ਗੁਰਦਾਸਪੁਰ ਲਾਠੀਚਾਰਜ ਵਿਰੁੱਧ ਕਿਸਾਨ-ਮਜ਼ਦੂਰ ਜਥੇਬੰਦੀ ਵੱਲੋਂ ਮੁਜ਼ਾਹਰਾ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 11 ਮਾਰਚ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਅੱਜ ਗੁਰਦਾਸਪੁਰ ਜ਼ਿਲ੍ਹੇ ਵਿੱਚ ਭਾਰਤ ਮਾਲਾ ਪ੍ਰਾਜੈਕਟ ਲਈ ਜ਼ਮੀਨਾਂ ਐਕੁਆਇਰ ਕਰਨ ਦੀ ਕੋਸ਼ਿਸ਼ ਦੌਰਾਨ ਪਿੰਡ ਭਰਥ ਅਤੇ ਨੰਗਲ ਝੋਰ ਵਿੱਚ ਕਿਸਾਨਾਂ ’ਤੇ ਲਾਠੀਚਾਰਜ ਦਾ ਵਿਰੋਧ ’ਚ ਸੂਬਾ ਆਗੂ ਸਰਵਣ ਸਿੰਘ ਪੰਧੇਰ ਅਤੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਦੀ ਅਗਵਾਈ ਵਿੱਚ ਅੱਜ ਇੱਥੇ ਸਰਕਾਰ ਦਾ ਪੁਤਲਾ ਫੂਕਿਆ ਗਿਆ।
ਪ੍ਰੈੱਸ ਕਲੱਬ ਅੰਮ੍ਰਿਤਸਰ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਜਿਸ ਤਰ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਧੱਕੇ ਨਾਲ ਹਥਿਆਉਣ ਲਈ ਤਾਕਤ ਦੀ ਵਰਤੋਂ ਕੀਤੀ ਜਾ ਰਹੀ ਹੈ ,ਉਹ ਨਿੰਦਣਯੋਗ ਹੈ। ਉਨ੍ਹਾਂ ਦੱਸਿਆ ਕਿ ਇਸ ਮਸਲੇ ਸਬੰਧੀ ਜਥੇਬੰਦੀ ਵੱਲੋਂ 17 ਮਾਰਚ ਤੋਂ ਡੀਸੀ ਦਫ਼ਤਰ ਗੁਰਦਾਸਪੁਰ ਵਿੱਚ ਪੱਕਾ ਮੋਰਚਾ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਐੱਮਐੱਸਪੀ ਅਤੇ ਹੋਰ ਮੰਗਾਂ ਸਬੰਧੀ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ 17 ਮਾਰਚ ਨੂੰ ਕਿਸਾਨ ਜਥੇਬੰਦੀਆਂ ਅਤੇ ਉੱਘੇ ਬੁੱਧੀਜੀਵੀਆਂ ਵੱਲੋਂ ਸਾਂਝੀ ਕਾਨਫਰੰਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਤੇ ਵੱਖ ਵੱਖ ਬਾਰਡਰਾਂ ’ਤੇ ਚੱਲ ਰਹੇ ਅੰਦੋਲਨ ਵਿੱਚ ਨੌਜਵਾਨਾਂ ਦੇ ਵੱਡੇ ਇੱਕਠ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਬਿਨਾਂ ਯੋਗ ਮੁਆਵਜ਼ਾ ਦਿੱਤੇ ਕਿਸਾਨਾਂ ਦੀ ਜ਼ਮੀਨਾਂ ਨਹੀਂ ਲੈਣ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਫੱਟੜ ਕਿਸਾਨਾਂ ਨੂੰ ਮੁਆਵਜ਼ਾ ਜਾਰੀ ਕਰੇ ਅਤੇ ਕਣਕ ਦੀ ਫਸਲ ਦੇ ਜਾਣ-ਬੁੱਝ ਕੇ ਕੀਤੇ ਗਏ ਨੁਕਸਾਨ ਦੀ ਭਰਪਾਈ ਕਰੇ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਡੀਆਈਜੀ ਬਾਰਡਰ ਰੇਂਜ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।