ਖਟਕੜ ਕਲਾਂ ’ਚ ਰੋਸ ਰੈਲੀ ਕਰਨਗੇ ਅਣਏਡਿਡ ਅਧਿਆਪਕ
ਪੱਤਰ ਪ੍ਰੇਰਕ
ਹੁਸ਼ਿਆਰਪੁਰ, 19 ਮਾਰਚ
ਅਣਏਡਿਡ ਅਧਿਆਪਕ ਫ਼ਰੰਟ ਪੰਜਾਬ ਦੇ ਸਟੇਟ ਬਾਡੀ ਅਤੇ ਜ਼ਿਲ੍ਹਾ ਇਕਾਈ ਦੇ ਪ੍ਰਧਾਨਾਂ ਦੀ ਅੱਜ ਮੀਟਿੰਗ ਹੋਈ, ਜਿਸ ਵਿੱਚ ਸਰਕਾਰ ਵਲੋਂ ਲਗਾਤਾਰ ਯੂਨੀਅਨ ਦੇ ਸੰਘਰਸ਼ ਅਤੇ ਹੱਕੀ ਮੰਗਾਂ ਨੂੰ ਅਣਗੌਲਿਆਂ ਕੀਤੇ ਜਾਣ ਅਤੇ ਅਗਲੀ ਰਣਨੀਤੀ ਲਈ ਵਿਚਾਰ-ਚਰਚਾ ਕੀਤੀ ਗਈ। ਯੂਨੀਅਨ ਆਗੂਆਂ ਨੇ ਕਿਹਾ ਕਿ ਜਥੇਬੰਦੀ ਵਲੋਂ ਕਈ ਵਾਰ ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਗਏ, ਰੋਸ ਰੈਲੀਆਂ ਕੀਤੀਆਂ ਗਈਆਂ ਅਤੇ ਧਰਨੇ ਪ੍ਰਦਰਸ਼ਨ ਕੀਤੇ ਗਏ ਅਤੇ ਸਰਕਾਰ ਨਾਲ ਵੀ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਫਿਰ ਵੀ ਅਣਏਡਿਡ ਅਧਿਆਪਕਾਂ ਨੂੰ ਪੱਕਿਆਂ ਕਰਨ ਦੀ ਮੰਗ ਨੂੰ ਅਜੇ ਤੱਕ ਅਮਲੀ ਜਾਮਾ ਨਹੀਂ ਪਹਿਨਾਇਆ ਗਿਆ। ਸਰਕਾਰ ਦੀ ਟਾਲ-ਮਟੋਲ ਦੀ ਨੀਤੀ ਤੋਂ ਪ੍ਰੇਸ਼ਾਨ ਅਨਏਡਿਡ ਅਧਿਆਪਕ ਬਹੁਤ ਘੱਟ ਤਨਖਾਹਾਂ ’ਤੇ ਗੁਜ਼ਾਰਾ ਕਰਨ ਲਈ ਮਜਬੂਰ ਹਨ।
ਅਧਿਆਪਕਾਂ ਨੇ ਹੁਣ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਖਟਕੜ ਕਲਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਮਾਗਮ ਵੇਲੇ ਮਹਾਂ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਹੈ। ਇਸ ਵਿਚ ਪੰਜਾਬ ਭਰ ਤੋਂ ਅਣਏਡਿਡ ਅਧਿਆਪਕ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ। ਆਗੂਆਂ ਨੇ ਕਿਹਾ ਕਿ ਜੇਕਰ ਫਿਰ ਵੀ ਯੂਨੀਅਨ ਦੀਆਂ ਮੰਗਾਂ ਪ੍ਰਵਾਨ ਨਹੀਂ ਹੁੰਦੀਆਂ ਤਾਂ ਮੁੱਖ ਮੰਤਰੀ ਦੇ ਨਿਵਾਸ ਅੱਗੇ ਪੱਕਾ ਮੋਰਚਾ ਲਗਾਇਆ ਜਾਵੇਗਾ ਅਤੇ ਇਹ ਉਦੋਂ ਤੱਕ ਜਾਰੀ ਰਹੇਗਾ ਜਦ ਤੱਕ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ।