ਗੌਰਮਿੰਟ ਟੀਚਰਜ਼ ਯੂਨੀਅਨ ਵੱਲੋਂ 12 ਦੇ ਝੰਡਾ ਮਾਰਚ ਸਬੰਧੀ ਮੀਟਿੰਗ
ਖੇਤਰੀ ਪ੍ਰਤੀਨਿਧ
ਲੁਧਿਆਣਾ, 8 ਜੂਨ
ਗੌਰਮਿੰਟ ਟੀਚਰਜ਼ ਯੂਨੀਅਨ ਲੁਧਿਆਣਾ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ। ਇਸ ਬਾਰੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਭਜੀਤ ਸਿੰਘ ਰਸੂਲਪੁਰ ਨੇ ਦੱਸਿਆ ਕਿ ‘ਆਪ’ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਭਰੋਸਾ ਦਿੱਤਾ ਸੀ ਪਰ ਹਾਲੇ ਤੱਕ ਇਹ ਵਾਅਦਾ ਵਫ਼ਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਲਗਪਗ ਸਾਢੇ ਤਿੰਨ ਸਾਲ ਦਾ ਸਮਾਂ ਬੀਤ ਗਿਆ ਹੈ ਪਰ ਮੁਲਾਜ਼ਮ ਵਰਗ ਦੀ ਹਾਲੇ ਤੱਕ ਕੋਈ ਮੰਗ ਪਰਵਾਨ ਨਹੀਂ ਚੜ੍ਹੀ।
ਮੀਟਿੰਗ ਵਿੱਚ ਸ਼ਾਮਲ ਅਧਿਆਪਕ ਆਗੂਆਂ ਨੇ ਕਿਹਾ ਕਿ ਗੁਜਰਾਤ ਤੇ ਹੋਰ ਸੂਬਿਆਂ ਵਿੱਚ ਹੋਈਆਂ ਵਿਧਾਨ ਸਭਾ ਚੋਣਾ ਵਿੱਚ ਲਾਹਾ ਲੈਣ ਲਈ ਪੰਜਾਬ ਸਰਕਾਰ ਨੇ ਪੈਨਸ਼ਨ ਬਹਾਲ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਲੇਕਿਨ ਇਸ ਨੂੰ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਹੋ ਰਹੀ ਜਿਮਨੀ ਚੋਣ ਦੌਰਾਨ ਇਸ ਸਰਕਾਰ ਦਾ ਮੁਲਾਜ਼ਮ ਵਿਰੋਧੀ ਚਿਹਰਾ ਬੇਨਕਾਬ ਕਰਨ ਲਈ 12 ਜੂਨ ਨੂੰ ਪੁਰਾਣੀ ਪੈਨਸ਼ਨ ਬਹਾਲੀ ਅਤੇ ਹੋਰ ਮੁਲਾਜ਼ਮ ਜੱਥੇਬੰਦੀਆਂ ਵੱਲੋਂ ਵੱਡੇ ਪੱਧਰ ਤੇ ਝੰਡਾ ਮਾਰਚ ਕੱਢਿਆ ਜਾ ਰਿਹਾ ਹੈ ਜਿਸ ਰਾਹੀਂ ਸਰਕਾਰ ਨੂੰ ਉਸ ਵੱਲੋਂ ਕੀਤੇ ਵਾਅਦਿਆਂ ਨੂੰ ਯਾਦ ਕਰਵਾਇਆ ਜਾਵੇਗਾ। ਇਸ ਮੌਕੇ ਮੁਲਾਜ਼ਮ ਆਗੂ ਅਮਨਦੀਪ ਸਿੰਘ ਖੇੜਾ , ਰੋਹਿਤ ਕੁਮਾਰ ਅਵੱਸਥੀ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।