ਰਣਜੀਤ ਸਿੰਘ ਸ਼ੀਤਲਦਿੜ੍ਹਬਾ ਮੰਡੀ, 14 ਅਪਰੈਲਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਦੀ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਵੇਗੀ। ਉਨ੍ਹਾਂ ਕਿਸਾਨਾਂ ਵੱਲੋਂ ਲਿਆਂਦੀ ਜਿਣਸ ਦੀ ਬੋਲੀ ਵੀ ਲਗਵਾਈ ਅਤੇ ਮੌਕੇ ’ਤੇ ਹੀ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਫ਼ਸਲ ਦੀ ਖਰੀਦ ਕੀਤੀ ਗਈ। ਚੀਮਾ ਨੇ ਦਿੜ੍ਹਬਾ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਣਕ ਦੀ ਨਿਰਵਿਘਨ ਖਰੀਦ, ਲਿਫਟਿੰਗ, ਬਾਰਦਾਨੇ ਦੀ ਉਪਲਬਧਤਾ, ਟਰਾਂਸਪੋਰਟੇਸ਼ਨ, ਲੇਬਰ ਸਮੇਤ ਬਿਜਲੀ, ਪੀਣ ਲਈ ਸਾਫ਼ ਪਾਣੀ, ਸਾਫ਼-ਸਫ਼ਾਈ, ਪਖਾਨਿਆਂ ਦੀ ਸਹੂਲਤ ਸਬੰਧੀ ਕੋਈ ਵੀ ਲਾਪ੍ਰਵਾਹੀ ਨਾ ਵਰਤਣ ਲਈ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਬ ਡਵੀਜ਼ਨ ਅਧੀਨ ਆਉਂਦੀਆਂ ਸਮੂਹ ਅਨਾਜ ਮੰਡੀਆਂ ਦੀ ਨਿਗਰਾਨੀ ਉਪ ਮੰਡਲ ਮੈਜਿਸਟਰੇਟ ਦਿੜ੍ਹਬਾ ਕਰ ਰਹੇ ਹਨ ਅਤੇ ਸਾਰੀਆਂ ਸਰਕਾਰੀ ਖਰੀਦ ਏਜੰਸੀਆਂ ਨੂੰ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਮੌਕੇ ਚੇਅਰਮੈਨ ਪਨਸੀਡ ਮਹਿੰਦਰ ਸਿੰਘ ਸਿੱਧੂ, ਕੈਬਨਿਟ ਮੰਤਰੀ ਦੇ ਓਐੱਸਡੀ ਤਪਿੰਦਰ ਸਿੰਘ ਸੋਹੀ, ਜ਼ਿਲ੍ਹਾ ਮੰਡੀ ਅਫ਼ਸਰ ਕੁਲਜੀਤ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।