ਕਸ਼ਮੀਰੀਆਂ ਬਾਰੇ ਟਿੱਪਣੀਆਂ ਦੀ ਨਿਖੇਧੀ

ਪੱਤਰ ਪ੍ਰੇਰਕ
ਪਾਤੜਾਂ, 12 ਅਗਸਤ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਜੰਮੂ ਕਸ਼ਮੀਰ ਵਿੱਚ ਧਾਰਾ 370 ਖ਼ਤਮ ਕੀਤੇ ਜਾਣ ਮਗਰੋਂ ਪੈਦਾ ਹੋਏ ਹਾਲਾਤ ਦੇ ਚੱਲਦਿਆਂ ਕਸ਼ਮੀਰੀ ਲੜਕੀਆਂ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਨੂੰ ਲੈ ਕੇ ਮਾਹੌਲ ਗਰਮਾਉਂਦਾ ਜਾ ਰਿਹਾ ਹੈ। ਪੰਥਕ ਸੇਵਾ ਲਹਿਰ ਦਾਦੂਵਾਲ ਜ਼ਿਲ੍ਹਾ ਪਟਿਆਲਾ ਦੇ ਸੇਵਾਦਾਰ ਭਾਈ ਜੀਵਨ ਸਿੰਘ ਚੁਨਾਗਰਾ, ਪਰਮਜੀਤ ਸਿੰਘ ਸਮਾਣਾ, ਅਮਰਜੀਤ ਸਿੰਘ ਮਰੋੜੀ, ਮਕੁੰਦ ਸਿੰਘ ਚੁਨਾਗਰਾ ਅਤੇ ਭੋਰਾ ਦੁਗਾਲ ਨੇ ਨਿਖੇਧੀ ਕਰਦਿਆਂ ਕਿਹਾ ਹੈ ਕਿ ਸਿੱਖ ਭਾਈਚਾਰਾ ਗੁਰੂ ਸਹਿਬਾਨ ਦੇ ਸਮੇਂ ਤੋਂ ਹੀ ਗਰੀਬ, ਮਜ਼ਲੂਮ ਅਤੇ ਔਰਤਾਂ ਦੀ ਰੱਖਿਆ ਦਾ ਹਾਮੀ ਰਿਹਾ ਹੈ। ਉਨ੍ਹਾਂ ਕਿਹਾ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਵੱਲੋਂ ਕਸ਼ਮੀਰੀ ਬੱਚੀਆਂ ਬਾਰੇ ਕੀਤੀਆਂ ਬੇਹੁਦਾ ਟਿੱਪਣੀਆਂ ਨੇ ਭਾਜਪਾ ਅਤੇ ਆਰਐੱਸਐੱਸ ਦੀ ਸੋਚ ਦਾ ਪ੍ਰਗਟਾਵਾ ਕਰਦੀ ਹੈ। ਉਨ੍ਹਾਂ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਧਾਰਾ 370 ਤੋੜਨ ਦੀ ਹਮਾਇਤ ਕਰਕੇ ਰਾਜਾਂ ਨੂੰ ਵੱਧ ਅਧਿਕਾਰ ਦੇਣ ਦੀ ਮੰਗ ਨੂੰ ਖਤਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਦਲ ਆਪਣੇ ਆਪ ਨੂੰ ਪੰਥਕ ਮੰਨਦਾ ਹੈ ਤਾਂ ਉਹ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਿੱਚੋਂ ਅਸਤੀਫਾ ਦੇ ਕੇ ਕਸ਼ਮੀਰੀ ਲੋਕਾਂ ਨਾਲ ਖੜ੍ਹੇ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕਸ਼ਮੀਰੀ ਔਰਤਾਂ ਦੇ ਹੱਕ ਵਿੱਚ ਦਿੱਤੇ ਬਿਆਨ ਦਾ ਸਮਰਥਨ ਕਰਦਿਆਂ ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਨੇ ਸਿੱਖੀ ਦੀ ਮੂਲ ਭਾਵਨਾ ਦਾ ਪ੍ਰਗਟਾਵਾ ਕੀਤਾ ਹੈ।