ਕੜਾਕੇ ਦੀ ਠੰਢ ’ਚ ਕੰਪਿਊਟਰ ਅਧਿਆਪਕਾਂ ਦਾ ਸੰਘਰਸ਼ ਜਾਰੀ
ਗੁਰਦੀਪ ਸਿੰਘ ਲਾਲੀ
ਸੰਗਰੂਰ, 3 ਫਰਵਰੀ
ਇੱਥੇ ਡੀਸੀ ਦਫ਼ਤਰ ਅੱਗੇ ਪੰਜ ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਪੱਕੇ ਮੋਰਚੇ ’ਤੇ ਡਟੇ ਕੰਪਿਊਟਰ ਅਧਿਆਪਕਾਂ ਦਾ ਸੰਘਰਸ਼ ਜਾਰੀ ਹੈ। ਅੱਜ ਕੰਪਿਊਟਰ ਅਧਿਆਪਕਾਂ ਦੀ ਲੜੀਵਾਰ ਭੁੱਖ ਹੜਤਾਲ ਦਾ 157ਵਾਂ ਦਿਨ ਸੀ। ਇਸ ਦੌਰਾਨ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਨੇ ਐਲਾਨ ਕੀਤਾ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ।
ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਵਲੋਂ 1 ਸਤੰਬਰ 2024 ਤੋਂ ਲੜੀਵਾਰ ਸੂਬਾ ਪੱਧਰੀ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਸੀ ਪਰ ਕਈ ਮਹੀਨੇ ਬੀਤਣ ਦੇ ਬਾਵਜੂਦ ਜਦੋਂ ਕੋਈ ਸੁਣਵਾਈ ਨਾ ਹੋਈ ਤਾਂ 22 ਦਸੰਬਰ ਨੂੰ ਮਰਨ ਵਰਤ ਸ਼ੁਰੂ ਕਰ ਦਿੱਤਾ ਸੀ। ਕੰਪਿਊਟਰ ਅਧਿਆਪਕ ਜੌਨੀ ਸਿੰਗਲਾ ਮਰਨ ਵਰਤ ’ਤੇ ਬੈਠ ਗਿਆ ਸੀ ਜਿਸ ਨੂੰ 2 ਜਨਵਰੀ 2025 ਦੀ ਰਾਤ ਨੂੰ ਪੁਲੀਸ ਨੇ ਜਬਰੀ ਚੁੱਕ ਕੇ ਰਾਜਿੰਦਰਾ ਹਸਪਤਾਲ ਦਾਖਲ ਕਰਵਾ ਦਿੱਤਾ ਸੀ। ਅਗਲੇ ਦਿਨ 3 ਜਨਵਰੀ ਨੂੰ ਕੰਪਿਊਟਰ ਅਧਿਆਪਕ ਰਣਜੀਤ ਸਿੰਘ ਪਟਿਆਲਾ ਮਰਨ ਵਰਤ ’ਤੇ ਬੈਠ ਗਿਆ ਸੀ ਪਰ ਸਰਕਾਰ ਵਲੋਂ ਡੀਏ ’ਚ ਵਾਧਾ ਕਰਨ ਦੀ ਸ਼ਰਤ ’ਤੇ ਮਰਨ ਵਰਤ ਖਤਮ ਕਰਵਾ ਦਿੱਤਾ ਗਿਆ ਸੀ। ਕੰਪਿਊਟਰ ਅਧਿਆਪਕਾਂ ਵਲੋਂ ਡੀ.ਏ. ਕੀਤੇ ਵਾਧੇ ਨੂੰ ਨਕਾਰ ਦਿੱਤਾ ਸੀ ਜਿਸ ਕਾਰਨ ਹਾਲੇ ਵੀ ਕੰਪਿਊਟਰ ਅਧਿਆਪਕ ਦਾ ਸੰਘਰਸ਼ ਜਾਰੀ ਹੈ ਅਤੇ ਲੜੀਵਾਰ ਭੁੱਖ ਹੜਤਾਲ 157ਵੇਂ ਦਿਨ ਵੀ ਜਾਰੀ ਰਹੀ।
ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੇ ਸੂਬਾ ਆਗੂਆਂ ਪਰਮਵੀਰ ਸਿੰਘ, ਜੌਨੀ ਸਿੰਗਲਾ, ਰਣਜੀਤ ਸਿੰਘ ਪਟਿਆਲਾ ਅਤੇ ਨਰਦੀਪ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਸ਼ਹਿਰ ’ਚ ਸਵਾ ਪੰਜ ਮਹੀਨਿਆਂ ਤੋਂ ਕੰਪਿਊਟਰ ਅਧਿਆਪਕ ਡੀਸੀ ਦਫ਼ਤਰ ਅੱਗੇ ਬੈਠੇ ਹਨ ਪਰ ਸੱਤਾਧਾਰੀ ਪਾਰਟੀ ਦੇ ਕਿਸੇ ਵੀ ਨੁਮਾਇੰਦੇ ਅਤੇ ਅਧਿਕਾਰੀ ਨੇ ਸਾਰ ਤੱਕ ਨਹੀਂ ਲਈ ਗਈ। ਉਨ੍ਹਾਂ ਕਿਹਾ ਕਿ ਕੰਪਿਊਟਰ ਅਧਿਆਪਕ ਮੁੱਖ ਮੰਤਰੀ ਪੰਜਾਬ ਨੂੰ ਆਪਣੇ ਖੂਨ ਨਾਲ ਪੱਤਰ ਲਿਖ ਚੁੱਕੇ ਹਨ। ਸ਼ਹਿਰ ਵਿਚ ਰੋਸ ਮਾਰਚ, ਧਰਨਿਆਂ ਅਤੇ ਵੱਖ-ਵੱਖ ਢੰਗ ਤਰੀਕਿਆਂ ਨਾਲ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਜਾਰੀ ਹਨ।
ਇਸ ਤੋਂ ਇਲਾਵਾ ਦਿੱਲੀ ’ਚ ਪੁੱਜ ਕੇ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ ਪਰ ਇਸ ਦੇ ਬਾਵਜੂਦ ਮੀਟਿੰਗਾਂ ਦੌਰਾਨ ਸਿਰਫ਼ ਭਰੋਸੇ ਹੀ ਦਿੱਤੇ ਜਾ ਰਹੇ ਹਨ ਜਿਸ ਕਾਰਨ ਅਧਿਆਪਕਾਂ ’ਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਮੰਗਾਂ ਦਾ ਹੱਲ ਨਹੀਂ ਹੁੰਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।