For the best experience, open
https://m.punjabitribuneonline.com
on your mobile browser.
Advertisement

ਗੁਰੂ ਨਾਨਕ ਜਹਾਜ਼ ਦੀ 111ਵੀਂ ਵਰ੍ਹੇਗੰਢ ’ਤੇ ਸਮਾਗਮ

04:08 AM May 28, 2025 IST
ਗੁਰੂ ਨਾਨਕ ਜਹਾਜ਼ ਦੀ 111ਵੀਂ ਵਰ੍ਹੇਗੰਢ ’ਤੇ ਸਮਾਗਮ
Advertisement

ਹਰਦਮ ਮਾਨ
ਵੈਨਕੂਵਰ : ਕੈਨੇਡਾ ਦੇ ਬਸਤੀਵਾਦ ਅਤੇ ਨਸਲਵਾਦ ਦਾ 111 ਸਾਲ ਪਹਿਲਾਂ ਚੜ੍ਹਦੀ ਕਲਾ ਅਤੇ ਭਾਈਚਾਰਕ ਸਾਂਝ ਨਾਲ ਮੁਕਾਬਲਾ ਕਰਨ ਵਾਲੇ ‘ਗੁਰੂ ਨਾਨਕ ਜਹਾਜ਼ ਦੇ ਮੁਸਾਫਰਾਂ’ ਦੀ ਨਿੱਡਰ ਅਤੇ ਸੁਤੰਤਰ ਹਸਤੀ ਬਾਰੇ ਵੈਨਕੂਵਰ ਸਮੁੰਦਰੀ ਤੱਟ ’ਤੇ ਇੱਕ ਸਮਾਗਮ ਉਲੀਕਿਆ ਗਿਆ। ਇਸ ਵਿੱਚ ਕੈਨੇਡਾ ਵਸਦੀਆਂ ਪੰਜਾਬੀ ਭਾਈਚਾਰੇ ਨਾਲ ਸਬੰਧਤ ਸਿਆਸੀ ਹਸਤੀਆਂ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ, ਉੱਘੀਆਂ ਸ਼ਖ਼ਸੀਅਤਾਂ, ਨੌਜਵਾਨ, ਬੱਚੇ ਅਤੇ ਬਜ਼ੁਰਗ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ।
ਸਮਾਗਮ ਵਿੱਚ ਬੀਸੀ ਖਾਲਸਾ ਦਰਬਾਰ ਵੱਲੋਂ ਹਰਿੰਦਰ ਸਿੰਘ ਸੋਹੀ ਤੇ ਗੁਰੂ ਨਾਨਕ ਜਹਾਜ਼ ਹੈਰੀਟੇਜ ਸੁਸਾਇਟੀ ਵੱਲੋਂ ਬੀਬੀ ਬਲਜੀਤ ਕੌਰ ਨੇ ਸਭ ਦਾ ਸਵਾਗਤ ਕੀਤਾ। ਗੁਰੂ ਨਾਨਕ ਜਹਾਜ਼ ਹੈਰੀਟੇਜ ਸੁਸਾਇਟੀ ਵੱਲੋਂ ਡਾ. ਗੁਰਵਿੰਦਰ ਸਿੰਘ ਨੇ ਕਿਹਾ ਕਿ ਬਾਬਾ ਗੁਰਦਿੱਤ ਸਿੰਘ ਵੱਲੋਂ ਕਿਰਾਏ ’ਤੇ ਲਏ ਗਏ ਸਮੁੰਦਰੀ ਬੇੜੇ ਦਾ ਨਾਂ ਗੁਰੂ ਨਾਨਕ ਜਹਾਜ਼ ਰੱਖਿਆ ਗਿਆ ਸੀ ਅਤੇ ਅੱਗੇ ਤੋਂ ਇਤਿਹਾਸਕਾਰਾਂ, ਮੀਡੀਆਕਾਰਾਂ ਅਤੇ ਸਿਆਸਤਦਾਨਾਂ ਨੂੰ ‘ਗੁਰੂ ਨਾਨਕ ਜਹਾਜ਼’ ਸ਼ਬਦ ਹੀ ਵਰਤਣਾ ਚਾਹੀਦਾ ਹੈ। ਗੁਰੂ ਨਾਨਕ ਜਹਾਜ਼ ਹੈਰੀਟੇਜ ਸੁਸਾਇਟੀ ਦੇ ਰਾਜ ਸਿੰਘ ਭੰਡਾਲ ਨੇ ਗੁਰੂ ਨਾਨਕ ਜਹਾਜ਼ ਨਾਂ ਦੀ ਵਰਤੋਂ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਵੈਨਕੂਵਰ ਸਿਟੀ ਕੌਂਸਲ ਵੱਲੋਂ ਮੁੱਖ ਨਾਮ ਗੁਰੂ ਨਾਨਕ ਜਹਾਜ਼ ਯਾਦਗਾਰੀ ਦਿਹਾੜੇ ਦਾ ਐਲਾਨਨਾਮਾ ਕਰਨ ’ਤੇ ਧੰਨਵਾਦ ਕੀਤਾ।
ਸਮਾਗਮ ਦੇ ਮੁੱਖ ਮਨੋਰਥ ਵਜੋਂ ਗੁਰੂ ਨਾਨਕ ਜਹਾਜ਼ ਦੀ ਮੌਜੂਦਗੀ ਸਬੰਧੀ ਅਹਿਮ ਮਤੇ ਪਾਸ ਕੀਤੇ, ਜਿਨ੍ਹਾਂ ਵਿੱਚ ਕੈਨੇਡਾ ਸਰਕਾਰ ਵੱਲੋਂ ਮੰਗੀ ਗਈ ਮੁਆਫ਼ੀ ਦੀ ਸ਼ਬਦਾਵਲੀ ਸੋਧਣ ਅਤੇ ਉਸ ਵਿੱਚ ਮੁੱਖ ਨਾਂ ‘ਗੁਰੂ ਨਾਨਕ ਜਹਾਜ਼’ ਸ਼ਾਮਲ ਕਰਨ ਤੋਂ ਇਲਾਵਾ ਸ਼ਹੀਦ ਭਾਈ ਮੇਵਾ ਸਿੰਘ ਜੀ ਲੋਪੋਕੇ ਸਬੰਧੀ ਕੈਨੇਡਾ ਦੇ ਇਤਿਹਾਸ ਨੂੰ ਦਰੁਸਤ ਕਰਨ ਅਤੇ ਉਨ੍ਹਾਂ ਦੀ ਢੁੱਕਵੀਂ ਯਾਦ ਸਥਾਪਿਤ ਕਰਨ ਬਾਰੇ ਮੰਗਾਂ ਸ਼ਾਮਲ ਕੀਤੀਆਂ ਗਈਆਂ। ਇਹ ਮਤੇ ਅੰਗਰੇਜ਼ੀ ਵਿੱਚ ਤਜਿੰਦਰਪਾਲ ਸਿੰਘ, ਫਰੈਂਚ ਵਿੱਚ ਸਾਹਿਬ ਕੌਰ ਧਾਲੀਵਾਲ ਅਤੇ ਪੰਜਾਬੀ ਵਿੱਚ ਰਣਦੀਪ ਸਿੰਘ ਸੰਧੂ ਵੱਲੋਂ ਪੜ੍ਹੇ ਗਏ ਅਤੇ ਸਾਰਿਆਂ ਦੀ ਪ੍ਰਵਾਨਗੀ ਲਈ ਗਈ।
ਬੀਸੀ ਦੀਆਂ ਵਿਧਾਇਕਾਂ ਜੈਸੀ ਸੁੰਨੜ ਅਤੇ ਸੁਨੀਤਾ ਧੀਰ ਅਤੇ ਵੈਨਕੂਵਰ ਦੇ ਪਾਰਕ ਬੋਰਡ ਕਮਿਸ਼ਨਰ ਜਸਪ੍ਰੀਤ ਸਿੰਘ ਵਿਰਦੀ ਨੇ ਗੁਰੂ ਨਾਨਕ ਜਹਾਜ਼ ਨਾਂ ਬਹਾਲ ਕਰਨ ’ਤੇ ਸਹਿਮਤੀ ਪ੍ਰਗਟਾਈ। ਵੈਨਕੂਵਰ ਦੀ ਸਕੂਲ ਟਰਸਟੀ ਪ੍ਰੀਤੀ ਫਰੀਦਕੋਟ ਦੀ ਬੱਚੀ ਖੁਸ਼ੀ ਕੌਰ ਨੇ ਗੁਰੂ ਨਾਨਕ ਜਹਾਜ਼ ’ਤੇ ਨਜ਼ਮ ਸੁਣਾਈ। ‘ਗੁਰੂ ਨਾਨਕ ਜਹਾਜ਼’ ਫਿਲਮ ਦੇ ਕਲਾਕਾਰ ਭਞਖੰਡਨ ਸਿੰਘ ਰੱਖੜਾ ਅਤੇ ਅਸ਼ਵਨ ਸਿੰਘ ਨੇ ਫਿਲਮ ਦਾ ਦ੍ਰਿਸ਼ ਪੇਸ਼ ਕਰਕੇ ਲੋਕਾਂ ਦਾ ਮਨ ਮੋਹ ਲਿਆ।
ਗੁਰਦੁਆਰਾ ਬੀਸੀ ਖਾਲਸਾ ਦਰਬਾਰ ਵੈਨਕੂਵਰ ਅਤੇ ਅਕਾਲੀ ਸਿੰਘ ਸਿੱਖ ਸੁਸਾਇਟੀ ਤੋਂ ਇਲਾਵਾ ਗੁਰਦੁਆਰਾ ਦੂਖ ਨਿਵਾਰਨ ਸਰੀ, ਗੁਰੂ ਨਾਨਕ ਗੁਰਦੁਆਰਾ ਸਾਹਿਬ ਸਰੀ ਡੈਲਟਾ, ਖਾਲਸਾ ਦੀਵਾਨ ਸੁਸਾਇਟੀ ਸੁਖ ਸਾਗਰ ਨਿਊ ਵੈਸਟਮਿਨਿਸਟਰ, ਗੁਰੂ ਨਾਨਕ ਨਿਵਾਸ ਗੁਰਦੁਆਰਾ ਰਿਚਮੰਡ, ਗੁਰਦੁਆਰਾ ਦਸਮੇਸ਼ ਦਰਬਾਰ ਸਰੀ, ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਐਬਟਸਫੋਰਡ, ਗੁਰਦੁਆਰਾ ਸਾਹਿਬ ਬੁਕਸਾਈਡ ਸਰੀ, ਨਾਨਕਸਰ ਵਿੱਚ ਰਿਚਮੰਡ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰੀ ਨੇ ਗੁਰੂ ਨਾਨਕ ਜਹਾਜ਼ ਸ਼ਬਦ ਵਰਤਣ ਦਾ ਅਹਿਦ ਲਿਆ।
ਗੁਰਦੁਆਰਾ ਸੰਸਥਾਵਾਂ ਤੋਂ ਇਲਾਵਾ ਪਾਕਿਸਤਾਨ ਦੀ ਰਾਜਸੀ ਸ਼ਖ਼ਸੀਅਤ ਅਤੇ ਸਾਬਕਾ ਪਾਰਲੀਮੈਂਟ ਸਕੱਤਰ ਰਾਏ ਅਜ਼ੀਜ਼ ਉੱਲਾ ਖਾਨ, ਮਨੁੱਖੀ ਅਧਿਕਾਰਾਂ ਦੇ ਕਾਰਕੁੰਨ ਸੁਨੀਲ ਕੁਮਾਰ ਸ਼ਰਮਾ, ਇਮਤਿਆਜ਼ ਪੋਪਟ ਤੇ ਨੌਜਵਾਨ ਵਕੀਲ ਬਲਪ੍ਰੀਤ ਸਿੰਘ ਖਟੜਾ ਸਮੇਤ ਕਈ ਬੁਲਾਰਿਆਂ ਨੇ ਗੁਰੂ ਨਾਨਕ ਜਹਾਜ਼ ਦੀ ਮਹੱਤਤਾ ਬਾਰੇ ਵਿਚਾਰ ਦਿੱਤੇ। ਖਾਲਸਾ ਸਕੂਲ ਦੇ ਸਿੰਘ-ਸਿੰਘਣੀਆਂ ਨੇ ਗੱਤਕੇ ਦੇ ਜੌਹਰ ਦਿਖਾਏ ਅਤੇ ਯੋਧਿਆਂ ਦੀਆਂ ਢਾਡੀ ਵਾਰਾਂ ਸਰਵਣ ਕਰਾਈਆਂ। ਸਿੱਖ ਅਕੈਡਮੀ ਸਰੀ ਦੇ ਬੱਚਿਆਂ ਨੇ ਗੁਰੂ ਨਾਨਕ ਜਹਾਜ਼ ’ਤੇ ਇਕਾਂਗੀ ਪੇਸ਼ ਕੀਤੀ।
