ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਜੂਡੋ ਚੈਂਪੀਅਨਸ਼ਿਪ ਜਿੱਤੀ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 18 ਜਨਵਰੀ
ਆਲ ਇੰਡੀਆ ਇੰਟਰ ਯੂਨੀਵਰਸਿਟੀ ਜੂਡੋ ਚੈਂਪੀਅਨਸ਼ਿਪ ਦੇ ਪੁਰਸ਼ਾਂ ਅਤੇ ਔਰਤਾਂ ਦੋਵਾਂ ਵਰਗਾਂ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ। ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਇਸ ਜਿੱਤ ਦਾ ਸਿਹਰਾ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚਾਂ ਦਿੱਤਾ। ਉਨ੍ਹਾਂ ਖਿਡਾਰੀਆਂ ਨੂੰ ਇਸ ਜਿੱਤ ਦੀ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਯੂਨੀਵਰਸਿਟੀ ਵੱਲੋਂ ਖੇਡ ਸਹੂਲਤਾਂ ਦੇਣ ’ਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਜੀਐੱਨਡੀਯੂ ਦੇ ਖੇਡ ਨਿਰਦੇਸ਼ਕ ਡਾ. ਕੰਵਰ ਮਨਦੀਪ ਸਿੰਘ ਨੇ ਅਥਲੀਟਾਂ, ਕੋਚ ਐਸ. ਹਰਮੀਤ ਸਿੰਘ ਅਤੇ ਪ੍ਰਬੰਧਕ ਕਮੇਟੀ ਨੂੰ ਉਨ੍ਹਾਂ ਦੇ ਸਮਰਪਣ ਅਤੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਂਪਸ ਵਿੱਚ 15 ਤੋਂ 17 ਜਨਵਰੀ ਤੱਕ ਆਲ ਇੰਡੀਆ ਇੰਟਰ-ਯੂਨੀਵਰਸਿਟੀ ਜੂਡੋ ਚੈਂਪੀਅਨਸ਼ਿਪ ਕਰਵਾਈ ਗਈ ਸੀ। ਇਸ ਵਿੱਚ ਦੇਸ਼ ਭਰ ਦੀਆਂ 200 ਤੋਂ ਵੱਧ ਟੀਮਾਂ ਅਤੇ 450 ਖਿਡਾਰੀਆਂ ਨੇ ਹਿੱਸਾ ਲਿਆ। ਇਸ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਮਹਿਲਾ ਟੀਮ 22 ਅੰਕਾਂ ਨਾਲ ਜੇਤੂ ਰਹੀ। ਇਸੇ ਤਰ੍ਹਾਂ ਪੁਰਸ਼ ਟੀਮ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 24 ਅੰਕਾਂ ਨਾਲ ਜਿੱਤ ਹਾਸਲ ਕੀਤੀ।
ਆਲ ਇੰਡੀਆ ਚੈਂਪੀਅਨਸ਼ਿਪ ਵਿੱਚ ਫੁਟਬਾਲ ਟੀਮ ਨੇ ਚਾਂਦੀ ਦਾ ਤਗ਼ਮਾ ਜਿੱਤਿਆ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਮਹਿਲਾ ਫੁਟਬਾਲ ਟੀਮ ਨੇ ਆਲ ਇੰਡੀਆ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਹੈ। ਇਸ ਚੈਂਪੀਅਨਸ਼ਿਪ ਵਿਚ ਦੇਸ਼ ਦੀਆਂ 16 ਯੂਨੀਵਰਸਿਟੀਆਂ ਦੀਆਂ ਟੀਮਾਂ ਵੱਲੋਂ ਹਿੱਸਾ ਲਿਆ ਗਿਆ ਸੀ। ਸਖ਼ਤ ਮੁਕਾਬਲਿਆਂ ਤੋਂ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਮਹਿਲਾ ਫੁਟਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਆਪਣੇ ਨਾਮ ਕੀਤਾ। ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ 2025 ਲਈ ਵੀ ਖਾਤਾ ਖੁੱਲ੍ਹ ਗਿਆ ਹੈ।