ਖਾਲੀ ਪਲਾਟਾਂ ’ਚ ਕੂੜੇ ਦੇ ਢੇਰ ਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
ਪੱਤਰ ਪ੍ਰੇਰਕ
ਮਾਨਸਾ, 3 ਜੁਲਾਈ
ਜ਼ਿਲ੍ਹਾ ਮੈਜਿਸਟਰੇਟ ਕੁਲਵੰਤ ਸਿੰਘ ਨੇ ਮਾਨਸਾ ਜ਼ਿਲ੍ਹੇ ਅੰਦਰ ਨਿੱਜੀ ਕਬਜ਼ੇ/ਮਾਲਕੀ ਵਾਲੇ ਖਾਲੀ ਪਏ ਪਲਾਟਾਂ ’ਚ ਕੂੜੇ ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੇ ਬਚਾਅ ਲਈ ਅਗਾਊ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਵਿਸ਼ੇਸ਼ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਖਾਲੀ ਪਏ ਪਲਾਟਾਂ ਦੇ ਮਾਲਕ/ਕਾਬਜ਼ ਆਪਣੇ ਖਾਲੀ ਪਲਾਟਾਂ ਵਿਚ ਲੱਗੇ ਕੂੜੇ ਦੇ ਢੇਰ, ਗੰਦਗੀ ਅਤੇ ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਆਪਣੇ ਪੱਧਰ ’ਤੇ ਕਰਵਾਉਣੀ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਆਪਣੀ ਮਾਲਕੀ/ਕਬਜ਼ੇ ਵਾਲੇ ਖਾਲੀ ਪਲਾਟ ਦੇ ਆਲੇ ਦੁਆਲੇ ਪੱਕੀ ਚਾਰਦੀਵਾਰੀ ਜਾਂ ਫੈਂਸਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ ਜਾਂ ਪਲਾਟ ਵਿਚ ਕੂੜਾ ਇਕੱਠਾ ਹੋਣ ਤੋਂ ਰੋਕਿਆ ਜਾਵੇ।
ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾਂ ਕਰਨ ਵਾਲੇ ਵਿਅਕਤੀਆਂ/ਅਦਾਰਿਆਂ ਵਿਰੁੱਧ ਜਨਤਕ ਸਿਹਤ ਨੂੰ ਨੁਕਸਾਨ ਪਹੁੰਚਾਉਣ ਦੇ ਸਿੱਟੇ ਵਜੋਂ ਉਕਤ ਨਿਯਮਾਂ ਤਹਿਤ ਜੁਰਮਾਨੇ ਅਤੇ ਕਾਨੂੰਨੀ ਕਾਰਵਾਈ ਕਰਦੇ ਹੋਏ ਮਾਮਲੇ ਦਰਜ ਕੀਤੇ ਜਾਣ। ਇਸ ਤੋਂ ਇਲਾਵਾ ਜੇਕਰ ਪਲਾਟ ਦੀ ਸਾਫ-ਸਫਾਈ ਦਾ ਕੰਮ ਨਗਰ ਕੌਂਸਲ/ਪੰਚਾਇਤ ਵੱਲੋਂ ਕਰਵਾਇਆ ਜਾਂਦਾ ਹੈ ਤਾਂ ਸਾਫ ਸਫਾਈ ’ਤੇ ਹੋਣ ਵਾਲੇ ਖਰਚ ਦੀ ਰਿਕਵਰੀ ਪਲਾਟ ਦੇ ਕਾਬਜ/ਮਾਲਕ ਪਾਸੋਂ ਕੀਤੀ ਜਾਵੇ।