ਗੁਰਜੀਤ ਔਜਲਾ ਨੇ ਲੋਕਾਂ ਦਾ ਹੌਸਲਾ ਵਧਾਇਆ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 9 ਮਈ
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ਼ਹਿਰ ਅਤੇ ਦਿਹਾਤੀ ਖੇਤਰ ਵਿੱਚ ਵੱਖ ਵੱਖ ਥਾਵਾਂ ’ਤੇ ਲੋਕਾਂ ਨਾਲ ਮੁਲਾਕਾਤ ਕੀਤੀ ਤੇ ਜੰਗ ਵਾਲੀ ਸਥਿਤੀ ਵਿੱਚ ਉਨ੍ਹਾਂ ਦਾ ਹੌਸਲਾ ਵਧਾਇਆ। ਉਨ੍ਹਾਂ ਕਿਹਾ ਕਿ ਬਿਨਾਂ ਸ਼ੱਕ ਇਹ ਔਖਾ ਸਮਾਂ ਹੈ ਪਰ ਦੁਸ਼ਮਣ ਦੇਸ਼ ਨੂੰ ਜਵਾਬ ਦੇਣਾ ਵੀ ਜ਼ਰੂਰੀ ਸੀ। ਹੁਣ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਉਹ ਇਕ ਦੂਜੇ ਦਾ ਸਾਥ ਦੇਣ ਅਤੇ ਘਬਰਾਉਣ ਨਾ। ਸੰਸਦ ਮੈਂਬਰ ਨੇ ਸਵੇਰੇ ਕੰਪਨੀ ਬਾਗ ਵਿੱਚ ਸੈਰ ਕਰਨ ਆਏ ਲੋਕਾਂ ਨਾਲ ਮੁਲਾਕਾਤ ਕੀਤੀ। ਬਾਅਦ ਵਿਚ ਸੰਸਦ ਮੈਂਬਰ ਨੇ ਸਰਹੱਦੀ ਖੇਤਰ ਦੇ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਦਾ ਹੌਸਲਾ ਵਧਾਇਆ। ਉਨ੍ਹਾਂ ਅਜਨਾਲਾ ਦੇ ਬਾਜ਼ਾਰ ਵਿੱਚ ਦੁਕਾਨਦਾਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਔਖੇ ਸਮੇਂ ਸਾਥ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਅਪਰੇਸ਼ਨ ਸਿੰਧੂਰ ਰਾਹੀਂ ਭਾਰਤ ਨੇ ਪਾਕਿਸਤਾਨ ਵਿੱਚ ਅਤਿਵਾਦੀ ਟਿਕਾਣਿਆਂ ’ਤੇ ਕਾਰਵਾਈ ਕੀਤੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਹਮੇਸ਼ਾ ਦਹਿਸ਼ਤੀ ਕਾਰਵਾਈਆਂ ਕਰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੀ ਫੌਜ ਵਿੱਚ ਵਿਸ਼ਵਾਸ ਰੱਖਣਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੀ ਫੌਜ ’ਤੇ ਮਾਣ ਹੈ। ਫੌਜ ਨੇ ਪਾਕਿਸਤਾਨ ਦੇ ਹਰ ਹਮਲੇ ਨੂੰ ਨਕਾਮ ਕਰ ਦਿੱਤਾ ਹੈ ਅਤੇ ਲੋਕ ਪੂਰੀ ਤਰ੍ਹਾਂ ਸੁਰੱਖਿਅਤ ਹਨ।