ਕਰਮਵੀਰ ਸਿੰਘ ਸੈਣੀਮੂਨਕ, 28 ਜੂਨਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਹਰਭਗਵਾਨ ਮੂਨਕ ’ਤੇ ਕਾਤਲਾਨਾ ਹਮਲੇ ਖ਼ਿਲਾਫ਼ ਅੱਜ ਮੂਨਕ ਦੀ ਦਾਣਾ ਮੰਡੀ ’ਚ ਰੈਲੀ ਮਗਰੋਂ ਸ਼ਹਿਰ ’ਚ ਮੁਜ਼ਾਹਰਾ ਕਰਕੇ ਡੀਐੱਸਪੀ ਦਫ਼ਤਰ ਅੱਗੇ ਸਮਾਪਤ ਕੀਤਾ ਗਿਆ।ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਮਜ਼ਦੂਰ ਆਗੂ ’ਤੇ ਹੋਏ ਹਮਲੇ ਨੂੰ ਲੋਕਾਂ ਦੇ ਜਥੇਬੰਦ ਹੋ ਕੇ ਸੰਘਰਸ਼ ਕਰਨ ਦੇ ਹੱਕ 'ਤੇ ਹਮਲਾ ਕਰਾਰ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਮੁਲਜ਼ਮਾਂ ਖ਼ਿਲਾਫ਼ ਇਰਾਦਾ ਕਤਲ ਤੇ ਐੱਸਸੀ ਐੱਸਟੀ ਐਕਟ ਤਹਿਤ ਕੇਸ ਦਰਜ ਕਰਕੇ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਕੁਤਾਹੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਕੱਠ ਨੂੰ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਗੁਰਪਾਲ ਸਿੰਘ ਨੰਗਲ, ਬੀਕੇਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ ਤੇ ਰਿੰਕੂ ਮੂਨਕ ਤੋਂ ਇਲਾਵਾ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਲਖਵੀਰ ਸਿੰਘ ਲੌਂਗੋਵਾਲ, ਡੀਟੀਐੱਫ ਦੇ ਆਗੂ ਹਰਭਗਵਾਨ ਸਿੰਘ, ਪੀਐੱਸਯੂ ਸ਼ਹੀਦ ਰੰਧਾਵਾ ਦੇ ਸੂਬਾਈ ਹੁਸ਼ਿਆਰ ਸਿੰਘ ਸਲੇਮਗੜ੍ਹ, ਦੇਸ਼ ਭਗਤ ਯਾਦਗਾਰ ਕਮੇਟੀ ਲੌਂਗੋਵਾਲ ਦੇ ਆਗੂ ਬਲਵੀਰ ਸਿੰਘ ਲੌਂਗੋਵਾਲ ਨੇ ਸੰਬੋਧਨ ਕਰਦਿਆਂ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਨਿਰਭੈ ਸਿੰਘ ਤੇ ਕਾਤਲਾਨਾ ਹਮਲੇ ਦੀ ਨਿੰਦਾ ਕਰਦਿਆਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਵੀ ਕੀਤੀ ਗਈ।