ਇਸ ਮੌਕੇ ’ਤੇ ਹਾਜ਼ਰ ਸ਼ਖ਼ਸੀਅਤਾਂ ਵਿੱਚ ਸਿੱਖ ਸੰਸਥਾ ਸਿੱਖ ਹੈਰੀਟੇਜ ਵੈਨਕੂਵਰ ਦੇ ਸੇਵਾਦਾਰ ਤਾਜ ਸਿੰਘ, ਕੌਮਾਗਾਟਾ ਮਾਰੂ ਹੈਰੀਟੇਜ ਫਾਊਂਡੇਸ਼ਨ ਦੇ ਹਰਭਜਨ ਸਿੰਘ ਗਿੱਲ, ਜਗਰੂਪ ਸਿੰਘ ਖੇੜਾ, ਲਾਟ ਭਿੰਡਰ ਐਡਮਿੰਟਨ, ਗੁਰਮੁਖ ਸਿੰਘ ਦਿਓਲ, ਮਨਪ੍ਰੀਤ ਸਿੰਘ ਡਰੋਲੀ, ਕੁਲਬੀਰ ਸਿੰਘ ਬਹਿਨੀਵਾਲ, ਅਵਤਾਰ ਸਿੰਘ ਗਿੱਲ, ਮਨਜੀਤ ਸਿੰਘ ਸੋਹੀ, ਬਲਵੀਰ ਸਿੰਘ ਸੰਘਾ, ਕੇਸਰ ਸਿੰਘ ਕੂਨਰ, ਜਗਤਾਰ ਸਿੰਘ ਸੰਧੂ, ਅਰਸ਼ਬੀਰ ਸਿੰਘ ਮਾਨ, ਅਨੂਪ ਸਿੰਘ ਲੁੱਡੂ, ਕੁਲਵੰਤ ਸਿੰਘ ਜੌਹਲ ਡਾਕਟਰ ਅਵਲੀਨ ਕੌਰ ਤੇ ਅਨੇਕਾਂ ਹੋਰ ਸ਼ਾਮਲ ਸਨ, ਜਦ ਕਿ ਸਿੱਖ ਮੋਟਰ ਸਾਈਕਲ ਸਵਾਰਾਂ ਦੇ ਕਲੱਬਾਂ ਦੇ ਮੋਢੀ ਅਵਤਾਰ ਸਿੰਘ ਢਿੱਲੋਂ ਨੇ ਸਮਾਗਮ ਵਿੱਚ ਵਿਸ਼ੇਸ਼ ਹਾਜ਼ਰੀ ਲਵਾਈ। ਗੁਰੂ ਨਾਨਕ ਜਹਾਜ਼ ਹੈਰੀਟੇਜ ਸੁਸਾਇਟੀ ਵੱਲੋਂ ਉਲੀਕੇ ਇਸ ਪ੍ਰੋਗਰਾਮ ਵਿੱਚ ਬੀਸੀ ਖਾਲਸਾ ਦਰਬਾਰ ਵੈਨਕੂਵਰ ਅਤੇ ਵਣਜਾਰਾ ਨੋਮੈਡ ਕਲੈਕਸ਼ਨਜ਼ ਨੇ ਅਹਿਮ ਭੂਮਿਕਾ ਨਿਭਾਈ। ਸਮਾਗਮ ਦਾ ਸੰਚਾਲਨ ਸਾਹਿਬ ਕੌਰ ਧਾਲੀਵਾਲ ਨੇ ਕੀਤਾ।

Advertisement

Advertisement
Advertisement
Advertisement
Author Image

Balwinder Kaur

View all posts

Advertisement