ਨਵੀਂ ਦਿੱਲੀ, 4 ਫਰਵਰੀਮਹਾਰਾਸ਼ਟਰ ਦੇ ਖੇਤੀਬਾੜੀ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚਾਲੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਕਿਹਾ ਕਿ ਸਰਕਾਰ ਬੇਨਿਯਮੀਆਂ ਬਰਦਾਸ਼ਤ ਨਹੀਂ ਕਰਦੀ ਅਤੇ ਜੇ ਕੋਈ ਭ੍ਰਿਸ਼ਟਾਚਾਰ ’ਚ ਸ਼ਾਮਲ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਚੌਹਾਨ ਐੱਨਸੀਪੀ ਆਗੂ ਸੁਪ੍ਰਿਆ ਸੂਲੇ ਵੱਲੋਂ ਸੂਬੇ ਦੇ ਖੇਤੀਬਾੜੀ ਵਿਭਾਗ ਵਿੱਚ 5,000 ਕਰੋੜ ਰੁਪਏ ਦੇ ਕਥਿਤ ਭ੍ਰਿਸ਼ਟਾਚਾਰ ਬਾਰੇ ਲਾਏ ਗਏ ਦੋਸ਼ਾਂ ਦਾ ਜਵਾਬ ਦੇ ਰਹੇ ਸਨ। ਚੌਹਾਨ ਨੇ ਲੋਕ ਸਭਾ ਵਿੱਚ ਕਿਹਾ, ‘ਮੈਂ ਪਹਿਲੀ ਵਾਰ ਅਜਿਹਾ ਕੁੱਝ ਸੁਣ ਰਿਹਾ ਹਾਂ। ਮੈਨੂੰ ਨਹੀਂ ਪਤਾ ਕਿ ਅਸਲ ਸਥਿਤੀ ਕੀ ਹੈ। ਪਰ ਜੇ ਕਿਤੇ ਵੀ ਕੋਈ ਬੇਨਿਯਮੀ ਹੁੰਦੀ ਹੈ ਤਾਂ ਅਸੀਂ ਜਾਂਚ ਕਰਾਂਗੇ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।’ਇਕ ਹੋਰ ਸਵਾਲ ਦੇ ਜਵਾਬ ’ਚ ਮੰਤਰੀ ਨੇ ਕਿਹਾ ਕਿ ਹੁਣ ਤੱਕ 23 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੇ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ (ਪੀਐੱਮਐੱਫਬੀਵਾਈ) ਲਾਗੂ ਕਰ ਦਿੱਤੀ ਹੈ। ਉਨ੍ਹਾਂ ਕਿਹਾ, ‘ਇਹ ਦੁਨੀਆ ਦੀ ਸਭ ਤੋਂ ਵੱਡੀ ਫਸਲ ਬੀਮਾ ਯੋਜਨਾ ਹੈ। ਕੁਝ ਸੂਬੇ ਆਪਣੀਆਂ ਫਸਲ ਬੀਮਾ ਯੋਜਨਾਵਾਂ ਜਾਰੀ ਰੱਖ ਰਹੇ ਹਨ। ਅਸੀਂ ਉਨ੍ਹਾਂ ਨੂੰ ਪੀਐੱਮਐੱਫਬੀਵਾਈ ਦੇ ਲਾਭਾਂ ਤੋਂ ਜਾਣੂ ਕਰਵਾਇਆ ਹੈ ਅਤੇ ਉਨ੍ਹਾਂ ਨੂੰ ਇਸ ਨੂੰ ਲਾਗੂ ਕਰਨ ਦੀ ਅਪੀਲ ਕੀਤੀ ਹੈ।’ ਇਕ ਹੋਰ ਸਵਾਲ ਦੇ ਜਵਾਬ ਵਿਚ ਚੌਹਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਰਜੀਹ ਦੇਸ਼ ਦੇ ਕਿਸਾਨਾਂ ਦੀ ਆਮਦਨ ਵਧਾਉਣਾ ਹੈ। -ਪੀਟੀਆਈ