ਕਾਂਗਰਸ ਨੇ ਗਲਤ ਫ਼ੈਸਲਿਆਂ ਦਾ ਵਿਸ਼ਲੇਸ਼ਣ ਕੀਤਾ ਜਾਵੇ: ਵਿੱਜ
ਪੱਤਰ ਪ੍ਰੇਰਕ
ਅੰਬਾਲਾ, 10 ਜੂਨ
ਹਰਿਆਣਾ ਦੇ ਊਰਜਾ, ਟਰਾਂਸਪੋਰਟ ਤੇ ਕਿਰਤ ਮੰਤਰੀ ਅਨਿਲ ਵਿੱਜ ਨੇ ਕਾਂਗਰਸ ਦੇ ਇਤਿਹਾਸ ਨੂੰ ਯਾਦ ਕਰਵਾਉਂਦੇ ਹੋਏ ਕਿਹਾ ਕਿ ਕਾਂਗਰਸ ਨੇ ਜਿਨ੍ਹਾਂ ਗਲਤ ਫੈਸਲਿਆਂ ਨਾਲ ਦੇਸ਼ ਨੂੰ ਨੁਕਸਾਨ ਪਹੁੰਚਾਇਆ ਉਨ੍ਹਾਂ ਦਾ ਵਿਸ਼ਲੇਸ਼ਣ ਕੀਤਾ ਜਾਵੇ। ਸ੍ਰੀ ਵਿੱਜ ਨੇ ਕਾਂਗਰਸ ਦੇ ਪ੍ਰਧਾਨ ਮੰਤਰੀ ਜਵਾਹਰਲਾਲ ਨਹਿਰੂ ਤੇ ਇੰਦਰਾ ਗਾਂਧੀ ਦੇ ਫੈਸਲਿਆਂ ਨੂੰ ਗਿਣਵਾਉਂਦੇ ਹੋਏ ਕਿਹਾ ਕਿ ਜਵਾਹਰਲਾਲ ਨਹਿਰੂ ਨੇ ਸਿੰਧੂ ਜਲ ਸਮਝੌਤੇ ਦੌਰਾਨ ਪਾਕਿਸਤਾਨ ਨੂੰ 80 ਫੀਸਦੀ ਪਾਣੀ ਦੇ ਦਿੱਤਾ, ਜਿਸ ਨਾਲ ਦੇਸ਼ ਦੇ ਖੇਤ ਪਿਆਸੇ ਰਹਿ ਗਏ। ਇਸਦੇ ਨਾਲ ਹੀ ਉਨ੍ਹਾਂ ਨੇ ਕਸ਼ਮੀਰ ਵਿੱਚ ਧਾਰਾ 370 ਲਗਾਏ ਜਾਣੇ ਨੂੰ ਵੀ ਗਲਤ ਫ਼ੈਸਲਾ ਕਰਾਰ ਦਿੱਤਾ। ਜਿਸ ਕਾਰਨ ਕਸ਼ਮੀਰ ਭਾਰਤ ਦਾ ਹਿੱਸਾ ਹੋਣ ਦੇ ਬਾਵਜੂਦ ਵੀ ਅਲੱਗ ਹੋ ਗਿਆ।
ਉਨ੍ਹਾਂ ਕਿਹਾ ਕਿ ਇੰਦਰਾ ਗਾਂਧੀ ਨੇ ਸੰਵਿਧਾਨ ਨੂੰ ਪੈਰਾਂ ਹੇਠਾਂ ਰੋਂਦਿਆਂ ਐਮਰਜੈਂਸੀ ਲਗਾਈ ਅਤੇ ਲੱਖਾਂ ਲੋਕਾਂ ਨੂੰ ਜੇਲ੍ਹ ਭੇਜ ਕੇ ਉਨ੍ਹਾਂ ਦੇ ਜਨਮਤ ਅਧਿਕਾਰਾਂ ਦੀ ਉਲੰਘਣਾ ਕੀਤੀ।
ਸ੍ਰੀ ਵਿੱਜ ਨੇ ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਦੇ ਬਿਆਨ ’ਤੇ ਤਿੱਖੀ ਪ੍ਰਤਿਕਿਰਿਆ ਕੀਤੀ ਤੇ ਕਿਹਾ ਕਿ ਕਾਂਗਰਸ 2047 ਦੇ ਸੁਪਨੇ ਵੇਚ ਰਹੀ ਹੈ।