ਗੁਰੂ ਨਾਨਕ ਦੇਵ ਜੀ ਦੇ ਫਲਸਫ਼ੇ ਬਾਰੇ ਕੌਮਾਂਤਰੀ ਸੈਮੀਨਾਰ

ਬਰਮਿੰਘਮ ਯੂਨੀਵਰਸਿਟੀ ਵਿੱਚ ਹੋਏ ਸਮਾਗਮ ਦੀ ਝਲਕ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 12 ਅਗਸਤ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯੂ. ਕੇ. ਦੀ ਬਰਮਿੰਘਮ ਯੂਨੀਵਰਸਿਟੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਦੇ ਵਿਰਸੇ ਤੇ ਫਲਸਫ਼ੇ ਬਾਰੇ ਕੌਮਾਂਤਰੀ ਸੈਮੀਨਾਰ ਲਗਾਇਆ ਗਿਆ।
ਇਸ ਸੈਮੀਨਾਰ ਵਿਚ ਵੱਖ-ਵੱਖ ਮੁਲਕਾਂ ਤੋਂ ਬੁਲਾਰਿਆਂ ਨੇ ਸ਼ਮੂਲੀਅਤ ਕੀਤੀ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਂਬਰ ਹਰਿੰਦਰਪਾਲ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਦੇ ਫਲਸਫ਼ੇ ਅਤੇ ਜੀਵਨਸ਼ੈਲੀ ਬਾਰੇ ਪਰਚਾ ਪੜ੍ਹਿਆ। ਸੈਮੀਨਾਰ ਵਿਚ ਭਾਈ ਮਹਿੰਦਰ ਸਿੰਘ ਮੁੱਖ ਸੇਵਾਦਾਰ ਗੁਰੂ ਨਾਨਕ ਨਿਸ਼ਕਾਮ ਸੇਵਕ ਜੱਥਾ ਉਚੇਚੇ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਤੋਂ ਇਲਾਵਾ ਸ੍ਰੀ ਨਨਕਾਣਾ ਸਾਹਿਬ ਤੋਂ ਹਰਵਿੰਦਰ ਸਿੰਘ, ਰਣਜੀਤ ਸਿੰਘ ਰਾਣਾ, ਭਗਵਾਨ ਸਿੰਘ ਜੌਹਨ ਅਤੇ ਦਿੱਲੀ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਭਾਟੀਆ ਨੇ ਵੀ ਸ਼ਮੂਲੀਅਤ ਕੀਤੀ। ਹਰਿੰਦਰਪਾਲ ਸਿੰਘ ਨੇ ਦੱਸਿਆ ਕਿ ਸੈਮੀਨਾਰ ਨੂੰ ਲੈ ਕੇ ਸੰਗਤ ਵਿਚ ਵੱਡਾ ਉਤਸ਼ਾਹ ਸੀ ਅਤੇ ਕੌਮਾਂਤਰੀ ਪੱਧਰ ਦਾ ਸੈਮੀਨਾਰ ਬਰਮਿੰਘਮ ਯੂਨੀਵਰਸਿਟੀ ਵਿਚ ਹੋਣਾ ਵੱਡੀ ਅਹਿਮੀਅਤ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਦੇ ਜੀਵਨ ਤੋਂ ਅਸੀਂ ਸਾਰੇ ਸੇਧ ਲੈ ਰਹੇ ਹਾਂ ਅਤੇ ਉਨ੍ਹਾਂ ਵੱਲੋਂ ਵਿਖਾਏ ਰਸਤੇ ‘ਤੇ ਚਲਦਿਆਂ ਸਾਰੀ ਮਨੁੱਖਤਾ ਹੀ ਪਰਮਾਤਮਾ ਦਾ ਓਟ ਤੇ ਆਸਰਾ ਲੈ ਰਹੇ ਹਾਂ।
ਇਸ ਮੌਕੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਮੈਂਬਰ ਗੁਰਮੀਤ ਸਿੰਘ ਭਾਟੀਆ ਨੇ ਗੁਰੂ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿਆਰ ਕਰਵਾਏ ਸੋਨੇ ਦੇ ਸਿੱਕੇ ਉਚੇਚੇ ਤੌਰ ‘ਤੇ ਭਾਈ ਮਹਿੰਦਰ ਸਿੰਘ ਨੂੰ ਸੌਂਪੇ। ਇਸ ਤੋਂ ਇਲਾਵਾ ਸਟ੍ਰੀਟ ਪਰਚਾਰ ਦੇ ਪਰਚੇ ਅਤੇ ਬੈਚ ਵੀ ਸੌਂਪੇ। ਭਾਈ ਮਹਿੰਦਰ ਸਿੰਘ ਨੇ ਇਹ ਸਿੱਕੇ ਹਾਜ਼ਰ ਸੰਗਤ ਵਿੱਚ ਵੰਡੇ। ਸਮਾਗਮ ਵਿਚ ਮੈਂਬਰ ਗੁਰਮੀਤ ਸਿੰਘ ਭਾਟੀਆ ਵੱਲੋਂ ਭਾਈ ਮਹਿੰਦਰ ਸਿੰਘ ਦਾ ਸਨਮਾਨ ਵੀ ਕੀਤਾ ਗਿਆ।