ਐੱਸਡੀਐੱਮ ਵੱਲੋਂ ਪਤੰਗ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ
ਗੁਰਨਾਮ ਸਿੰਘ ਚੌਹਾਨ
ਪਾਤੜਾਂ, 28 ਜਨਵਰੀ
ਐੱਸਡੀਐੱਮ ਅਸ਼ੋਕ ਕੁਮਾਰ ਨੇ ਪੁਲੀਸ ਅਤੇ ਨਗਰ ਕੌਂਸਲ ਪਾਤੜਾਂ ਦੀ ਟੀਮ ਨੂੰ ਨਾਲ ਲੈ ਕੇ ਸ਼ਹਿਰ ਦੀਆਂ ਪੰਜ ਦੁਕਾਨਾਂ ਦੀ ਚੈਕਿੰਗ ਕਰਕੇ ਚੀਨੀ ਡੋਰ ਵੇਚਣ ਵਾਲੇ ਦੁਕਾਨਦਾਰਾਂ ਖ਼ਿਲਾਫ਼ ਮੁਹਿੰਮ ਵਿੱਢੀ ਹੈ। ਇਸ ਮੌਕੇ ਕੀਤੀ ਗਈ ਜਾਂਚ ਦੌਰਾਨ ਕਿਸੇ ਦੁਕਾਨ ’ਤੋਂ ਚੀਨੀ ਡੋਰ ਬਰਾਮਦ ਨਹੀਂ ਹੋਈ। ਐੱਸਡੀਐੱਮ ਅਸ਼ੋਕ ਕੁਮਾਰ ਨੇ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਵੱਲੋਂ ਚੀਨੀ ਡੋਰ ਵੇਚਣ ਤੇ ਭੰਡਾਰਨ ’ਤੇ ਰੋਕ ਸਬੰਧੀ ਜਾਰੀ ਹੁਕਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਚੀਨੀ ਡੋਰ ਨਾਲ ਕਈ ਅਣ ਸੁਖਾਵੀਂਆਂ ਦੁਰਘਟਨਾਵਾਂ ਹੋਈਆਂ ਹਨ, ਜਿਨ੍ਹਾਂ ਵਿੱਚ ਗਲੇ ਵਿੱਚ ਡੋਰ ਫ਼ਸਣ ਕਾਰਨ ਜਾਨ ਦਾ ਖ਼ਤਰਾ ਬਣਿਆ ਰਹਿੰਦਾ ਹੈ ਅਤੇ ਸੈਂਕੜਿਆਂ ਪਸ਼ੂ-ਪੰਛੀ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਚੀਨੀ ਡੋਰ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਜੇ ਕਿਸੇ ਦੁਕਾਨ ਤੋਂ ਚੀਨੀ ਡੋਰ ਵੇਚਣ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਦੇ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਸਿਟੀ ਪੁਲੀਸ ਇੰਚਾਰਜ ਹਰਦੀਪ ਸਿੰਘ ਵਿਰਕ ਨੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਚੀਨੀ ਡੋਰ ਨਾ ਵੇਚਣ ਅਤੇ ਪੁਲੀਸ ਵਿਭਾਗ ਨੂੰ ਸਹਿਯੋਗ ਦੇਣ।