ਕਿਸਾਨਾਂ ਦੀ ਕਣਕ ਦਾ ਦਾਣਾ-ਦਾਣਾ ਖ਼ਰੀਦੇਗੀ ਸਰਕਾਰ: ਚਰਨਜੀਤ ਸਿੰਘ
ਸੰਜੀਵ ਤੇਜਪਾਲ
ਮੋਰਿੰਡਾ, 14 ਅਪਰੈਲ
ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਮੋਰਿੰਡਾ ਦੀ ਅਨਾਜ ਮੰਡੀ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮੰਡੀ ਵਿੱਚ ਆਈ ਕਿਸਾਨਾਂ ਦੀ ਕਣਕ ਦਾ ਦਾਣਾ-ਦਾਣਾ ਐੱਮਐੱਸਪੀ ’ਤੇ ਖ਼ਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੌਸਮ ਠੀਕ ਰਹਿਣ ਸਦਕਾ ਇਸ ਵਾਰ ਕਣਕ ਦਾ ਝਾੜ ਅਤੇ ਦਾਣਾ ਵਧੀਆ ਹੈ। ਉਨ੍ਹਾਂ ਕਿਹਾ ਕਿ ਮੋਰਿੰਡਾ ਦੀ ਦਾਣਾ ਮੰਡੀ ਵਿੱਚ ਕਣਕ ਦੀ ਖ਼ਰੀਦ ਕਰਨ ਲਈ ਸਾਰੇ ਪ੍ਰਬੰਧ ਮੁਕੰਮਲ ਹਨ। ਇੱਥੇ ਕਣਕ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਮੰਡੀ ਵਿੱਚ ਆਈ ਕਣਕ ਦੀ ਚੁਕਾਈ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਮੰਡੀ ਵਿੱਚ ਕਣਕ ਨੂੰ ਸੰਭਾਲਣ ਲਈ ਕੋਈ ਸਮੱਸਿਆ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੇਚੀ ਗਈ ਕਣਕ ਦੀ ਅਦਾਇਗੀ ਵੀ 48 ਘੰਟਿਆਂ ਨੇ ਅੰਦਰ-ਅੰਦਰ ਕਰ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਐੱਨਪੀ ਰਾਣਾ ਅਤੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜੁਝਾਰ ਸਿੰਘ ਮਾਵੀ ਸਣੇ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਦੇ ਕਰਮਚਾਰੀ ਹਾਜ਼ਰ ਸਨ।
ਪੁਰਖਾਲੀ ਮੰਡੀ ਵਿੱਚ ਕਣਕ ਦੀ ਖ਼ਰੀਦ ’ਚ ਤੇਜ਼ੀ
ਰੂਪਨਗਰ (ਜਗਮੋਹਨ ਸਿੰਘ): ਘਾੜ ਇਲਾਕੇ ਦੇ ਕਸਬਾ ਪੁਰਖਾਲੀ ਵਿੱਚ ਸਥਿਤ ਅਨਾਜ ਮੰਡੀ ਪੁਰਖਾਲੀ ’ਚ ਕਣਕ ਦੀ ਖ਼ਰੀਦ ਤੇਜ਼ ਹੋ ਗਈ ਹੈ। ਅੱਜ ਮਾਰਕੀਟ ਕਮੇਟੀ ਰੂਪਨਗਰ ਦੇ ਚੇਅਰਮੈਨ ਭਾਗ ਸਿੰਘ ਮਦਾਨ ਤੇ ਡਿਪਟੀ ਡੀਐੱਮਓ ਸੁਰਿੰਦਰਪਾਲ ਸਿੰਘ ਨੇ ਮੰਡੀ ਦਾ ਦੌਰਾ ਕਰ ਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਮਾਰਕੀਟ ਕਮੇਟੀ ਦੇ ਕਰਮਚਾਰੀਆਂ ਨੂੰ ਮੰਡੀ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਲਈ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ। ਮੰਡੀ ਸੁਪਰਵਾਈਜ਼ਰ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਹੁਣ ਤੱਕ ਪੁਰਖਾਲੀ ਮੰਡੀ ਵਿੱਚ 2700 ਬੋਰੀ ਕਣਕ ਦੀ ਆਮਦ ਹੋਈ ਸੀ ਅਤੇ ਸਾਰੀ ਹੀ ਫਸਲ ਖਰੀਦੀ ਜਾ ਚੁੱਕੀ ਹੈ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਅਨਾਜ ਮੰਡੀ ਪੁਰਖਾਲੀ ਦੇ ਪ੍ਰਧਾਨ ਮੇਜਰ ਸਿੰਘ, ਆੜ੍ਹਤੀ ਹਰਿੰਦਰ ਸਿੰਘ, ਦਲਜੀਤ ਸਿੰਘ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।