ਗੁਰਦਾਸਪੁਰ: ਸ਼ਾਨਦਾਰ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ ਦਾ ਸਨਮਾਨ
ਨਿੱਜੀ ਪੱਤਰ ਪ੍ਰੇਰਕ
ਗੁਰਦਾਸਪੁਰ, 6 ਜੂਨ
ਦੇਸ਼ ਦੀ ਸਰਹੱਦ ’ਤੇ ਪੈਦਾ ਹੋਏ ਤਣਾਅਪੂਰਨ ਹਾਲਾਤ ਅਤੇ ਜੰਗ ਵਰਗੇ ਮਾਹੌਲ ਦੌਰਾਨ ਗੁਰਦਾਸਪੁਰ ਜ਼ਿਲ੍ਹੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦੇਣ ਲਈ ਅੱਜ ਇੱਕ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ ਨੇ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ, ਜਿਨ੍ਹਾਂ ਨੇ ਬੇਹੱਦ ਸੰਕਟ ਦੀ ਘੜੀ ਵਿੱਚ ਮਿਸਾਲੀ ਸੇਵਾ ਭਾਵਨਾ ਅਤੇ ਦੇਸ਼ ਭਗਤੀ ਦਾ ਪ੍ਰਦਰਸ਼ਨ ਕੀਤਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਦੋਂ ਸਰਹੱਦ ’ਤੇ ਤਣਾਅ ਵਧਿਆ ਅਤੇ ਸਥਿਤੀ ਗੰਭੀਰ ਹੋ ਗਈ ਤਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਆਪਣੀਆਂ ਜਾਨਾਂ ਦੀ ਪਰਵਾਹ ਕੀਤੇ ਬਿਨਾਂ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਈ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਵਿੱਚ ਜਿਸ ਤਰ੍ਹਾਂ ਦਾ ਸਬਰ, ਹਿੰਮਤ ਅਤੇ ਚੌਕਸੀ ਦਿਖਾਈ ਗਈ ਹੈ, ਉਹ ਸ਼ਲਾਘਾਯੋਗ ਹੈ ਅਤੇ ਇਹ ਸਮਰਪਿਤ ਅਧਿਕਾਰੀ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਹਨ।