ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰੀ ਬਜਟ ਪੰਜਾਬ ਤੇ ਲੋਕ ਵਿਰੋਧੀ ਕਰਾਰ
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 2 ਫਰਵਰੀ
ਕਿਸਾਨਾਂ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਬੀਤੇ ਕੱਲ੍ਹ ਪੇਸ਼ ਕੀਤੇ ਬਜਟ ਨੂੰ ਪੰਜਾਬ ਅਤੇ ਕਿਸਾਨ ਵਿਰੋਧੀ ਦੱਸਿਆ ਹੈ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ, ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ, ਮੀਤ ਪ੍ਰਧਾਨ ਤੇਜਿੰਦਰ ਸਿੰਘ ਪੂਨੀਆ, ਜਨਰਲ ਸਕੱਤਰ ਲਖਵਿੰਦਰ ਸਿੰਘ, ਕੁਲਵੰਤ ਸਿੰਘ ਤ੍ਰਿਪੜੀ, ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ, ਨਛੱਤਰ ਸਿੰਘ ਬੈਦਵਾਨ, ਕਿਸਾਨ ਯੂਨੀਅਨ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਜੱਗੀ, ਪ੍ਰੈੱਸ ਸਕੱਤਰ ਅੰਗਰੇਜ਼ ਸਿੰਘ, ਕਿਸਾਨ ਯੂਨੀਅਨ (ਕਾਦੀਆ) ਦੇ ਸੂਬਾਈ ਆਗੂ ਰਵਨੀਤ ਸਿੰਘ ਬਰਾੜ, ਲੋਕਹਿੱਤ ਮਿਸ਼ਨ ਦੇ ਆਗੂ ਰਵਿੰਦਰ ਸਿੰਘ ਵਜੀਦਪੁਰ, ਕਿਸਾਨ ਯੂਨੀਅਨ (ਉਗਰਾਹਾਂ) ਦੇ ਪ੍ਰਧਾਨ ਲਖਵਿੰਦਰ ਸਿੰਘ ਹੈਪੀ, ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਕੁਲਦੀਪ ਸਿੰਘ ਭਾਗੋਮਾਜਰਾ ਸਮੇਤ ਹੋਰਨਾਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਵੱਖੋ-ਵੱਖਰੇ ਬਿਆਨਾਂ ਰਾਹੀਂ ਕਿਹਾ ਕਿ ਦੇਸ਼ ਦੇ ਹੁਕਮਰਾਨਾਂ ਵੱਲੋਂ ਕੇਂਦਰੀ ਬਜਟ ਵਿੱਚ ਕਿਸਾਨਾਂ ਅਤੇ ਖੇਤੀਬਾੜੀ ਖੇਤਰ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ ਹੈ।
ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਕੋਲ ਕਿਸਾਨ ਅੰਦੋਲਨ ਖ਼ਤਮ ਕਰਵਾਉਣ ਦਾ ਸੁਨਹਿਰੀ ਮੌਕਾ ਸੀ ਪਰ ਮਾੜੀ ਸੋਚ ਅਤੇ ਗਲਤ ਨੀਤੀਆਂ ਕਾਰਨ ਕੇਂਦਰ ਨੇ ਇਹ ਮੌਕਾ ਗਵਾ ਲਿਆ ਹੈ।
ਕੇਂਦਰੀ ਬਜਟ ਲੋਕ ਵਿਰੋਧੀ: ਢਿੱਲੋਂ
ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਮਾਰਕੀਟ ਕਮੇਟੀ ਸਰਹਿੰਦ-ਫਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਬਲਬੀਰ ਸਿੰਘ ਸੋਢੀ ਬਲਾਕ ਪ੍ਰਧਾਨ, ਗੁਰਚਰਨ ਸਿੰਘ ਬਲੱਗਣ, ਇੰਦਰ ਸਿੰਘ ਮੀਆਂ ਪੁਰ ਅਤੇ ਦਲੇਰ ਸਿੰਘ ਸਰਪੰਚ ਨੇ ਬਜਟ ਨੂੰ ਲੋਕ ਵਿਰੋਧੀ ਦੱਸਿਆ।
ਬਜਟ ’ਚ ਵਪਾਰ ਤੇ ਉਦਯੋਗ ਨੂੰ ਅਣਗੌਲਿਆ ਕੀਤਾ: ਪੀਰਮੁਹੰਮਦ
ਚਮਕੌਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਇਹ ਬਜਟ ਕੇਵਲ ਚੋਣਾਂ ਵਾਲੇ ਸੂਬਿਆਂ ‘ਤੇ ਕੇਂਦ੍ਰਿਤ ਹੈ ਅਤੇ ਜੋ ਵਿਕਾਸ ਤੋਂ ਵੀ ਬਿਲਕੁਲ ਵਾਂਝਾ ਹੈ। ਇਸ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦੀ ਕੋਈ ਕਾਨੂੰਨੀ ਗਾਰੰਟੀ ਨਹੀਂ ਦਿੱਤੀ ਗਈ ਅਤੇ ਨਾ ਹੀ ਕਿਸਾਨੀ ਕਰਜ਼ੇ ਮੁਆਫ਼ ਕਰਕੇ ਖੇਤੀਬਾੜੀ ਅਰਥਵਿਵਸਥਾ ਨੂੰ ਸੁਧਾਰਨ ਦੀ ਕੋਈ ਚਰਚਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨੀ, ਵਪਾਰ ਅਤੇ ਉਦਯੋਗ ਨੂੰ ਅਣਗੌਲਿਆ ਕਰ ਦਿੱਤਾ ਗਿਆ ਹੈ।
ਪੰਜਾਬ ਨਾਲ ਵਿਤਕਰਾ: ਸਿੱਧੂ
ਐੱਸਏਐੱਸ ਨਗਰ (ਮੁਹਾਲੀ) (ਖੇਤਰੀ ਪ੍ਰਤੀਨਿਧ): ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੇਂਦਰੀ ਬਜਟ ਦੀ ਤਿੱਖੀ ਨੁਕਤਾਚੀਨੀ ਕਰਦਿਆਂ ਇਸ ਨੂੰ ਪੰਜਾਬ ਨਾਲ ਵਿਤਕਰੇ ਅਤੇ ਮਤਰੇਈ ਮਾਂ ਵਾਲ ਸਲੂਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਿਹ ਬਜਟ ਸਿਰਫ਼ ਭਾਜਪਾਈ ਸਰਕਾਰਾਂ ਵਾਲੇ ਸੂਬਿਆਂ ਨੂੰ ਪੈਸੇ ਦੀ ਖੁੱਲੀ ਵੰਡ ਅਤੇ ਵਿਰੋਧੀ ਧਿਰਾਂ ਵਾਲੀਆਂ ਸਰਕਾਰਾਂ ਵਾਲੇ ਰਾਜਾਂ ਲਈ ਵਿਤਕਰੇ ਭਰਿਆ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਪੰਜਾਬ ਨੂੰ ਲਗਾਤਾਰ ਤੀਜੇ ਵਰ੍ਹੇ ਅਣਗੌਲਿਆ ਕਰਨਾ ਬੇਹੱਦ ਮੰਦਭਾਗਾ ਹੈ।