜੱਪ ਕੇ ਉਨ੍ਹਾਂ ਦੀ ਰਕਮ ਤੇ ਵਿਆਜ਼ ਨੂੰ ਹੀ ਪੈਨਸ਼ਨ ਦੇ ਰੂਪ ਵਿੱਚ ਮੁੜ ਦੇਣਾ ਚਾਹੁੰਦੀ ਹੈ। ਇਸ ਯੋਜਨਾ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਆਗੂਆਂ ਨੇ ਕਿਹਾ ਅਜਿਹੀ ਸਕੀਮ ਦਾ ਵੱਡੇ ਪੱਧਰ ’ਤੇ ਡੱਟਵਾਂ ਵਿਰੋਧ ਕੀਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਨੋਟੀਫਿਕੇਸ਼ਨ ਤਾਂ ਕਰ ਦਿੱਤਾ ਹੈ ਪਰ ਅਜੇ ਤੱਕ ਪੰਜਾਬ ਸਰਕਾਰ ਨੇ ਇਸ ਨੋਟੀਫਿਕੇਸ਼ਨ ਨੂੰ ਲਾਗੂ ਨਹੀਂ ਕੀਤਾ। ਦੂਜੇ ਪਾਸੇ ਹਿਮਾਚਲ ਸਰਕਾਰ ਨੇ ਜੋ ਓ.ਪੀ.ਐੱਸ ਆਪਣੇ ਰਾਜ ਵਿੱਚ ਲਾਗੂ ਕੀਤੀ ਹੈ ਉਸ ਨਾਲ ਰਾਜ ਉੱਪਰ ਕੋਈ ਵਿੱਤੀ ਬੋਝ ਨਹੀਂ ਪਿਆ ਹੈ। ਇਸ ਕਰਕੇ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਵਿੱਚ ਓ.ਪੀ.ਐਸ ਲਾਗੂ ਕਰੇ ਅਤੇ ਤੁਰੰਤ ਜੀ.ਪੀ.ਐੱਫ ਖਾਤੇ ਖੋਲ੍ਹੇ। ਇਸ ਮੌਕੇ ਦਵਿੰਦਰਪਾਲ ਸਿੰਘ ਬੇਦੀ ਬਲਾਕ ਸਿੱਖਿਆ ਅਫਸਰ, ਗੁਰਚਰਨ ਸਿਘ , ਦਲਜੀਤ ਸਿੰਘ , ਗੁਰਿੰਦਰ ਸਿੰਘ, ਰਾਜਿੰਦਰਪਾਲ ਸਿੰਘ , ਹਰਭਜਨ ਸਿੰਘ , ਕੁਲਵਿੰਦਰ ਸਿੰਘ, ਜਗਵਰਿੰਦਰ ਸਿੰਘ ਹਾਜ਼ਰ ਸਨ ।