ਪਰਮਜੀਤ ਸਿੰਘ ਕੁਠਾਲਾਮਾਲੇਰਕੋਟਲਾ, 22 ਮਈਪੰਜਾਬ ਸਰਕਾਰ ਵੱਲੋਂ ਲੁਧਿਆਣਾ, ਮੋਗਾ, ਫ਼ਿਰੋਜ਼ਪੁਰ ਤੇ ਨਵਾਂ ਸ਼ਹਿਰ ਦੇ 53 ਪਿੰਡਾਂ ਦੀ ਹਜ਼ਾਰਾਂ ਏਕੜ ਉਪਜਾਊ ਜ਼ਮੀਨ ਐਕੁਆਇਰ ਕਰਨ ਖ਼ਿਲਾਫ਼ ਸੂਬਾ ਅਤੇ ਕੇਂਦਰ ਸਰਕਾਰਾਂ ਨੂੰ ਸੰਘਰਸ਼ ਦੀ ਚਿਤਾਵਨੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਬੁਰਜਗਿੱਲ) ਜ਼ਿਲ੍ਹਾ ਮਾਲੇਰਕੋਟਲਾ ਦੇ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰਾਂ ਉਪਜਾਊ ਜ਼ਮੀਨਾਂ ਕਿਸਾਨਾਂ ਕੋਲੋਂ ਕੌਡੀਆਂ ਦੇ ਭਾਅ ਖਰੀਦ ਕੇ ਵੱਡੇ ਬਿਲਡਰਾਂ ਹਵਾਲੇ ਕਰ ਰਹੀਆਂ ਹਨ ਤਾਂ ਜੋ ਪੰਜਾਬ ਦੀ ਕਿਸਾਨੀ ਨੂੰ ਖੇਤੀ ਸੈਕਟਰ ਵਿਚੋਂ ਬਾਹਰ ਕੱਢਿਆ ਜਾ ਸਕੇ। ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿੱਚ ਜ਼ਿਲ੍ਹੇ ਭਰ ਤੋਂ ਇਕੱਠੇ ਹੋਏ ਕਿਸਾਨ ਆਗੂਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਰੋਹਣੋਂ, ਜਨਰਲ ਸਕੱਤਰ ਹਰਦੇਵ ਸਿੰਘ ਅਤੇ ਖਜ਼ਾਨਚੀ ਦਰਸ਼ਨ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਅਰਬਨ ਅਸਟੇਟ ਲਈ ਇਕੱਲੇ ਮੁੱਲਾਂਪੁਰ ਦਾਖਾ ਇਲਾਕੇ ਦੇ 32 ਤੋਂ ਵੱਧ ਪਿੰਡਾਂ ਦੀ 24 ਹਜ਼ਾਰ ਏਕੜ ਜ਼ਮੀਨ ਐਕੁਆਇਰ ਕੀਤੀ ਜਾਣੀ ਹੈ ਜਿਸ ਕਾਰਨ ਹਜ਼ਾਰਾਂ ਪਰਿਵਾਰ ਬੇਜ਼ਮੀਨੇ ਹੋ ਜਾਣਗੇ। ਕਿਸਾਨ ਆਗੂਆਂ ਨੇ ਇਲਾਕੇ ਦੇ ਪਿੰਡਾਂ ਨੂੰ ਗਰਾਮ ਸਭਾਵਾਂ ਦੇ ਇਜਲਾਸ ਸੱਦ ਕੇ ਇਸ ਨੋਟੀਫਿਕੇਸ਼ਨ ਨੂੰ ਰੱਦ ਕਰਨ ਦੇ ਮਤੇ ਪਾਸ ਕਰਨ ਦਾ ਸੱਦਾ ਦਿੱਤਾ। ਮੀਟਿੰਗ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਝੋਨੇ ਦੀ ਪੂਸਾ-44 ਬੀਜਣ ਖਿਲਾਫ਼ ਕਿਸਾਨਾਂ ਨੂੰ ਦਿੱਤੀ ਚਿਤਾਵਨੀ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਕਿਸਾਨਾਂ ਦਾ ਭਰੋਸਾ ਗੁਆ ਚੁੱਕੇ ਹਨ ਅਤੇ ਪਿਛਲੇ ਵਰ੍ਹੇ ਮੁੱਖ ਮੰਤਰੀ ਦੇ ਕਹਿਣ ’ਤੇ ਬੀਜਿਆ ਝੋਨਾ ਮੰਡੀਆਂ ਵਿਚ ਰੁਲਦਾ ਰਿਹਾ ਪਰ ਮੁੱਖ ਮੰਤਰੀ ਨੇ ਮੰਡੀਆਂ ਵਿਚ ਕਿਸਾਨਾਂ ਦੀ ਹੋਈ ਲੁੱਟ ਬਾਰੇ ਇੱਕ ਲਫ਼ਜ਼ ਵੀ ਨਹੀਂ ਬੋਲਿਆ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਨੰਬਰਦਾਰ ਜਤਿੰਦਰ ਸਿੰਘ ਮਹੋਲੀ, ਕੁਲਵਿੰਦਰ ਸਿੰਘ ਹਿੰਮਤਾਣਾ, ਵਾਈਸ ਪ੍ਰਧਾਨ ਅਵਤਾਰ ਸਿੰਘ, ਪਰਗਟ ਸਿੰਘ ਮਹੋਲੀ ਕਲਾਂ, ਰਣਜੀਤ ਸਿੰਘ ਮੋਹਾਲਾ, ਕਰਨੈਲ ਸਿੰਘ ਬਾਗੜੀਆਂ, ਚਰਨਪਰੀਤ ਸਿੰਘ ਸਰੌਦ, ਅਮਰ ਸਿੰਘ, ਸੁਖਦੇਵ ਸਿੰਘ, ਰਜਿੰਦਰ ਨਗਰ ਅਤੇ ਆਤਮਾ ਸਿੰਘ ਝੁਨੇਰ ਆਦਿ ਕਿਸਾਨ ਆਗੂਆਂ ਨੇ ਵੀ ਸੰਬੋਧਨ ਕੀਤਾ।