ਖੰਨਾ: ਪੈਨਸ਼ਨਰਾਂ ਵੱਲੋਂ ਭੁੱਖ ਹੜਤਾਲ ਕਰਨ ਦਾ ਫ਼ੈਸਲਾ
ਨਿੱਜੀ ਪੱਤਰ ਪ੍ਰੇਰਕ
ਖੰਨਾ, 4 ਫਰਵਰੀ
ਇੱਥੇ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕੌਮ ਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਸਰਕਲ ਖੰਨਾ ਦੇ ਮੈਂਬਰਾਂ ਦੀ ਮੀਟਿੰਗ ਹਰਬੰਸ ਸਿੰਘ ਦੋਬੁਰਜੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੈਨਸ਼ਨਰਾਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਇੰਦਰਜੀਤ ਸਿੰਘ ਅਕਾਲ ਅਤੇ ਗੁਰਸੇਵਕ ਸਿੰਘ ਮੋਹੀ ਨੇ ਪੈਨਸ਼ਨਰਾਂ ਦੀਆਂ ਮੰਗਾਂ ਹੱਲ ਨਾ ਕਰਨ ’ਤੇ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ। ਇਸ ਦੌਰਾਨ ਮੀਟਿੰਗ ਵਿੱਚ ਇਹ ਫ਼ੈਸਲਾ ਕੀਤਾ ਗਿਆ ਕਿ ਸੂਬਾ ਕਮੇਟੀ ਵੱਲੋਂ ਉਲੀਕੇ ਪ੍ਰੋਗਰਾਮਾਂ ਤਹਿਤ ਪੈਨਸ਼ਨਰਜ਼ ਜੁਆਇੰਟ ਫਰੰਟ ਪੰਜਾਬ ਦੇ ਬੈਨਰ ਹੇਠ 7 ਫ਼ਰਵਰੀ ਨੂੰ ਜ਼ਿਲ੍ਹਾ ਪੱਧਰੀ ਭੁੱਖ ਹੜਤਾਲ ਕੀਤੀ ਜਾਵੇਗੀ ਅਤੇ ਮੁਲਾਜ਼ਮ ਤੇ ਪੈਨਸ਼ਨਰ 10, 14, 15 ਅਤੇ 17 ਫ਼ਰਵਰੀ ਨੂੰ ਹਲਕੇ ਦੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਮੰਗ ਪੱਤਰ ਸੌਂਪਣਗੇ। ਇਸ ਤੋਂ ਇਲਾਵਾ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਸਮੂਹ ਮੰਡਲ ਯੂਨਿਟਾਂ ਦੀ ਜਥੇਬੰਦਕ ਚੋਣਾਂ ਕਰਵਾਉਣ ਸਬੰਧੀ 13 ਫਰਵਰੀ ਨੂੰ ਖੰਨਾ ਮੰਡਲ ਦੀ ਚੋਣ ਸਰਕਲ ਪ੍ਰਧਾਨ ਸਕੱਤਰ ਦੀ ਨਿਗਰਾਨੀ ਹੇਠ ਕੀਤੀ ਜਾਵੇਗੀ।
ਇਸ ਮੌਕੇ ਰਾਜ ਸਿੰਘ ਬੱਲ, ਨਰਿੰਦਰ ਕੁਮਾਰ, ਜੰਗੀਰ ਸਿੰਘ, ਤਰਸੇਮ ਲਾਲ, ਜਗਦੇਵ ਸਿੰਘ, ਮੋਹਨ ਸਿੰਘ ਸ਼ੰਭੂ, ਸੁਖਵਿੰਦਰ ਸਿੰਘ, ਰਾਮ ਗੋਪਾਲ, ਹਰਬੰਸ ਸਿੰਘ ਮੰਡੇਰ, ਸੰਤੋਖ ਸਿੰਘ ਤੇ ਹਰਜਿੰਦਰ ਸਿੰਘ ਹਾਜ਼ਰ ਸਨ।