ਕੰਪਿਊਟਰ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ
ਗੁਰਦੀਪ ਸਿੰਘ ਲਾਲੀ
ਸੰਗਰੂਰ, 8 ਮਾਰਚ
ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਇਥੇ ਡੀਸੀ ਦਫ਼ਤਰ ਅੱਗੇ ਚੱਲ ਰਹੇ ਸੂਬਾ ਪੱਧਰੀ ਪੱਕੇ ਮੋਰਚੇ ਦੇ 190ਵੇਂ ਦਿਨ ਕੰਪਿਊਟਰ ਅਧਿਆਪਕਾਂ ਨੇ ਪੰਜਾਬ ਸਰਕਾਰ ’ਤੇ ਅੜੀਅਲ ਰਵੱਈਆ ਅਪਣਾਉਣ ਅਤੇ ਵਾਰ-ਵਾਰ ਮੀਟਿੰਗਾਂ ਤੋਂ ਭੱਜਣ ਦਾ ਦੋਸ਼ ਲਾਉਂਦਿਆਂ ਰੋਸ ਮਾਰਚ ਕੀਤਾ ਅਤੇ ਲਾਲ ਬੱਤੀ ਚੌਕ ’ਤੇ ਪੰਜਾਬ ਸਰਕਾਰ ਦੀ ਅਰਥੀ ਫ਼ੂਕੀ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ।
ਇਸ ਮੌਕੇ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੇ ਸੂਬਾ ਆਗੂਆਂ ਜੋਨੀ ਸਿੰਗਲਾ, ਨਰਦੀਪ ਸ਼ਰਮਾ, ਸੁਸ਼ੀਲ ਅਨੁਗਰਾਲ, ਵਿਸ਼ਾਲ ਕੁਮਾਰ, ਰਘੁਬੀਰ ਸਿੰਘ, ਪਲਵਿੰਦਰ ਸਿੰਘ, ਗੁਰਦੀਪ ਚੰਦ ਅਮਿਤ ਕੁਮਾਰ, ਪੁਸ਼ਪਿੰਦਰ ਰਤਨ ਆਦਿ ਨੇ ਦੱਸਿਆ ਕਿ ਪਿਛਲੇ ਸਾਲ ਪਹਿਲੀ ਸਤੰਬਰ ਤੋਂ ਸੰਗਰੂਰ ਦੇ ਡੀਸੀ ਦਫਤਰ ਅੱਗੇ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਸੀ ਅਤੇ ਉਸ ਤੋਂ ਬਾਅਦ ਦੋ ਸਾਥੀ ਮਰਨ ਵਰਤ ’ਤੇ ਵੀ ਰਹੇ ਪਰ ਸਰਕਾਰ ਵੱਲੋਂ ਉਨ੍ਹਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਕੰਪਿਊਟਰ ਆਧਿਆਪਕਾਂ ਨੂੰ ਛੇਵੇਂ ਪੇਅ ਕਮਿਸ਼ਨ ਅਤੇ ਉਨ੍ਹਾਂ ਦੇ ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਲਾਭ ਦਿੰਦੇ ਹੋਏ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ। ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਨੇ ਐਲਾਨ ਕੀਤਾ ਕਿ ਅਗਲੇ ਬਜਟ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ ਅਤੇ ਆਉਣ ਵਾਲੀ ਲੁਧਿਆਣਾ ਜ਼ਿਮਨੀ ਚੋਣ ਵਿੱਚ ਆਮ ਜਨਤਾ ਨੂੰ ‘ਆਪ’ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਸਬੰਧੀ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਰਾਜਪਾਲ, ਸੁਖਵਿੰਦਰ ਸਿੰਘ, ਤੇਜਿੰਦਰ ਬਾਂਸਲ, ਹਰਜਿੰਦਰ ਸਿੰਘ ਆਦਿ ਸ਼ਾਮਲ ਸਨ।