ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
ਸੁਖਦੇਵ ਸਿੰਘ
ਅਜਨਾਲਾ, 1 ਫਰਵਰੀ
ਕਿਸਾਨਾਂ ਦੀਆਂ ਮੰਨੀਆਂ ਮੰਗਾਂ ਲਾਗੂ ਨਾ ਕਰਨ, ਕੇਂਦਰੀ ਬਜਟ ਵਿੱਚ ਕਿਸਾਨਾਂ ਨੂੰ ਕੋਈ ਵੱਡੀ ਰਾਹਤ ਨਾ ਦੇਣ ਅਤੇ ਨਵੀਂ ਕੌਮੀ ਮੰਡੀ ਨੀਤੀ ਖਰੜੇ ਦੇ ਵਿਰੋਧ ਵਿੱਚ ਕਿਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਸੂਬਾ ਸਕੱਤਰ ਧਨਵੰਤ ਸਿੰਘ ਖਤਰਾਏ ਕਲਾਂ ਦੀ ਅਗਵਾਈ ਹੇਠ ਸਰਹੱਦੀ ਪਿੰਡ ਰਾਏਪੁਰ ਕਲਾਂ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਧਨਵੰਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਗੈਸ ਸਿਲੰਡਰ ਦੀ ਤਰ੍ਹਾਂ ਕਿਸਾਨਾਂ ਨੂੰ ਖਾਦਾਂ ਸਮੇਤ ਹੋਰ ਵਸਤੂਆਂ ’ਤੇ ਮਿਲਦੀਆਂ ਸਬਸਿਡੀਆਂ ਖਤਮ ਕਰਨ ਵਾਲੇ ਰਾਹ ਤੁਰ ਪਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੰਡੀਕਰਨ ਢਾਂਚੇ ਨੂੰ ਖਤਮ ਕਰਨ ਦੇ ਉਦੇਸ਼ ਨਾਲ ਕੌਮੀ ਖੇਤੀ ਮਾਰਕੀਟਿੰਗ ਖਰੜਾ ਤਿਆਰ ਕੀਤਾ ਗਿਆ ਹੈ ਜਿਸ ਨਾਲ ਮੰਡੀਆਂ ਪ੍ਰਾਈਵੇਟ ਹੱਥਾਂ ਵਿੱਚ ਚਲੀਆਂ ਜਾਣਗੀਆਂ ਅਤੇ ਕਿਸਾਨਾਂ ਦੀ ਲੁੱਟ-ਖ਼ਸੁੱਟ ਪੂਰੀ ਜੋਬਨ ’ਤੇ ਹੋਵੇਗੀ। ਉਨ੍ਹਾਂ ਕਿਹਾ ਕਿ ਇੱਕ ਪਾਸੇ ਕਿਸਾਨ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਅਤੇ ਦੂਜੇ ਪਾਸੇ ਕੇਂਦਰੀ ਬਜਟ ਵਿੱਚ ਕਿਸਾਨਾਂ ਨੂੰ ਕੋਈ ਵੱਡੀ ਰਾਹਤ ਨਾ ਦੇ ਕੇ ਕਿਸਾਨੀ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ ਜਦਕਿ ਵੱਡੇ ਘਰਾਣਿਆਂ ਨੂੰ ਫਾਇਦਾ ਦੇਣ ਲਈ ਕਈ ਤਜਵੀਜ਼ਾਂ ਦਾ ਜ਼ਿਕਰ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਕੌਮੀ ਖੇਤੀ ਮਾਰਕੀਟਿੰਗ ਖਰੜਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਰੱਦ ਕਰੇ ਅਤੇ ਪੰਜਾਬ ਦੇ ਕਿਸਾਨਾਂ ਦੇ ਹੱਕ ਵਿੱਚ ਕੇਂਦਰ ਸਰਕਾਰ ਖਿਲਾਫ਼ ਲੜਾਈ ਲੜਨ ਲਈ ਅੱਗੇ ਆਵੇ।
ਖੇਤੀਬਾੜੀ ਨੂੰ ਅਣਗੌਲਿਆ ਕੀਤਾ: ਅਜਨਾਲਾ
ਅਜਨਾਲਾ (ਪੱਤਰ ਪ੍ਰੇਰਕ): ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਐੱਸਕੇਐੱਮ ਦੇ ਕੌਮੀ ਤਾਲਮੇਲ ਕਮੇਟੀ ਮੈਂਬਰ ਡਾ. ਸਤਨਾਮ ਸਿੰਘ ਅਜਨਾਲਾ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੇਸ਼ ਬਜਟ ਪੇਸ਼ ਵਿੱਚ ਖੇਤੀਬਾੜੀ ਸੈਕਟਰ ਨੂੰ ਅਣਗੌਲਿਆਂ ਕੀਤਾ ਹੈ ਜਦਕਿ ਖੇਤੀ ਦਾ ਜਿਹੜਾ ਪਿਛਲੇ ਸਾਲ ਦਾ 1.52 ਲੱਖ ਕਰੋੜ ਰੁਪਏ ਦਾ ਬਜਟ ਸੀ, ਉਸ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਅਤੇ ਨਾ ਹੀ ਇਸ ਵਿਚ ਐੱਮਐੱਸਪੀ ਕਨੂੰਨੀ ਗਾਰੰਟੀ ਦੇਣ ਬਾਰੇ ਕੋਈ ਜ਼ਿਕਰ ਹੈ ਜਦੋਂਕਿ ਲੰਬੇ ਸਮੇਂ ਤੋਂ ਕਿਸਾਨ ਮੰਗ ਕਰ ਰਹੇ ਹਨ।