ਗੁਰਦੁਆਰਾ ਭੌਰਾ ਸਾਹਿਬ ਤੋਂ ਬਰਾਤ ਰੂਪੀ ਨਗਰ ਕੀਰਤਨ ਸਜਾਇਆ
ਬੀ ਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 1 ਫਰਵਰੀ
ਕਲਗੀਧਰ ਦਸਮੇਸ਼ ਪਿਤਾ ਸਾਹਿਬ ਗੁਰੂ ਗੋਬਿੰਦ ਸਿੰਘ ਅਤੇ ਮਾਤਾ ਜੀਤ ਕੌਰ ਦੇ ਆਨੰਦ ਕਾਰਜ ਵਿਆਹ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਮਨਾਇਆ ਜਾ ਰਿਹਾ ਹੈ। ਇਸ ਮੌਕੇ ਜੋੜ ਮੇਲੇ ਦੇ ਪਹਿਲੇ ਦਿਨ ਗੁਰਦੁਆਰਾ ਗੁਰੂ ਕੇ ਮਹਿਲ (ਭੋਰਾ ਸਾਹਿਬ) ਸ੍ਰੀ ਆਨੰਦਪੁਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ ਅਤੇ ਗੁਰਦੁਆਰਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਵਲੋਂ ਕੀਤੀ ਗਈ। ਇਹ ਨਗਰ ਕੀਰਤਨ ਸ੍ਰੀ ਆਨੰਦਪੁਰ ਸਾਹਿਬ ਦੇ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸਿਹਰਾ ਸਾਹਿਬ ਵਿਖੇ ਰੁਕਿਆ ਜਿੱਥੇ ਸਜੇ ਦੀਵਾਨ ਵਿਚ ਰਾਗੀ-ਢਾਡੀਆਂ ਨੇ ਸੰਗਤ ਨੂੰ ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਨਿਹਾਲ ਕੀਤਾ। ਇਸ ਉਪਰੰਤ ਨਗਰ ਕੀਰਤਨ ਗੁਰਦੁਆਰਾ ਤ੍ਰਿਵੈਣੀ ਸਾਹਿਬ, ਗੁਰਦੁਆਰਾ ਪੌੜ ਸਾਹਿਬ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕਾ ਲਾਹੌਰ ਵਿਖੇ ਸਮਾਪਤ ਹੋਇਆ। ਦਸਮ ਪਿਤਾ ਦੇ ਜਿਸ ਅਸਥਾਨ ਤੇ ਅਨੰਦਕਾਰਜ ਹੋਏ ਸਨ ਉਸ ਅਸਥਾਨ ਤੇ ਅੱਜ ਕੱਲ੍ਹ ਗੁਰਦੁਆਰਾ ਅਨੰਦਕਾਰਜ ਸਾਹਿਬ ਸਥਿਤ ਹੈ ਤੇ ਇਹ ਅਸਥਾਨ ਸ੍ਰੀ ਆਨੰਦਪੁਰ ਸਾਹਿਬ ਤੋਂ 12 ਕਿਲੋਮੀਟਰ ਦੀ ਦੂਰੀ ਤੇ ਗੁਰੂ ਕਾ ਲਾਹੌਰ ਹਿਮਾਚਲ ਪ੍ਰਦੇਸ਼ ਵਿਖੇ ਸਥਿਤ ਹੈ ਤੇ ਹਰ ਸਾਲ ਇਸ ਅਸਥਾਨ ’ਤੇ ਭਾਰੀ ਜੋੜ ਮੇਲਾ ਲਗਦਾ ਹੈ।
ਗੌਰਤਲਬ ਹੈ ਕਿ ਕਿਲਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਸੁੱਚਾ ਸਿੰਘ, ਬਾਬਾ ਸਤਨਾਮ ਸਿੰਘ ਵੱਲੋ ਹਰ ਸਾਲ ਗੁਰੂ ਸਾਹਿਬ ਦੇ ਵਿਆਹ ਪੁਰਬ ਮੌਕੇ ਸੱਤ ਤਰ੍ਹਾਂ ਦੀ ਮਿਠਾਈ ਦਾ ਲੰਗਰ ਲਗਾਇਆ ਜਾਂਦਾ ਹੈ ਜੋ ਕਿ ਵਿਸ਼ੇਸ਼ ਖਿੱਚ ਦਾ ਕੇਂਦਰ ਹੁੰਦਾ ਹੈ।