ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪੁਲੀਸ ਸਖ਼ਤ

ਉਲੰਘਣਾ ਕਰਨ ਵਾਲਿਆਂ ਨੂੰ ਹਿਰਾਸਤ ’ਚ ਲੈਂਦੇ ਹੋਏ ਪੁਲੀਸ ਅਧਿਕਾਰੀ। -ਫੋਟੋ: ਮਨੋਜ ਮਹਾਜਨ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਮਾਰਚ
ਚੰਡੀਗੜ੍ਹ ਸ਼ਹਿਰ ’ਚ ਕਰਫਿਊ ਦੀ ਉਲੰਘਣਾ ਕਰਕੇ ਸ਼ਹਿਰ ਦੀਆਂ ਸੜਕਾਂ ’ਤੇ ਨਿਕਲਣ ਵਾਲਿਆਂ ਖ਼ਿਲਾਫ਼ ਪੁਲੀਸ ਤਰਫ਼ੋਂ ਸਖ਼ਤ ਕਾਰਵਾਈ ਕੀਤੀ ਗਈ ਹੈ। ਇਸ ਦੌਰਾਨ ਪੁਲੀਸ ਨੇ ਮੰਗਲਵਾਰ ਸ਼ਾਮ ਨੂੰ 7 ਵਜੇ ਤੋਂ ਲੈ ਕੇ ਬੁੱਧਵਾਰ ਸ਼ਾਮ 7 ਵਜੇ ਤੱਕ 1100 ਦੇ ਕਰੀਬ ਵਿਅਕਤੀਆਂ ਨੂੰ ਹਿਰਾਸਤ ’ਚ ਲੈ ਕੇ 20 ਵਾਹਨ ਜ਼ਬਤ ਕੀਤੇ ਹਨ। ਯੂਟੀ ਪੁਲੀਸ ਨੇ ਚੰਡੀਗੜ੍ਹ ’ਚ ਲੌਕਡਾਊਨ ਲਾਗੂ ਹੋਣ ਤੋਂ ਬਾਅਦ ਹੁਣ ਤੱਕ ਸਾਊਥ ਡਿਵੀਜ਼ਨ ਵਿਚੋਂ 428, ਈਸਟ ਡਿਵੀਜ਼ਨ ਵਿੱਚੋਂ 889 ਅਤੇ ਸੈਂਟਰਲ ਚੰਡੀਗੜ੍ਹ ਇਲਾਕੇ ਵਿੱਚੋਂ 447 ਲੋਕਾਂ ਨੂੰ ਨਾਕਿਆਂ ’ਤੇ ਰੋਕਿਆ ਸੀ ਤੇ ਨਿਯਮਾਂ ਦੀ ਉਲੰਘਣਾ ਦੇ ਦੋਸ਼ ਤਹਿਤ ਉਨ੍ਹਾਂ ਨੂੰ ਹਿਰਾਸਤ ’ਚ ਲੈ ਲਿਆ। ਇਸ ਦੌਰਾਨ ਕਰਫਿਊ ਦਾ ਪਾਲਣ ਨਾ ਕਰਨ ਅਤੇ ਵਿਰੋਧ ਕਰਨ ’ਤੇ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਦਕਿ 61 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੇ 773 ਵਾਹਨਾਂ ਨੂੰ ਰੋਕ ਕੇ ਤਲਾਸ਼ੀ ਲਈ ਅਤੇ 79 ਵਾਹਨਾਂ ਨੂੰ ਜ਼ਬਤ ਕੀਤਾ ਹੈ। ਚੰਡੀਗੜ੍ਹ ਪੁਲੀਸ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਰਫਿਊ ਦੌਰਾਨ ਯੂਟੀ ਪ੍ਰਸ਼ਾਸਨ ਵੱਲੋਂ ਜ਼ਰੂਰੀ ਵਸਤਾਂ ਨੂੰ ਲੋਕਾਂ ਦੇ ਘਰਾਂ ਤੱਕ ਪਹੁੰਚਾ ਦਿੱਤਾ ਜਾਵੇਗਾ। ਜੇਕਰ ਫੇਰ ਵੀ ਕੋਈ ਬਿਨਾਂ ਕਿਸੇ ਕੰਮ ਤੋਂ ਸੜਕ ’ਤੇ ਫਿਰਦਾ ਵਿਖਾਈ ਦਿੱਤੀ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਰੋਨਾਵਾਇਰਸ ਵਰਗੀ ਮਹਾਮਾਰੀ ’ਤੇ ਕਾਬੂ ਪਾਉਣ ਲਈ ਹਰੇਕ ਵਿਅਕਤੀ ਦਾ ਘਰ ’ਚ ਬੈਠਣਾ ਬਹੁਤ ਜ਼ਰੂਰੀ ਹੈ।

