ਖੇਤ ਮਜ਼ਦੂਰ ਸਭਾ ਤੇ ਏਟਕ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਮੁਜ਼ਾਹਰਾ
ਜੋਗਿੰਦਰ ਸਿੰਘ ਮਾਨ
ਮਾਨਸਾ, 1 ਫਰਵਰੀ
ਦੇਸ਼ ਦੀ ਪਾਰਲੀਮੈਂਟ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਵਿਰੁੱਧ ਅਪਮਾਨਜਨਕ ਟਿੱਪਣੀ ਕਰਨ ਤੇ ਅੰਮ੍ਰਿਤਸਰ ਦੀ ਘਟਨਾ ਵਿਰੁੱਧ ਇਥੇ ਪੰਜਾਬ ਖੇਤ ਮਜ਼ਦੂਰ ਸਭਾ ਤੇ ਆਲ ਇੰਡੀਆ ਟਰੇਡ ਯੂਨੀਅਨ ਕਾਗਰਸ (ਏਟਕ) ਵੱਲੋਂ ਕੇਂਦਰ ਦੀ ਮੋਦੀ ਹਕੂਮਤ ਵਿਰੁੱਧ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ।
ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾਈ ਆਗੂ ਕ੍ਰਿਸ਼ਨ ਚੌਹਾਨ ਅਤੇ ਆਲ ਇੰਡੀਆ ਟਰੇਡ ਯੂਨੀਅਨ ਕਾਗਰਸ (ਏਟਕ) ਦੇ ਸੂਬਾਈ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਕਿਹਾ ਕਿ ਅਸਲ ਵਿੱਚ ਫਿਰਕੂ ਫਾਸੀਵਾਦੀ ਸੰਘੀ ਲਾਣਾ ਡਾ. ਭੀਮ ਰਾਓ ਅੰਬੇਡਕਰ ਦੀ ਸ਼ਖ਼ਸੀਅਤ ਤੇ ਵਿਚਾਰਧਾਰਾ ਤੋਂ ਭੈਅ-ਭੀਤ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਲੋਕਾਂ ਵਿੱਚ ਭਾਰਤੀ ਸੰਵਿਧਾਨ ਪ੍ਰਤੀ ਤੇ ਡਾ. ਭੀਮ ਰਾਓ ਅੰਬੇਡਕਰ ਪ੍ਰਤੀ ਸਤਿਕਾਰ ਦਿਨ ਪ੍ਰਤੀ ਦਿਨ ਵੱਧ ਰਿਹਾ ਹੈ ਅਤੇ ਭਾਰਤੀ ਲੋਕਤੰਤਰ, ਭਾਰਤੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਖ਼ਤਮ ਕਰਕੇ ਦੇਸ਼ ਨੂੰ ਹਿੰਦੂ ਰਾਸਟਰ ਬਣਾਉਣ ਦੇ ਸੁਪਨੇ ਦੇਖ ਰਹੇ ਫਿਰਕੂ ਫਾਸ਼ੀਵਾਦੀ ਸੰਘੀ ਲਾਣੇ ਨੂੰ ਇਹ ਹਜ਼ਮ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੀ ਘਟਨਾ ਕੇਂਦਰੀ ਏਜੰਸੀਆਂ ਦੀ ਕਥਿਤ ਸਾਜਿਸ਼ ਹੈ ਤਾਂ ਕਿ ਪੰਜਾਬੀਆਂ ਨੂੰ ਬਦਨਾਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅੰਬੇਡਕਰ ਦੀ ਵਿਚਾਰਧਾਰਾ ਤੇ ਸ਼ਖ਼ਤੀਅਤ ਹਮੇਸ਼ਾ ਦੇਸ਼ ਵਾਸੀਆਂ ਲਈ ਪ੍ਰੇਰਨਾ ਦਾ ਸਰੋਤ ਬਣੀ ਰਹੇਗੀ। ਇਸ ਮੌਕੇ ਕੇਵਲ ਸਿੰਘ ਸਮਾਓਂ, ਦਲਜੀਤ ਸਿੰਘ ਮਾਨਸ਼ਾਹੀਆ, ਗੁਰਪਿਆਰ ਸਿੰਘ ਫੱਤਾ, ਰਾਜ ਸਿੰਘ ਧਿੰਗੜ, ਰਾਜ ਕੁਮਾਰ ਸ਼ਰਮਾ, ਅਸ਼ੋਕ ਲਾਕੜਾ, ਰਤਨ ਭੋਲਾ, ਬੂਟਾ ਸਿੰਘ ਬਾਜੇਵਾਲਾ, ਸੁਖਦੇਵ ਸਿੰਘ ਪੰਧੇਰ, ਸੁਖਦੇਵ ਸਿੰਘ ਮਾਨਸਾ ਤੇ ਗੁਰਦੇਵ ਸਿੰਘ ਹਾਜ਼ਰ ਸਨ।