ਕਾਰ ਹਾਦਸਾ: ਮ੍ਰਿਤਕਾਂ ਦੇ ਵਾਰਸਾਂ ਨੂੰ ਦੋ-ਦੋ ਲੱਖ ਤੇ ਜ਼ਖ਼ਮੀ ਨੂੰ 50 ਹਜ਼ਾਰ ਦੀ ਮਾਲੀ ਮਦਦ
ਨਿੱਜੀ ਪੱਤਰ ਪ੍ਰੇਰਕ
ਮਾਨਸਾ, 3 ਫਰਵਰੀ
ਹਰਿਆਣਾ ਹੱਦ ਨੇੜੇ ਭਾਖੜਾ ਨਹਿਰ ਵਿੱਚ ਡਿੱਗੀ ਕਰੂਜਰ ਗੱਡੀ ਵਿੱਚ ਪੰਜਾਬ ਦੇ ਸਵਾਰ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਹਤ ਫੰਡ ਵਿੱਚੋਂ ਸਹਾਇਤਾ ਰਕਮ ਦੇਣ ਦਾ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਇੱਥੇ ਕਾਰ ਹਾਦਸੇ ਵਿੱਚ ਉਨ੍ਹਾਂ ਦੇ ਹਲਕੇ ਬੁਢਲਾਡਾ ਦੇ ਦੋ ਪਿੰਡਾਂ ਰਿਉਂਦ ਕਲਾਂ ਦੇ ਇੱਕ ਪਰਿਵਾਰ ਦੇ ਤਿੰਨ ਮੈਂਬਰ ਅਤੇ ਪਿੰਡ ਸਸਪਾਲੀ ਦੀ ਇੱਕ ਔਰਤ ਦੀ ਮੌਤ ਹੋ ਗਈ ਸੀ। ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਮੁੱਖ ਮੰਤਰੀ ਨੇ ਪੰਜਾਬ ਨਾਲ ਸਬੰਧਤ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਅਤੇ ਜ਼ਖ਼ਮੀ ਅਰਮਾਨ ਦੇ ਇਲਾਜ ਲਈ 50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੀੜਤ ਪਰਿਵਾਰ ਦੇ ਨਾਲ ਖੜ੍ਹੇ ਹਨ।
ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦਾ ਮੁੱਢਲਾ ਫਰਜ਼ ਬਣਦਾ ਸੀ ਕਿਉਂਕਿ ਪੀੜਤ ਬੁਢਲਾਡਾ ਹਲਕੇ ਨਾਲ ਸਬੰਧਤ ਪਿੰਡ ਰਿਉਂਦ ਕਲਾਂ ਅਤੇ ਸਸਪਾਲੀ ਦੇ ਹਨ। ਦੂਜੇ ਪਾਸੇ, ਪਿੰਡ ਦੇ ਸਰਪੰਚ ਨੰਬਰਦਾਰ ਜਸਵਿੰਦਰ ਸਿੰਘ ਦੀ ਅਗਵਾਈ ਵਿੱਚ ਸਮੂਹ ਲੋਕਾਂ ਨੇ ਇਸ ਦੁਖਦਾਈ ਘਟਨਾ ਵਿੱਚ ਪੀੜਤ ਪਰਿਵਾਰ ਨਾਲ ਖੜ੍ਹਨ ਲਈ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਦੇ ਯਤਨਾਂ ਸਦਕਾ ਪਰਿਵਾਰਾਂ ਨੂੰ ਮਾਲੀ ਮਦਦ ਮਿਲ ਸਕੀ ਹੈ।