ਕਿਸਾਨਾਂ ਨੂੰ ਸਿਫ਼ਾਰਸ਼ਸ਼ੁਦਾ ਝੋਨੇ ਦੀਆਂ ਕਿਸਮਾਂ ਹੀ ਬੀਜਣ ਦੀ ਅਪੀਲ
ਪੱਤਰ ਪ੍ਰੇਰਕ
ਹੁਸ਼ਿਆਰਪੁਰ, 8 ਮਈ
ਪੰਜਾਬ ਵਿੱਚ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਅਤੇ ਕਿਸਾਨਾਂ ਦੇ ਬੀਜ ’ਤੇ ਆਉਣ ਵਾਲੇ ਖ਼ਰਚ ਨੂੰ ਘਟਾਉਣ ਲਈ ਪਿਛਲੇ ਦਿਨਾਂ ਵਿੱਚ ਪੰਜਾਬ ਸਰਕਾਰ ਵੱਲੋਂ ਝੋਨੇ ਦੀਆਂ ਹਾਈਬ੍ਰਿਡ ਕਿਸਮਾਂ ਦੀ ਵਿਕਰੀ ’ਤੇ ਪੰਜਾਬ ਰਾਜ ਵਿਚ ਪੂਰਨ ਤੌਰ ‘’ਤੇ ਪਾਬੰਦੀ ਲਗਾਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਦਪਿੰਦਰ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੀਆਂ ਗਈਆਂ ਕਿਸਮਾਂ ਦੇ ਬੀਜ ਦੀ ਚੋਣ ਕਰਨ ਅਤੇ ਪਨੀਰੀ ਵਜੋਂ ਬੀਜਣ। ਉਨ੍ਹਾਂ ਕਿਹਾ ਕਿ ਇਨ੍ਹਾਂ ਕਿਸਮਾਂ ਦਾ ਬੀਜ ਜ਼ਿਲ੍ਹੇ ਵਿੱਚ ਮੌਜੂਦ ਵੱਖ-ਵੱਖ ਇਨਪੁਟ ਡੀਲਰਾਂ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਿੱਚ ਮੌਜੂਦ ਹੈ।
ਉਨ੍ਹਾਂ ਕਿਹਾ ਕਿ ਪੀ.ਏ.ਯੂ ਵਲੋਂ ਘੱਟ ਸਮੇਂ ਵਿਚ ਪੱਕਣ ਵਾਲੀਆਂ ਕਿਸਮਾਂ ਵੀ ਸਿਫਾਰਸ਼ ਕੀਤੀ ਗਈ ਹੈ, ਜਿਸ ਵਿਚ ਪੀ.ਆਰ-126 ਕਿਸਾਨਾਂ ਵਿਚ ਪ੍ਰਚੱਲਿਤ ਹੈ। ਇਹ ਕਿਸਮ ਘੱਟ ਸਮੇਂ ਵਿਚ ਪੱਕ ਕੇ ਵਧੀਆ ਝਾੜ ਦਿੰਦੀ ਹੈ। ਇਸ ਤੋਂ ਇਲਾਵਾ ਪੀ.ਏ.ਯੂ ਵਲੋਂ ਪੀ.ਆਰ-128, 129, 130, 131 ਅਤੇ 132 ਦੀ ਵੀ ਸਿਫਾਰਸ਼ ਕੀਤੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਇਲਾਕੇ ਵਿਚ ਕੋਈ ਵੀ ਬੀਜ ਵਿਕਰੇਤਾ ਅਣਅਧਿਕਾਰਤ ਤੌਰ ‘ਤੇ ਹਾਈਬ੍ਰਿਡ ਬੀਜ ਦੀ ਵਿਕਰੀ ਕਰਦਾ ਹੈ ਤਾਂ ਉਸ ਸਬੰਧੀ ਸੂਚਨਾ ਨੇੜਲੇ ਬਲਾਕ ਖੇਤੀਬਾੜੀ ਅਫ਼ਸਰ ਨੂੰ ਦਿੱਤੀ ਜਾਵੇ।