ਕੋਟ ਸਦਰ ਖਾਂ ਵਿੱਚ ਵੱਡੀ ਗਿਣਤੀ ਅਕਾਲੀ ਵਰਕਰਾਂ ਨੇ ਚੁੱਕਿਆ ਝਾੜੂ
ਹਰਦੀਪ ਸਿੰਘ
ਧਰਮਕੋਟ, 15 ਅਪਰੈਲ
ਹਲਕੇ ਵਿੱਚ ਅਕਾਲੀ ਦਲ ਦਾ ਪੱਧਰ ਡਿੱਗਦਾ ਜਾ ਰਿਹਾ ਹੈ। ਪਿੰਡ ਕੋਟ ਸਦਰ ਖਾਂ ਵਿੱਚ ਵੱਡੀ ਗਿਣਤੀ ਪਰਿਵਾਰ ਕੱਲ੍ਹ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਨਿੱਘਾ ਸਵਾਗਤ ਕੀਤਾ। ਆਗੂ ਜਗਜੀਤ ਸਿੰਘ ਜੱਗੀ ਲਾਟੀ ਦੇ ਘਰ ਹੋਏ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਢੋਸ ਨੇ ਕਿਹਾ ਕਿ ‘ਆਪ’ ਆਮ ਲੋਕਾਂ ਦੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਦੇਖਦੇ ਹੋਏ ਹਲਕੇ ਦੇ ਲੋਕ ਧੜਾਧੜ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਸ਼ਾਮਲ ਹੋਏ ਪਿੰਡ ਵਾਸੀਆਂ ਦਾ ਭਰਵਾਂ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ’ਚ ਉਨ੍ਹਾਂ ਨੂੰ ਬਣਦਾ ਸਤਿਕਾਰ ਦਿੱਤਾ ਜਾਵੇਗਾ। ਵਿਧਾਇਕ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਅੰਦਰ ਵਿਕਾਸ ਕਾਰਜਾਂ ਦੀ ਹਨੇਰੀ ਚੱਲ ਰਹੀ ਹੈ। ਹਲਕੇ ਦੇ ਕਿਸੇ ਵੀ ਪਿੰਡ ਨੂੰ ਵਿਕਾਸ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਹਿਰਾਂ ਦਾ ਪਾਣੀ ਹਰੇਕ ਖੇਤ ਵਿੱਚ ਪੁੱਜਦਾ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਹੀ ਪੇਂਡੂ ਲਿੰਕ ਸੜਕਾਂ, ਪਿੰਡਾਂ ਵਿੱਚ ਖੇਡ ਮੈਦਾਨ ਸਮੇਤ ਸਿਹਤ ਅਤੇ ਸਿੱਖਿਆ ਸੇਵਾਵਾਂ ਵੱਲ ਸਰਕਾਰ ਦਾ ਵਿਸ਼ੇਸ਼ ਧਿਆਨ ਹੈ। ਇਸ ਮੌਕੇ ਗਮਾਡਾ ਦੇ ਡਾਇਰੈਕਟਰ ਜਸਵਿੰਦਰ ਸਿੰਘ ਸਿੱਧੂ, ਇਕਬਾਲ ਸਿੰਘ ਢੋਲੇਵਾਲਾ ਸਮੇਤ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਆਗੂ ਹਾਜ਼ਰ ਸਨ। -ਪੱਤਰ ਪ੍ਰੇਰਕ