ਡਿਊਟੀ ’ਤੇ ਤਾਇਨਾਤ ਪੁਲੀਸ ਮੁਲਾਜ਼ਮਾਂ ’ਤੇ ਹਮਲਾ; ਦੋ ਗ੍ਰਿਫ਼ਤਾਰ
ਕਰਫਿਊ ਦੌਰਾਨ ਸ਼ਹਿਰ ਦੀਆਂ ਸੜਕਾਂ ’ਤੇ ਬਿਨਾਂ ਕਿਸੇ ਕੰਮ ਤੋਂ ਫਿਰ ਰਹੇ ਨੌਜਵਾਨਾਂ ਨੂੰ ਪੁਲੀਸ ਨੇ ਰੋਕਿਆ। ਇਸ ਦੌਰਾਨ ਇਨ੍ਹਾਂ ਨੌਜਵਾਨਾਂ ਨੇ ਪੁਲੀਸ ਉੱਤੇ ਪਥਰਾਅ ਕਰ ਦਿੱਤਾ। ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਦਿਆਂ ਪੁਲੀਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਪ੍ਰੀਤਮ ਸਿੰਘ ਅਤੇ ਵਿਕਾਸ ਵਾਸੀ ਸੈਕਟਰ 52-ਡੀ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਸ਼ਹਿਰ ’ਚ ਕਰਫਿਊ ਕਰਕੇ ਸ਼ਹਿਰ ਦੀਆਂ ਬਾਹਰੀ ਸੜਕਾਂ ’ਤੇ ਪੁਲੀਸ ਵੱਲੋਂ 38 ਥਾਵਾਂ ’ਤੇ ਨਾਕਾਬੰਦੀ ਕੀਤੀ ਗਈ ਸੀ ਜਿਸ ਦੌਰਾਨ ਪੁਲੀਸ ਨੇ ਸੈਕਟਰ-52 ਦੇ ਨਜ਼ਦੀਕ ਨਾਕਾਬੰਦੀ ਦੌਰਾਨ ਐਕਟਿਵਾ ਸਵਾਰ ਨੌਜਵਾਨਾਂ ਨੂੰ ਰੋਕ ਕੇ ਪੁੱਛਗਿੱਛ ਕਰਨੀ ਚਾਹੀ ਤਾਂ ਦੋਵੇਂ ਫ਼ਰਾਰ ਹੋ ਗਏ। ਪੁਲੀਸ ਨੇ ਦੋਵੇਂ ਨੌਜਵਾਨਾਂ ਦੀ ਭਾਲ ਸਬੰਧੀ ਇਲਾਕੇ ’ਚ ਗਸ਼ਤ ਕੀਤੀ ਤੇ ਦੋਵਾਂ ਨੌਜਵਾਨਾਂ ਨੂੰ ਕਾਬੂ ਕਰ ਲਿਆ। ਇਸੇ ਦੌਰਾਨ ਦੋਵੇਂ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਪੁਲੀਸ ਨਾਲ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਦਿਆਂ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਪੁਲੀਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਧਾਰਾ 188 ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।