ਖਾਲਸਾ ਪੰਥ ਦੀ ਸਾਜਨਾ ਦੇ ਇਤਿਹਾਸਕ ਮਹੱਤਵ ਬਾਰੇ ਸੈਮੀਨਾਰ
ਪੱਤਰ ਪ੍ਰੇਰਕ
ਤਰਨ ਤਾਰਨ, 13 ਅਪਰੈਲ
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਵੱਲੋਂ ਖਾਲਸਾ ਪੰਥ ਦੀ ਸਾਜਨਾ ਦੇ ਇਤਿਹਾਸਕ ਮਹੱਤਵ ਅਤੇ ਜਲ੍ਹਿਆਂਵਾਲਾ ਬਾਗ ਦੇ ਸ਼ਹੀਦੀ ਸਾਕੇ ਦੀ ਅਜੋਕੇ ਸਮੇਂ ਵਿੱਚ ਪ੍ਰਸੰਗਿਕਤਾ ’ਤੇ ਅੱਜ ਇੱਥੇ ਸੈਮੀਨਾਰ ਕੀਤਾ ਗਿਆ। ਸੈਮੀਨਾਰ ਵਿੱਚ ਪਾਰਟੀ ਦੇ ਕੁੱਲ ਹਿੰਦ ਜਨਰਲ ਸਕੱਤਰ ਮੰਗਤ ਰਾਮ ਪਾਸਲਾ ਨੇ ਇਨ੍ਹਾਂ ਇਤਿਹਾਸਕ ਘਟਨਾਵਾਂ ਦੀ ਵਿਆਖਿਆ ਕਰਦਿਆਂ ਉਨ੍ਹਾਂ ਦੇ ਵਰਤਮਾਨ ਰਾਜਨੀਤਿਕ ਅਤੇ ਸਮਾਜਿਕ ਪ੍ਰਭਾਵਾਂ ਬਾਰੇ ਚਰਚਾ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਖਾਲਸਾ ਪੰਥ ਦੀ ਸਥਾਪਨਾ ਦੇ ਇਤਿਹਾਸਕ ਪਿਛੋਕੜ ਅਤੇ ਉਸ ਸਮੇਂ ਦੇ ਵਿਚਾਰਧਾਰਕ ਵਿਵਾਦਾਂ ਨੂੰ ਸਮਝਣਾ ਅੱਜ ਦੇ ਸਮੇਂ ਵਿੱਚ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਨਿਸ਼ਾਨੇ ਸਿਰਫ਼ ਧਾਰਮਿਕ ਨਹੀਂ ਸਨ, ਸਗੋਂ ਸਮਾਜਿਕ ਨਿਆਂ ਅਤੇ ਸਮਾਨਤਾ ਦੇ ਸਿਧਾਂਤਾਂ ’ਤੇ ਆਧਾਰਿਤ ਸਨ, ਜੋ ਅੱਜ ਵੀ ਸਮੇਂ ਦੀਆਂ ਹਕੀਕਤਾਂ ਦੇ ਅਨੁਕੂਲ ਹਨ।
ਸੈਮੀਨਾਰ ਵਿੱਚ ਜੱਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਇਸ ਘਟਨਾ ਨੂੰ ਬਰਤਾਨਵੀ ਸਾਮਰਾਜਵਾਦ ਵਿਰੁੱਧ ਲੜਾਈ ਅਤੇ ਭਾਈਚਾਰਕ ਏਕਤਾ ਦੀ ਮਿਸਾਲ ਦੱਸਿਆ। ਉਨ੍ਹਾਂ ਇਸ ਘਟਨਾ ਨੂੰ ਅੱਜ ਦੇ ਸਮੇਂ ਵਿੱਚ ਸਾਂਝੇ ਸੰਘਰਸ਼ ਦੀ ਪ੍ਰੇਰਣਾ ਵਜੋਂ ਦੇਖਣ ਦੀ ਲੋੜ ’ਤੇ ਜ਼ੋਰ ਦਿੱਤਾ| ਇਸ ਮੌਕੇ ਪਾਰਟੀ ਆਗੂ ਚਮਨ ਲਾਲ ਦਰਾਜਕੇ, ਬਲਦੇਵ ਸਿੰਘ ਪੰਡੋਰੀ, ਸੁਲੱਖਣ ਸਿੰਘ ਤੁੜ, ਮੁਖਤਾਰ ਸਿੰਘ ਮੱਲਾ ਸਮੇਤ ਹੋਰਨਾਂ ਨੇ ਵੀ ਸੰਬੋਧਨ ਕੀਤਾ. ਬੁਲਾਰਿਆਂ ਕਿਹਾ ਕਿ ਇਨ੍ਹਾਂ ਦੋਹਾਂ ਇਤਿਹਾਸਿਕ ਘਟਨਾਵਾਂ ਤੋਂ ਪ੍ਰੇਰਣਾ ਲੈ ਕੇ ਸਮਾਜਿਕ ਨਿਆਂ, ਏਕਤਾ, ਜਮੂਹਰੀਅਤ ਅਤੇ ਧਰਮ-ਨਿਰਪੱਖਤਾ ਲਈ ਲੜਾਈ ਜਾਰੀ ਰੱਖਣ ਦੀ ਲੋੜ ਹੈ।