ਗੁਰੂ ਨਾਨਕ ’ਵਰਸਿਟੀ ਨੂੰ ਕੇਂਦਰੀ ਦਰਜਾ ਦੇਣ ਦਾ ਹੋਕਾ ਪੰਜਾਬ ਵਿਰੋਧੀ : ਬਡੂੰਗਰ

ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 8 ਅਕਤੂਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਆਖਿਆ ਕਿ ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਦਾ ਦਰਜਾ ਦੇਣ ਦੀ ਮੰਗ ਕਰਨਾ ਬੇਤੁਕਾ ਅਤੇ ਬੇਲੋੜਾ ਬਿਆਨ ਹੈ ਜਿਸ ਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਸਾਬਕਾ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾਂ ਪੰਜਾਬ ਦੇ ਹੱਕਾਂ ਤੇ ਹਿੱਤਾਂ ਨਾਲ ਖਿਲਵਾੜ ਕੀਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਪੰਜਾਬ ਦਾ ਪਾਣੀ, ਰਾਜਧਾਨੀ ਤੇ ਹਾਈ ਕੋਰਟ ਤੱਕ ਖੋਹ ਲਏ ਗਏ ਹਨ, ਜਿਸ ਤਹਿਤ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਵੀ ਕੇਂਦਰ ਸਰਕਾਰ ਦੇ ਹਵਾਲੇ ਕਰਨ ਦੀ ਮੁਹਿੰਮ ਚੱਲੀ ਸੀ, ਜੋ ਲੋਕਾਂ ਦੀ ਮੁਹਿੰਮ ਕਾਰਨ ਸਿਰੇ ਨਹੀਂ ਚੜ੍ਹ ਸਕੀ, ਪਰ ਗੁਰਜੀਤ ਔਜਲਾ ਵੱਲੋਂ ਗੁਰੂ ਨਾਨਕ ਯੂਨੀਵਰਸਿਟੀ ਨੂੰ ਕੇਂਦਰ ਸਰਕਾਰ ਦੇ ਪ੍ਰਬੰਧ ਅਧੀਨ ਕਰਨ ਦਾ ਹੋਕਾ ਦੇਣਾ ਪੰਜਾਬ ਵਿਰੋਧੀ ਹੈ। ਸਾਬਕਾ ਪ੍ਰਧਾਨ ਨੇ ਕਿਹਾ ਕਿ ਸਾਂਸਦ ਗੁਰਜੀਤ ਔਜਲਾ ਅਤੇ ਸੂਬੇ ਦੀ ਕਾਂਗਰਸ ਸਰਕਾਰ ਨੂੰ ਪੰਜਾਬ ਦੀ ਅਣਗਣਿਤ ਸਮੱਸਿਆਵਾਂ ਦਾ ਹੱਲ ਕਰਨ ਪ੍ਰਤੀ ਸੰਜੀਦਾ ਹੋਣਾ ਚਾਹੀਦਾ ਅਤੇ ਬੇਤੁਕੇ ਬਿਆਨ ਦੇਣ ਦਾ ਕੋਈ ਅਰਥ ਨਹੀਂ ਰਹਿ ਜਾਂਦਾ।